Punjab Politics: ਗੁਰਪੁਰਬ ਮੌਕੇ ਅਕਾਲੀ ਦਲ-BJP ਵਿਚਾਲੇ ਮੁੜ ਸਿਆਸੀ ਸਮਝੌਤਾ, ਗੱਠਜੋੜ ’ਚ ਅਕਾਲੀ ਦਲ ਹੋਵੇਗਾ ਵੱਡਾ ਭਰਾ

Punjab Politics: ਗੁਰਪੁਰਬ ਮੌਕੇ ਅਕਾਲੀ ਦਲ-BJP ਵਿਚਾਲੇ ਮੁੜ ਹੋਇਆ ਗੱਠਜੋੜ, ਅਕਾਲੀ ਦਲ ਨਿਭਾਏਗਾ ‘ਵੱਡੇ ਭਰਾ’ ਦੀ ਭੂਮਿਕਾ; CM ਚਿਹਰਾ ਵੀ ਇਸੇ ਪਾਰਟੀ ਤੋਂ ਹੋਵੇਗਾ

ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (BJP) ਨੇ ਮੁੜ ਇਕੱਠੇ ਹੋਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਇਸ ਐਲਾਨ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਿਆਸੀ ਸਮੀਕਰਨ ਬਣਨ ਦੀ ਚਰਚਾ ਸ਼ੁਰੂ ਹੋ ਗਈ ਹੈ।

ਨਵੀਂ ਦਿੱਲੀ ਵਿੱਚ ਹੋਈ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੱਠਜੋੜ ਦਾ ਐਲਾਨ ਕੀਤਾ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਸਮੇਤ ਦੋਵਾਂ ਪਾਰਟੀਆਂ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੀ।

ਅਕਾਲੀ ਦਲ ਹੋਵੇਗਾ ‘ਵੱਡਾ ਭਰਾ’, ਮੁੱਖ ਮੰਤਰੀ ਦਾ ਚਿਹਰਾ ਵੀ ਇਸੇ ਪਾਰਟੀ ਤੋਂ: ਅਮਿਤ ਸ਼ਾਹ

ਗੱਠਜੋੜ ਦੇ ਐਲਾਨ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ‘ਵੱਡੇ ਭਰਾ’ ਦੀ ਭੂਮਿਕਾ ਨਿਭਾਏਗਾ। ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਗੱਠਜੋੜ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਵੱਡਾ ਭਰਾ ਹੀ ਮੁੱਖ ਮੰਤਰੀ ਦਾ ਚਿਹਰਾ ਹੁੰਦਾ ਹੈ।

ਅਮਿਤ ਸ਼ਾਹ ਦੇ ਇਸ ਬਿਆਨ ਤੋਂ ਸਪੱਸ਼ਟ ਸੰਕੇਤ ਮਿਲੇ ਹਨ ਕਿ ਗੱਠਜੋੜ ਵਿੱਚ ਅਕਾਲੀ ਦਲ ਨੂੰ ਅਹਿਮ ਭੂਮਿਕਾ ਦਿੱਤੀ ਜਾਵੇਗੀ ਅਤੇ ਮੁੱਖ ਮੰਤਰੀ ਦਾ ਚਿਹਰਾ ਵੀ ਇਸੇ ਪਾਰਟੀ ਵੱਲੋਂ ਹੋਵੇਗਾ।

ਗੱਠਜੋੜ ਦੀ ਅਹਿਮੀਅਤ ਬਾਰੇ ਗੱਲ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਦੇ ਮੁੜ ਨਾਲ ਆਉਣ ਨਾਲ ਕਿਸਾਨਾਂ ਦੇ ਮੁੱਦਿਆਂ ਨੂੰ ਹੱਲ ਕਰਨ ਅਤੇ ਹਿੰਦੂ-ਸਿੱਖ ਏਕਤਾ ਨੂੰ ਹੋਰ ਮਜ਼ਬੂਤ ਕਰਨ ਦੇ ਭਾਜਪਾ ਦੇ ਯਤਨਾਂ ਨੂੰ ਬਲ ਮਿਲੇਗਾ।

ਸੁਖਬੀਰ ਬਾਦਲ ਨੇ ਗੱਠਜੋੜ ਨੂੰ ਦੱਸਿਆ ‘ਨਹੁੰ-ਮਾਸ ਦਾ ਰਿਸ਼ਤਾ’

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਵਾਂ ਪਾਰਟੀਆਂ ਦੀ ਮੁੜ ਹੋਈ ਸਾਂਝ ਨੂੰ ਸਿਰਫ਼ ਸਿਆਸੀ ਸਮਝੌਤਾ ਨਾ ਦੱਸਦਿਆਂ ‘ਨਹੁੰ-ਮਾਸ ਦਾ ਰਿਸ਼ਤਾ’ ਕਰਾਰ ਦਿੱਤਾ। ਆਪਣੇ ਸੰਬੋਧਨ ਦੀ ਸ਼ੁਰੂਆਤ ਵਿੱਚ ਉਨ੍ਹਾਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਇਹ ਗੱਠਜੋੜ ਸਿੱਖ ਕੌਮ ਅਤੇ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਸਾਂਝ ਨੇ ਪਹਿਲਾਂ ਵੀ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿੱਚ ਭੂਮਿਕਾ ਨਿਭਾਈ ਹੈ।

ਅਕਾਲੀ ਦਲ ਦੇ ਇਤਿਹਾਸ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 106 ਸਾਲ ਪੁਰਾਣੀ ਜਥੇਬੰਦੀ ਹੈ ਅਤੇ ਪੰਜਾਬ, ਦੇਸ਼ ਤੇ ਸਿੱਖ ਕੌਮ ਦੇ ਵੱਖ-ਵੱਖ ਮੁੱਦਿਆਂ ਅਤੇ ਸੰਘਰਸ਼ਾਂ ਵਿੱਚ ਇਸ ਦਾ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਉਮੀਦ ਜਤਾਈ ਕਿ ਦੋਵਾਂ ਪਾਰਟੀਆਂ ਦੀ ਮੁੜ ਹੋਈ ਸਾਂਝ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਸਹਾਈ ਹੋਵੇਗੀ।

ਨਿਤਿਨ ਨਬੀਨ ਨੇ ਗੱਠਜੋੜ ਨੂੰ ਦੱਸਿਆ ਸੁਭਾਵਿਕ ਸਾਂਝ

ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਵੀ ਅਕਾਲੀ ਦਲ ਨਾਲ ਮੁੜ ਗੱਠਜੋੜ ’ਤੇ ਖੁਸ਼ੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਹ ਸਾਂਝ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਸੂਬੇ ਵਿੱਚ ਹਿੰਦੂ-ਸਿੱਖ ਭਾਈਚਾਰਕ ਏਕਤਾ ਨੂੰ ਮਜ਼ਬੂਤ ਕਰਨ ਲਈ ਇੱਕ ਸੁਭਾਵਿਕ ਗੱਠਜੋੜ ਹੈ।

ਕਿਸਾਨ ਅੰਦੋਲਨ ਦੌਰਾਨ 2020 ਵਿੱਚ ਟੁੱਟਿਆ ਸੀ ਗੱਠਜੋੜ

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਕਈ ਦਹਾਕਿਆਂ ਪੁਰਾਣਾ ਗੱਠਜੋੜ ਸਾਲ 2020 ਵਿੱਚ ਕਿਸਾਨ ਅੰਦੋਲਨ ਦੌਰਾਨ ਟੁੱਟ ਗਿਆ ਸੀ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਕਾਲੀ ਦਲ ਨੇ ਭਾਜਪਾ ਨਾਲੋਂ ਆਪਣਾ ਨਾਤਾ ਤੋੜ ਲਿਆ ਸੀ।

ਹੁਣ ਕਰੀਬ ਛੇ ਸਾਲਾਂ ਬਾਅਦ ਦੋਵਾਂ ਪਾਰਟੀਆਂ ਨੇ ਮੁੜ ਹੱਥ ਮਿਲਾ ਲਿਆ ਹੈ। ਇਸ ਨਵੇਂ ਗੱਠਜੋੜ ਵਿੱਚ ਅਕਾਲੀ ਦਲ ਨੂੰ ਵੱਡੇ ਭਰਾ ਦੀ ਭੂਮਿਕਾ ਦੇਣ ਅਤੇ ਮੁੱਖ ਮੰਤਰੀ ਦਾ ਚਿਹਰਾ ਵੀ ਇਸੇ ਪਾਰਟੀ ਤੋਂ ਹੋਣ ਦੇ ਸੰਕੇਤਾਂ ਨੇ ਪੰਜਾਬ ਦੀ ਆਗਾਮੀ ਸਿਆਸਤ ਨੂੰ ਲੈ ਕੇ ਚਰਚਾ ਤੇਜ਼ ਕਰ ਦਿੱਤੀ ਹੈ।