Rajpal Yadav Cheque Bounce Case: ਸੁਪਰੀਮ ਕੋਰਟ ਨੇ 2 ਕਰੋੜ ਜਮ੍ਹਾ ਕਰਵਾਉਣ ਲਈ ਦਿੱਤਾ ਆਖ਼ਰੀ ਮੌਕਾ
ਨਵੀਂ ਦਿੱਲੀ: ਚੈੱਕ ਬਾਊਂਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਅਦਾਕਾਰ ਰਾਜਪਾਲ ਯਾਦਵ ਨੂੰ ਨਿੱਜੀ ਕੰਪਨੀ ਦੀ ਬਕਾਇਆ ਰਕਮ ਅਦਾ ਕਰਨ ਲਈ ਦੋ ਹਫ਼ਤਿਆਂ ਦਾ ਆਖ਼ਰੀ ਮੌਕਾ ਦਿੱਤਾ ਹੈ। ਅਦਾਲਤ ਨੇ ਉਨ੍ਹਾਂ ਨੂੰ ਆਪਣੀ ਰਜਿਸਟਰੀ ਵਿੱਚ 2 ਕਰੋੜ ਰੁਪਏ ਜਮ੍ਹਾ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।
ਚੀਫ਼ ਜਸਟਿਸ ਆਫ਼ ਇੰਡੀਆ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਸੁਣਵਾਈ ਦੌਰਾਨ ਰਾਜਪਾਲ ਯਾਦਵ ਦੇ ਪਿਛਲੇ ਵਿਹਾਰ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਅਦਾਲਤ ਦੇ ਪਹਿਲਾਂ ਦਿੱਤੇ ਹੁਕਮਾਂ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ ਗਈ। ਬੈਂਚ ਨੇ ਕਿਹਾ ਕਿ ਅਦਾਕਾਰ ਨੂੰ ਹੁਣ ਹੁਕਮ ਦੀ ਪਾਲਣਾ ਕਰਨ ਲਈ ਆਖ਼ਰੀ ਮੌਕੇ ਵਜੋਂ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਜਾ ਰਿਹਾ ਹੈ।
ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਸ਼ਮੂਲੀਅਤ ਵਾਲੇ ਇਸ ਬੈਂਚ ਨੇ ਰਾਜਪਾਲ ਯਾਦਵ ਨੂੰ ਆਤਮ ਸਮਰਪਣ ਤੋਂ ਮਿਲੀ ਛੋਟ ਵੀ ਅਗਲੀ ਸੁਣਵਾਈ ਤੱਕ ਜਾਰੀ ਰੱਖੀ ਹੈ।
ਦੋ ਕਰੋੜ ਜਮ੍ਹਾ ਕਰਵਾਉਣ ਦਾ ਭਰੋਸਾ
ਸੁਣਵਾਈ ਦੌਰਾਨ ਰਾਜਪਾਲ ਯਾਦਵ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਪੀ.ਐਸ. ਪਟਵਾਲੀਆ ਨੇ ਬਕਾਇਆ ਰਕਮ ਦੀ ਅਦਾਇਗੀ ਲਈ ਠੋਸ ਪ੍ਰਸਤਾਵ ਪੇਸ਼ ਕਰਨ ਵਾਸਤੇ ਦੋ ਹਫ਼ਤਿਆਂ ਦਾ ਸਮਾਂ ਮੰਗਿਆ। ਉਨ੍ਹਾਂ ਅਦਾਲਤ ਨੂੰ ਭਰੋਸਾ ਦਿਵਾਇਆ ਕਿ ਯਾਦਵ ਆਪਣੀ ਨੀਅਤ ਸਾਬਤ ਕਰਨ ਲਈ 2 ਕਰੋੜ ਰੁਪਏ ਜਮ੍ਹਾ ਕਰਵਾਉਣਗੇ।
ਵਕੀਲ ਨੇ ਇਹ ਵੀ ਦੱਸਿਆ ਕਿ ਰਾਜਪਾਲ ਯਾਦਵ ਪਹਿਲਾਂ ਹੀ ਕਰੀਬ ਸਾਢੇ ਚਾਰ ਮਹੀਨੇ ਜੇਲ੍ਹ ਵਿੱਚ ਬਿਤਾ ਚੁੱਕੇ ਹਨ ਅਤੇ ਮਨੋਰੰਜਨ ਜਗਤ ਨਾਲ ਜੁੜੇ ਉਨ੍ਹਾਂ ਦੇ ਦੋਸਤਾਂ ਵੱਲੋਂ ਜ਼ਮਾਨਤ ਦਾ ਪ੍ਰਬੰਧ ਕੀਤਾ ਗਿਆ ਸੀ।
ਦੂਜੇ ਪਾਸੇ ਸ਼ਿਕਾਇਤਕਰਤਾ ਐੱਮ/ਐੱਸ ਮੁਰਲੀ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਜੀਤ ਸਿਨਹਾ ਨੇ ਕਿਹਾ ਕਿ ਕੰਪਨੀ ਦੀ ਮੁੱਖ ਚਿੰਤਾ ਬਕਾਇਆ ਰਕਮ ਦੀ ਵਸੂਲੀ ਨੂੰ ਲੈ ਕੇ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਾਜਪਾਲ ਯਾਦਵ ਵੱਲੋਂ ਪਹਿਲਾਂ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ।
7 ਚੈੱਕ ਹੋਏ ਸਨ ਬਾਊਂਸ
ਇਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਨੇ 10 ਜੁਲਾਈ ਨੂੰ ਰਾਜਪਾਲ ਯਾਦਵ ਦੀ ਦੋਸ਼ਸਿੱਧੀ ਨੂੰ ਬਰਕਰਾਰ ਰੱਖਦਿਆਂ ਉਨ੍ਹਾਂ ਨੂੰ ਤਿੰਨ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਸੀ। ਮਾਮਲਾ ਕਈ ਚੈੱਕਾਂ ਦੇ ਬਾਊਂਸ ਹੋਣ ਨਾਲ ਸਬੰਧਤ ਹੈ।
ਸ਼ਿਕਾਇਤਕਰਤਾ ਦੇ ਅਨੁਸਾਰ, ਸਾਲ 2013 ਵਿੱਚ ਰਾਜਪਾਲ ਯਾਦਵ ਨੇ 2010 ਵਿੱਚ ਬਣੀ ਇੱਕ ਫ਼ਿਲਮ ਲਈ ਕਥਿਤ ਤੌਰ ’ਤੇ ਲਏ ਗਏ 5 ਕਰੋੜ ਰੁਪਏ ਦੇ ਵਿੱਤੀ ਪ੍ਰਬੰਧ ਨੂੰ ਨਿਪਟਾਉਣ ਲਈ 1.05 ਕਰੋੜ ਰੁਪਏ ਦੇ ਸੱਤ ਚੈੱਕ ਜਾਰੀ ਕੀਤੇ ਸਨ। ਕੰਪਨੀ ਦਾ ਦਾਅਵਾ ਹੈ ਕਿ ਇਹ ਸਾਰੇ ਚੈੱਕ ਬਾਊਂਸ ਹੋ ਗਏ।
ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ 2012 ਵਿੱਚ ਦੋਵੇਂ ਧਿਰਾਂ ਵਿਚਕਾਰ ਹੋਏ ਸਮਝੌਤੇ ਤਹਿਤ ਰਾਜਪਾਲ ਯਾਦਵ, ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੀ ਕੰਪਨੀ ਨੇ ਵਿਆਜ ਸਮੇਤ ਕਰੀਬ 11 ਕਰੋੜ ਰੁਪਏ ਵਾਪਸ ਕਰਨ ਲਈ ਸਹਿਮਤੀ ਦਿੱਤੀ ਸੀ।
ਹੁਣ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਦੋ ਹਫ਼ਤਿਆਂ ਦੇ ਸਮੇਂ ਦੌਰਾਨ 2 ਕਰੋੜ ਰੁਪਏ ਜਮ੍ਹਾ ਕਰਵਾਉਣਾ ਅਤੇ ਬਕਾਇਆ ਰਕਮ ਦੀ ਅਦਾਇਗੀ ਸਬੰਧੀ ਠੋਸ ਪ੍ਰਸਤਾਵ ਪੇਸ਼ ਕਰਨਾ ਰਾਜਪਾਲ ਯਾਦਵ ਲਈ ਅਹਿਮ ਹੋਵੇਗਾ।







