RSS ਮੁਖੀ ਮੋਹਨ ਭਾਗਵਤ ਨੇ ਲੰਡਨ ਦੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ

ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੇ ਲੰਡਨ ਸਥਿਤ ਭਾਰਤ ਤੋਂ ਬਾਹਰ ਦੇ ਸਭ ਤੋਂ ਪੁਰਾਣੇ ਗੁਰਦੁਆਰਿਆਂ ਵਿੱਚੋਂ ਇੱਕ ਖਾਲਸਾ ਜੱਥਾ ਬ੍ਰਿਟਿਸ਼ ਆਈਲਜ਼ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਬ੍ਰਿਟਿਸ਼ ਸਿੱਖ ਭਾਈਚਾਰੇ ਦੇ ਲੋਕਾਂ ਨਾਲ ਵੀ ਮੁਲਾਕਾਤ ਕਰਕੇ ਗੱਲਬਾਤ ਕੀਤੀ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਐਤਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ।

ਅਮਰੀਕਾ ਅਤੇ ਕੈਨੇਡਾ ਦੇ ਦੌਰੇ ਤੋਂ ਬਾਅਦ ਆਪਣੀ ਵਿਦੇਸ਼ ਯਾਤਰਾ ਦੇ ਆਖ਼ਰੀ ਪੜਾਅ ਵਜੋਂ ਬ੍ਰਿਟੇਨ ਪਹੁੰਚੇ ਮੋਹਨ ਭਾਗਵਤ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ। ਵਿਲਸਡਨ ਸਥਿਤ ਇਸ ਗੁਰਦੁਆਰੇ ਦੀ ਸਥਾਪਨਾ 1908 ਵਿੱਚ ਹੋਈ ਸੀ ਅਤੇ ਇਸ ਨੂੰ ਭਾਰਤ ਤੋਂ ਬਾਹਰ ਦੇ ਪੁਰਾਣੇ ਸਿੱਖ ਧਾਰਮਿਕ ਅਸਥਾਨਾਂ ਵਿੱਚ ਗਿਣਿਆ ਜਾਂਦਾ ਹੈ।

ਵਿਕਰਮਜੀਤ ਸਿੰਘ ਸਾਹਨੀ ਮੁਤਾਬਕ, ਭਾਗਵਤ ਨੇ ਗੁਰਦੁਆਰਾ ਸਾਹਿਬ ਵਿਖੇ ਰੁਮਾਲਾ ਸਾਹਿਬ ਭੇਟ ਕੀਤਾ ਅਤੇ ਕੜਾਹ ਪ੍ਰਸ਼ਾਦ ਵੀ ਲਿਆ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕਾਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਸਾਹਨੀ ਨੇ ਕਿਹਾ ਕਿ ਸਿੱਖ ਪਰੰਪਰਾ ਅਨੁਸਾਰ ਗੁਰੂ ਘਰ ਦੇ ਦਰਵਾਜ਼ੇ ਹਰ ਉਸ ਸ਼ਰਧਾਲੂ ਲਈ ਖੁੱਲ੍ਹੇ ਹਨ, ਜੋ ਨਿਮਰਤਾ ਨਾਲ ਅਰਦਾਸ ਕਰਨ ਅਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਆਉਂਦਾ ਹੈ।

ਮੋਹਨ ਭਾਗਵਤ ਨੇ ਲੰਡਨ ਦੇ ਵਿਲਸਡਨ ਇਲਾਕੇ ਵਿੱਚ ਸਥਿਤ ਸ੍ਰੀ ਸਵਾਮੀਨਾਰਾਇਣ ਮੰਦਰ ਦੇ ਵੀ ਦਰਸ਼ਨ ਕੀਤੇ। ਉੱਥੇ ਉਸ ਸਮੇਂ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ।

ਬ੍ਰਿਟੇਨ ਦੌਰੇ ਦੌਰਾਨ ਭਾਗਵਤ ਲੰਡਨ ਦੇ ਇੱਕ ਕਮਿਊਨਿਟੀ ਸੈਂਟਰ ਵਿੱਚ ਹੋਣ ਵਾਲੇ ਇੱਕ ਵੱਡੇ ਜਨਤਕ ਸਮਾਗਮ ਨੂੰ ਵੀ ਸੰਬੋਧਨ ਕਰਨਗੇ। ‘ਏਕਤਾ ਦਾ ਉਤਸਵ’ ਨਾਮਕ ਇਸ ਪ੍ਰੋਗਰਾਮ ਨੂੰ ਉਨ੍ਹਾਂ ਦੇ ਦੌਰੇ ਦਾ ਪ੍ਰਮੁੱਖ ਜਨਤਕ ਸਮਾਗਮ ਦੱਸਿਆ ਜਾ ਰਿਹਾ ਹੈ।

ਮੋਹਨ ਭਾਗਵਤ ਦੀ ਵਿਦੇਸ਼ ਯਾਤਰਾ ਸੋਮਵਾਰ ਨੂੰ ਖ਼ਤਮ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਉਹ ਭਾਰਤ ਵਾਪਸ ਪਰਤਣਗੇ।