SGPC Action: ਵਧੀਕ ਹੈੱਡ ਗ੍ਰੰਥੀ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ

SGPC Employee Suspension: ਐਡੀਸ਼ਨਲ ਹੈੱਡ ਗ੍ਰੰਥੀ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ

ਅੰਮ੍ਰਿਤਸਰ: ਮੀਡੀਆ ਰਿਪੋਰਟਾਂ ਵਿੱਚ ਸਾਹਮਣੇ ਆਏ ਇੱਕ ਕਥਿਤ ਅਨੈਤਿਕ ਮਾਮਲੇ ਵਿੱਚ ਨਾਮ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਡਰਾਈਵਰ ਮੋਹਣ ਸਿੰਘ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਕੀਤੀ ਗਈ ਹੈ।

ਐੱਸਜੀਪੀਸੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਮੀਡੀਆ ਰਾਹੀਂ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਦੋਵਾਂ ਕਰਮਚਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਗਈ। ਉਨ੍ਹਾਂ ਮੁਤਾਬਕ, ਦੋਵਾਂ ਨੂੰ ਸੇਵਾ ਤੋਂ ਮੁਅੱਤਲ ਕਰਦਿਆਂ ਮਾਮਲੇ ਦੀ ਵਿਸਥਾਰਤ ਜਾਂਚ ਲਈ ਫਲਾਇੰਗ ਵਿਭਾਗ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਮੁੱਖ ਸਕੱਤਰ ਨੇ ਕਿਹਾ ਕਿ ਐੱਸਜੀਪੀਸੀ ਆਪਣੀ ਸੰਸਥਾ ਨਾਲ ਜੁੜੇ ਕਰਮਚਾਰੀਆਂ ਦੇ ਆਚਰਨ ਨੂੰ ਲੈ ਕੇ ਗੰਭੀਰ ਹੈ ਅਤੇ ਕਿਸੇ ਵੀ ਮੁਲਾਜ਼ਮ ਦਾ ਨਾਮ ਜੇਕਰ ਅਨੈਤਿਕ ਗਤੀਵਿਧੀ ਨਾਲ ਜੁੜਦਾ ਹੈ ਤਾਂ ਮਾਮਲੇ ਦੀ ਪੂਰੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਐੱਸਜੀਪੀਸੀ ਵੱਲੋਂ ਕਿਹਾ ਗਿਆ ਹੈ ਕਿ ਮੁਅੱਤਲੀ ਦੇ ਨਾਲ ਮਾਮਲੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ, ਤਾਂ ਜੋ ਘਟਨਾ ਨਾਲ ਸਬੰਧਤ ਸਾਰੇ ਤੱਥ ਸਪੱਸ਼ਟ ਹੋ ਸਕਣ।

ਦੱਸਣਯੋਗ ਹੈ ਕਿ ਇਸ ਮਾਮਲੇ ਨਾਲ ਜੁੜੀਆਂ ਰਿਪੋਰਟਾਂ ਵਿੱਚ ਐੱਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਦਾ ਨਾਮ ਵੀ ਸਾਹਮਣੇ ਆਇਆ ਹੈ। ਮਾਮਲੇ ਨਾਲ ਜੁੜੇ ਦੋਸ਼ਾਂ ਅਤੇ ਹੋਰ ਤੱਥਾਂ ਦੀ ਪੁਸ਼ਟੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋਵੇਗੀ।