UAE Bus Accident: ਸੰਯੁਕਤ ਅਰਬ ਅਮੀਰਾਤ ’ਚ ਭਿਆਨਕ ਸੜਕ ਹਾਦਸਾ, 13 ਲੋਕਾਂ ਦੀ ਮੌਤ; ਮ੍ਰਿਤਕਾਂ ’ਚ ਭਾਰਤੀ ਨਾਗਰਿਕ ਵੀ ਸ਼ਾਮਲ

UAE Bus Accident: ਯੂਏਈ ’ਚ ਭਿਆਨਕ ਬੱਸ ਹਾਦਸਾ, 13 ਲੋਕਾਂ ਦੀ ਮੌਤ; ਮ੍ਰਿਤਕਾਂ ’ਚ ਭਾਰਤੀ ਨਾਗਰਿਕ ਵੀ ਸ਼ਾਮਲ

ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ ਅਲ ਖ਼ੈਮਾ ਵਿੱਚ ਮੰਗਲਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਸਵਾਰੀਆਂ ਨਾਲ ਭਰੀ ਇੱਕ ਬੱਸ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ, ਜਦਕਿ 14 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਭਾਰਤੀ ਨਾਗਰਿਕ ਵੀ ਸ਼ਾਮਲ ਹਨ। ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਭਾਰਤੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ, ਹਾਲਾਂਕਿ ਮਾਰੇ ਗਏ ਭਾਰਤੀਆਂ ਦੀ ਸਹੀ ਗਿਣਤੀ ਬਾਰੇ ਅਜੇ ਜਾਣਕਾਰੀ ਨਹੀਂ ਦਿੱਤੀ ਗਈ।

ਭਾਰਤੀ ਕੌਂਸਲੇਟ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇਸ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਰਾਸ ਅਲ ਖ਼ੈਮਾ ਵਿੱਚ ਵਾਪਰੇ ਹਾਦਸੇ ਵਿੱਚ ਭਾਰਤੀ ਨਾਗਰਿਕਾਂ ਸਮੇਤ ਕਈ ਲੋਕਾਂ ਦੀ ਜਾਨ ਜਾਣ ਕਾਰਨ ਉਹ ਬੇਹੱਦ ਦੁਖੀ ਹੈ। ਕੌਂਸਲੇਟ ਮੁਤਾਬਕ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਸਥਾਨਕ ਅਧਿਕਾਰੀਆਂ ਦੇ ਸਹਿਯੋਗ ਨਾਲ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੀ ਪਛਾਣ ਅਤੇ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।

41 ਸਵਾਰੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਟੱਕਰ

ਯੂਏਈ ਦੇ ਗ੍ਰਹਿ ਮੰਤਰਾਲੇ ਮੁਤਾਬਕ ਇਹ ਹਾਦਸਾ ਅਲ ਵਤਨ ਰੋਡ ’ਤੇ ਵਾਪਰਿਆ। ਖਲੀਜ ਟਾਈਮਜ਼ ਦੀ ਰਿਪੋਰਟ ਅਨੁਸਾਰ ਹਾਦਸੇ ਸਮੇਂ ਬੱਸ ਵਿੱਚ ਕੁੱਲ 41 ਲੋਕ ਸਵਾਰ ਸਨ। ਬੱਸ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾਈ, ਜਿਸ ਕਾਰਨ ਕਈ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਬਚਾਅ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਸ਼ੁਰੂਆਤੀ ਰਿਪੋਰਟਾਂ ਵਿੱਚ ਮੌਤਾਂ ਦੀ ਗਿਣਤੀ 11 ਦੱਸੀ ਗਈ ਸੀ, ਪਰ ਇਲਾਜ ਦੌਰਾਨ ਦੋ ਹੋਰ ਜ਼ਖ਼ਮੀਆਂ ਦੀ ਮੌਤ ਹੋਣ ਕਾਰਨ ਇਹ ਅੰਕੜਾ ਵਧ ਕੇ 13 ਹੋ ਗਿਆ।

ਫੁਜੈਰਾਹ ਸੜਕ ਹਾਦਸੇ ’ਚ ਵੀ ਗਈ ਸੀ 4 ਭਾਰਤੀਆਂ ਦੀ ਜਾਨ

ਜ਼ਿਕਰਯੋਗ ਹੈ ਕਿ ਇਹ ਹਾਦਸਾ ਯੂਏਈ ਦੇ ਫੁਜੈਰਾਹ ਵਿੱਚ 13 ਨਵੰਬਰ ਨੂੰ ਵਾਪਰੇ ਇੱਕ ਹੋਰ ਵੱਡੇ ਸੜਕ ਹਾਦਸੇ ਤੋਂ ਕੁਝ ਦਿਨਾਂ ਬਾਅਦ ਹੋਇਆ ਹੈ। ਉਸ ਹਾਦਸੇ ਵਿੱਚ 23 ਵਾਹਨਾਂ ਦੀ ਆਪਸ ਵਿੱਚ ਟੱਕਰ ਹੋ ਗਈ ਸੀ, ਜਿਸ ਕਾਰਨ 14 ਲੋਕਾਂ ਦੀ ਮੌਤ ਹੋ ਗਈ ਸੀ। ਮ੍ਰਿਤਕਾਂ ਵਿੱਚ ਚਾਰ ਭਾਰਤੀ ਨਾਗਰਿਕ ਵੀ ਸ਼ਾਮਲ ਸਨ। ਇਸ ਤੋਂ ਇਲਾਵਾ 30 ਤੋਂ ਵੱਧ ਲੋਕ ਜ਼ਖ਼ਮੀ ਹੋਏ ਸਨ, ਜਿਨ੍ਹਾਂ ਵਿੱਚ ਸੱਤ ਭਾਰਤੀ ਵੀ ਸਨ।

ਭਾਰਤੀ ਕੌਂਸਲੇਟ ਵੱਲੋਂ 24 ਘੰਟੇ ਹੈਲਪਲਾਈਨ ਜਾਰੀ

ਹਾਦਸੇ ਤੋਂ ਬਾਅਦ ਦੁਬਈ ਸਥਿਤ ਭਾਰਤੀ ਕੌਂਸਲੇਟ ਵੱਲੋਂ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ 24 ਘੰਟੇ ਚੱਲਣ ਵਾਲਾ ਟੌਲ-ਫ੍ਰੀ ਹੈਲਪਲਾਈਨ ਨੰਬਰ 800-46342 ਜਾਰੀ ਕੀਤਾ ਗਿਆ ਹੈ। ਹਾਦਸੇ ਵਿੱਚ ਮਾਰੇ ਗਏ ਭਾਰਤੀਆਂ ਦੇ ਪਰਿਵਾਰਕ ਮੈਂਬਰ ਅਤੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੀ ਲੋੜ ਵਾਲੇ ਲੋਕ ਇਸ ਨੰਬਰ ’ਤੇ ਸੰਪਰਕ ਕਰ ਸਕਦੇ ਹਨ।