Ukraine Attack: ਰੂਸੀ ਹਮਲਿਆਂ ’ਚ 12 ਮੌਤਾਂ, ਇੱਕ ਭਾਰਤੀ ਨਾਗਰਿਕ ਵੀ ਸ਼ਾਮਲ
ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਮੰਗਲਵਾਰ ਨੂੰ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਏ ਤਾਜ਼ਾ ਰੂਸੀ ਹਮਲਿਆਂ ਦੌਰਾਨ 12 ਲੋਕਾਂ ਦੀ ਜਾਨ ਚਲੀ ਗਈ ਹੈ। ਮ੍ਰਿਤਕਾਂ ਵਿੱਚ ਇੱਕ ਭਾਰਤੀ ਨਾਗਰਿਕ ਵੀ ਸ਼ਾਮਲ ਦੱਸਿਆ ਗਿਆ ਹੈ। ਹਮਲਿਆਂ ਦੌਰਾਨ ਡਰੋਨਾਂ ਅਤੇ ਬੈਲਿਸਟਿਕ ਮਿਜ਼ਾਈਲਾਂ ਦੀ ਵਰਤੋਂ ਕੀਤੀ ਗਈ, ਜਿਸ ਨਾਲ ਰਿਹਾਇਸ਼ੀ ਇਮਾਰਤਾਂ ਸਮੇਤ ਨਾਗਰਿਕ ਬੁਨਿਆਦੀ ਢਾਂਚੇ ਨੂੰ ਵੀ ਨੁਕਸਾਨ ਪਹੁੰਚਿਆ।
ਜ਼ੇਲੇਂਸਕੀ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸੋਮਵਾਰ ਸ਼ਾਮ ਤੋਂ ਓਡੇਸਾ ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਰੂਸੀ ਹਮਲੇ ਜਾਰੀ ਹਨ। ਗਾਈਡਡ ਏਰੀਅਲ ਬੰਬਾਂ ਅਤੇ ਡਰੋਨਾਂ ਨਾਲ ਕੀਤੇ ਗਏ ਹਮਲਿਆਂ ਕਾਰਨ ਹਜ਼ਾਰਾਂ ਪਰਿਵਾਰਾਂ ਨੂੰ ਬਿਜਲੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਹਮਲਿਆਂ ਵਿੱਚ ਕੁੱਲ 12 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿੱਚ ਇੱਕ ਭਾਰਤੀ ਨਾਗਰਿਕ ਵੀ ਸ਼ਾਮਲ ਹੈ। ਜ਼ੇਲੇਂਸਕੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ।
ਯੂਕਰੇਨੀ ਰਾਸ਼ਟਰਪਤੀ ਮੁਤਾਬਕ ਹਮਲਿਆਂ ਵਿੱਚ ਦਰਜਨਾਂ ਲੋਕ ਜ਼ਖਮੀ ਵੀ ਹੋਏ ਹਨ। ਰੂਸੀ ਹਮਲੇ ਕੀਵ, ਓਡੇਸਾ, ਖੇਰਸਨ, ਡੋਨੇਟਸਕ, ਜ਼ਾਪੋਰਿਝੀਆ, ਖਾਰਕਿਵ, ਚਰਨੀਹਿਵ, ਝੀਟੋਮੀਰ, ਸੁਮੀ ਅਤੇ ਡਨੀਪ੍ਰੋ ਸਮੇਤ ਕਈ ਖੇਤਰਾਂ ਵਿੱਚ ਕੀਤੇ ਗਏ।
ਕੀਵ ਅਤੇ ਬੋਰਿਸਪਿਲ ਵਿੱਚ ਵੀ ਭਾਰੀ ਨੁਕਸਾਨ
ਜ਼ੇਲੇਂਸਕੀ ਨੇ ਦੱਸਿਆ ਕਿ ਕੀਵ ਵਿੱਚ ਇੱਕ ਰੇਲਵੇ ਡਿਪੂ ਨੂੰ ਨਿਸ਼ਾਨਾ ਬਣਾਏ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋਈ। ਇਸ ਤੋਂ ਇਲਾਵਾ ਬੋਰਿਸਪਿਲ ਵਿੱਚ ਇੱਕ ਪੰਜ ਮੰਜ਼ਿਲਾ ਰਿਹਾਇਸ਼ੀ ਇਮਾਰਤ ਨੂੰ ਵੀ ਨੁਕਸਾਨ ਪਹੁੰਚਿਆ। ਇੱਥੋਂ ਲਗਪਗ 50 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।
ਉਨ੍ਹਾਂ ਮੁਤਾਬਕ ਬੋਰਿਸਪਿਲ ਵਿੱਚ ਚਾਰ ਲੋਕਾਂ ਦੀ ਮੌਤ ਹੋਈ, ਜਦਕਿ 13 ਹੋਰ ਜ਼ਖਮੀ ਹੋਏ ਹਨ। ਕੀਵ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਲਈ ਕਰੀਬ 350 ਕਰਮਚਾਰੀ ਤਾਇਨਾਤ ਕੀਤੇ ਗਏ।
ਡਰੋਨਾਂ ਤੇ ਬੈਲਿਸਟਿਕ ਮਿਜ਼ਾਈਲਾਂ ਨਾਲ ਹਮਲੇ
ਜ਼ੇਲੇਂਸਕੀ ਨੇ ਕਿਹਾ ਕਿ ਰੂਸ ਵੱਲੋਂ ਵੱਡੀ ਗਿਣਤੀ ਵਿੱਚ ਜੈੱਟ-ਪਾਵਰਡ ਡਰੋਨ ਅਤੇ ਬੈਲਿਸਟਿਕ ਮਿਜ਼ਾਈਲਾਂ ਵਰਤੀਆਂ ਗਈਆਂ। ਹਮਲਿਆਂ ਕਾਰਨ ਰਿਹਾਇਸ਼ੀ ਇਮਾਰਤਾਂ ਅਤੇ ਹੋਰ ਨਾਗਰਿਕ ਢਾਂਚਿਆਂ ਨੂੰ ਭਾਰੀ ਨੁਕਸਾਨ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਓਡੇਸਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਡਰੋਨ ਅਤੇ ਗਾਈਡਡ ਏਰੀਅਲ ਬੰਬਾਂ ਨਾਲ ਹਮਲੇ ਜਾਰੀ ਰਹੇ। ਰੋਮਾਨੀਆ ਨਾਲ ਲੱਗਦੀ ਸਰਹੱਦ ਨੇੜੇ ਅਤੇ ਨਿਰਯਾਤ ਨਾਲ ਸਬੰਧਤ ਬੁਨਿਆਦੀ ਢਾਂਚੇ ਨੂੰ ਵੀ ਨੁਕਸਾਨ ਪਹੁੰਚਣ ਦੀ ਗੱਲ ਕਹੀ ਗਈ ਹੈ।
ਯੂਕਰੇਨੀ ਰਾਸ਼ਟਰਪਤੀ ਨੇ ਰੂਸ ’ਤੇ ਨਾਗਰਿਕਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਉਣ ਦਾ ਦੋਸ਼ ਲਗਾਉਂਦਿਆਂ ਯੂਕਰੇਨ ਦੀ ਹਵਾਈ ਰੱਖਿਆ ਸਮਰੱਥਾ ਮਜ਼ਬੂਤ ਕਰਨ ਲਈ ਅੰਤਰਰਾਸ਼ਟਰੀ ਭਾਈਚਾਰੇ ਤੋਂ ਹੋਰ ਸਹਾਇਤਾ ਦੀ ਮੰਗ ਕੀਤੀ ਹੈ।







