ਅਸਤੀਫ਼ੇ ’ਤੇ ਰਾਜਾ ਵੜਿੰਗ ਨੇ ਤੋੜੀ ਚੁੱਪੀ, ਕਿਹਾ—‘ਖ਼ੁਦ ਦਿੱਤਾ ਹੈ’

ਸੰਸਦ ਮੈਂਬਰ ਅਤੇ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਨਵੀਂ ਦਿੱਲੀ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਰਸਮੀ ਅਸਤੀਫ਼ਾ ਸੌਂਪ ਦਿੱਤਾ। ਇਸ ਤੋਂ ਇੱਕ ਦਿਨ ਪਹਿਲਾਂ ਹੀ ਵੜਿੰਗ ਨੇ ਆਪਣੇ ਆਪ ਨੂੰ ‘ਸਾਬਕਾ ਪ੍ਰਧਾਨ’ ਦੱਸ ਦਿੱਤਾ ਸੀ। ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਅਸਤੀਫ਼ੇ ਦੀ ਰਸਮੀ ਕਾਰਵਾਈ ਵੀ ਪੂਰੀ ਕਰ ਦਿੱਤੀ।

ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਮਿਲ ਕੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਅਸਤੀਫ਼ਾ ਸੌਂਪਿਆ ਹੈ, ਜਿਨ੍ਹਾਂ ਦੀ ਅਗਵਾਈ ਹੇਠ ਉਹ ਕਰੀਬ ਸਾਢੇ ਚਾਰ ਸਾਲ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਸਨ।

ਵੜਿੰਗ ਨੇ ਆਪਣੇ ਕਾਰਜਕਾਲ ਦੌਰਾਨ ਦੇ ਤਜਰਬਿਆਂ ਦੇ ਨਾਲ-ਨਾਲ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਪਾਰਟੀ ਸਾਹਮਣੇ ਮੌਜੂਦ ਚੁਣੌਤੀਆਂ ਬਾਰੇ ਵੀ ਰਾਹੁਲ ਗਾਂਧੀ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਜਦੋਂ ਵੀ ਪਾਰਟੀ ਨੂੰ ਉਨ੍ਹਾਂ ਦੀ ਲੋੜ ਹੋਵੇਗੀ, ਉਹ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਮੌਜੂਦ ਰਹਿਣਗੇ।

ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਵਿਅਕਤੀ ਹਮੇਸ਼ਾ ਇੱਕੋ ਅਹੁਦੇ ’ਤੇ ਨਹੀਂ ਰਹਿ ਸਕਦਾ ਅਤੇ ਇੱਕ ਦਿਨ ਹਰ ਕਿਸੇ ਨੇ ਸਾਬਕਾ ਹੋਣਾ ਹੀ ਹੁੰਦਾ ਹੈ।

ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੀ ਅਗਵਾਈ ਵਿੱਚ ਤਬਦੀਲੀ ਨੂੰ ਲੈ ਕੇ ਪਾਰਟੀ ਹਾਈਕਮਾਂਡ ਵੱਲੋਂ ਪਹਿਲਾਂ ਹੀ ਵੜਿੰਗ ਨਾਲ ਗੱਲਬਾਤ ਕੀਤੀ ਜਾ ਚੁੱਕੀ ਸੀ। ਹੁਣ ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਸੂਬਾ ਕਾਂਗਰਸ ਦੇ ਨਵੇਂ ਪ੍ਰਧਾਨ ਦੇ ਐਲਾਨ ਦੀ ਪ੍ਰਕਿਰਿਆ ਅੱਗੇ ਵਧ ਗਈ ਹੈ।