ਅੱਜ ਇਨ੍ਹਾਂ ਮਹਿਲਾਵਾਂ ਦੇ ਖਾਤਿਆਂ ਵਿਚ ਨਹੀਂ ਆਉਣਗੇ ਪੈਸੇ…

ਪੰਜਾਬ ਦੀਆਂ ਲੱਖਾਂ ਔਰਤਾਂ ਲਈ ਅੱਜ ਵੱਡੀ ਖੁਸ਼ਖ਼ਬਰੀ। ਮੁੱਖ ਮੰਤਰੀ ਭਗਵੰਤ ਮਾਨ ਅੱਜ ਪਠਾਨਕੋਟ ਤੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਜਾਰੀ ਕਰਨਗੇ। ਇਸ ਤਹਿਤ ਲਗਭਗ 40 ਲੱਖ ਔਰਤਾਂ ਦੇ ਖਾਤਿਆਂ ਵਿੱਚ ਰਕਮ ਟ੍ਰਾਂਸਫਰ ਕੀਤੀ ਜਾਵੇਗੀ। ਜਨਰਲ ਸ਼੍ਰੇਣੀ ਦੀਆਂ ਯੋਗ ਮਹਿਲਾਵਾਂ ਨੂੰ 3,000 ਰੁਪਏ, ਜਦਕਿ ਐਸਸੀ ਸ਼੍ਰੇਣੀ ਦੀਆਂ ਯੋਗ ਮਹਿਲਾਵਾਂ ਨੂੰ 4,500 ਰੁਪਏ ਮਿਲਣਗੇ।

ਸਰਕਾਰ ਦੇ ਮੁਤਾਬਕ, ਇਸ ਵਾਰ ਉਹ ਮਹਿਲਾਵਾਂ ਲਾਭ ਪ੍ਰਾਪਤ ਕਰਨਗੀਆਂ ਜਿਨ੍ਹਾਂ ਦੀ ਰਜਿਸਟ੍ਰੇਸ਼ਨ ਦੇਰ ਨਾਲ ਹੋਣ ਕਾਰਨ ਪਿਛਲੇ ਮਹੀਨੇ ਭੁਗਤਾਨ ਨਹੀਂ ਹੋ ਸਕਿਆ ਸੀ। ਇਨ੍ਹਾਂ ਲਾਭਪਾਤਰੀਆਂ ਨੂੰ ਤਿੰਨ ਮਹੀਨਿਆਂ ਦੀ ਰਕਮ ਇੱਕੋ ਵਾਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਇਸ ਤੋਂ ਪਹਿਲਾਂ ਕਰੀਬ 32 ਲੱਖ ਮਹਿਲਾਵਾਂ ਨੂੰ ਇਸ ਯੋਜਨਾ ਦਾ ਲਾਭ ਮਿਲ ਚੁੱਕਾ ਹੈ।

‘ਆਪ’ ਸਰਕਾਰ ਦਾ ਦਾਅਵਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਯੋਜਨਾ ਤਹਿਤ ਕਰੀਬ 98 ਲੱਖ ਯੋਗ ਔਰਤਾਂ ਵਿੱਚੋਂ 72 ਲੱਖ ਨੂੰ ਕਵਰ ਕਰ ਲਿਆ ਜਾਵੇਗਾ। ਪੰਜਾਬ ਵਿੱਚ ਕੁੱਲ ਕਰੀਬ 1.02 ਕਰੋੜ ਮਹਿਲਾ ਵੋਟਰ ਹਨ ਅਤੇ ਹਰ ਵਿਧਾਨ ਸਭਾ ਹਲਕੇ ਵਿੱਚ ਔਰਤਾਂ ਦੀ ਹਿੱਸੇਦਾਰੀ 45 ਫੀਸਦੀ ਤੋਂ ਵੱਧ ਹੈ।

ਰਜਿਸਟ੍ਰੇਸ਼ਨ ਦੇ ਅੰਕੜਿਆਂ ਮੁਤਾਬਕ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਹੈ, ਜਿੱਥੇ 5.5 ਲੱਖ ਤੋਂ ਵੱਧ ਰਜਿਸਟ੍ਰੇਸ਼ਨਾਂ ਹੋਈਆਂ ਹਨ, ਜਦਕਿ ਅੰਮ੍ਰਿਤਸਰ ਦੂਜੇ ਸਥਾਨ ‘ਤੇ ਹੈ। ਜੁਲਾਈ ਮਹੀਨੇ ਵਿੱਚ 37 ਲੱਖ ਤੋਂ ਵੱਧ ਅਤੇ ਜੂਨ ਵਿੱਚ ਕਰੀਬ 33 ਲੱਖ ਮਹਿਲਾਵਾਂ ਨੇ ਇਸ ਸਕੀਮ ਲਈ ਅਰਜ਼ੀਆਂ ਦਿੱਤੀਆਂ।

ਇਸ ਦਰਮਿਆਨ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਅਫ਼ਵਾਹਾਂ ਨੂੰ ਖਾਰਜ ਕਰਦਿਆਂ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਪੱਸ਼ਟ ਕੀਤਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ‘ਤੇ ਕੋਈ ਰੋਕ ਨਹੀਂ ਲਗਾਈ ਗਈ। ਉਨ੍ਹਾਂ ਕਿਹਾ ਕਿ ਯੋਜਨਾ ਪਹਿਲਾਂ ਵਾਂਗ ਹੀ ਜਾਰੀ ਹੈ ਅਤੇ ਲੋਕਾਂ ਨੂੰ ਭਰਮਿਤ ਕਰਨ ਵਾਲੀਆਂ ਖ਼ਬਰਾਂ ਤੋਂ ਬਚਣ ਦੀ ਲੋੜ ਹੈ। ਸਰਕਾਰ ਦਾ ਕਹਿਣਾ ਹੈ ਕਿ ਉਹ ਆਪਣੇ ਵਾਅਦਿਆਂ ਨੂੰ ਲਗਾਤਾਰ ਜ਼ਮੀਨੀ ਪੱਧਰ ‘ਤੇ ਪੂਰਾ ਕਰ ਰਹੀ ਹੈ।