ਪੰਜਾਬ ਦੇ ਮੌਸਮ ਵਿੱਚ ਇੱਕ ਵਾਰ ਫਿਰ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਪੰਜ ਦਿਨਾਂ ਲਈ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਕੁਝ ਇਲਾਕਿਆਂ ਵਿੱਚ ਹਲਕਾ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ 10 ਅਤੇ 11 ਅਗਸਤ ਨੂੰ ਪੰਜਾਬ ਦੇ ਉੱਤਰੀ ਹਿੱਸਿਆਂ ਵਿੱਚ ਮੀਂਹ ਦਾ ਜ਼ੋਰ ਵੱਧ ਰਹੇਗਾ। ਖਾਸ ਤੌਰ ‘ਤੇ ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਮੋਹਾਲੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੇ ਆਸਾਰ ਹਨ। ਦੂਜੇ ਪਾਸੇ ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
12 ਅਗਸਤ ਨੂੰ ਮੀਂਹ ਦੀ ਤੀਬਰਤਾ ਵਿੱਚ ਕੁਝ ਕਮੀ ਆਉਣ ਦੀ ਸੰਭਾਵਨਾ ਹੈ। ਹਾਲਾਂਕਿ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਬਠਿੰਡਾ ਅਤੇ ਮਾਨਸਾ ਵਿੱਚ ਭਾਰੀ ਮੀਂਹ ਪੈ ਸਕਦਾ ਹੈ, ਜਦਕਿ ਸੂਬੇ ਦੇ ਹੋਰ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੇ ਆਸਾਰ ਹਨ।
ਇਸ ਤੋਂ ਬਾਅਦ 13 ਅਗਸਤ ਨੂੰ ਇੱਕ ਵਾਰ ਫਿਰ ਮੀਂਹ ਦਾ ਪ੍ਰਭਾਵ ਵਧ ਸਕਦਾ ਹੈ। ਪਠਾਨਕੋਟ ਅਤੇ ਹੁਸ਼ਿਆਰਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 14 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਨਵਾਂਸ਼ਹਿਰ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ ਹਨ। ਜਦਕਿ ਮਾਲਵਾ ਦੇ ਕਈ ਹੋਰ ਇਲਾਕਿਆਂ ਅਤੇ ਪੱਛਮੀ ਪੰਜਾਬ ਵਿੱਚ ਹਲਕੀ ਬਾਰਿਸ਼ ਜਾਂ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ
ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ, ਕਪੂਰਥਲਾ ਅਤੇ ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਲਈ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਤਾਜ਼ਾ ਮੌਸਮੀ ਅਪਡੇਟ ਤੋਂ ਪਤਾ ਲੱਗਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਮੀਂਹ ਦਾ ਪ੍ਰਭਾਵ ਜ਼ਿਆਦਾ ਰਹਿ ਸਕਦਾ ਹੈ, ਜਦਕਿ ਪੱਛਮੀ ਇਲਾਕਿਆਂ ਵਿੱਚ ਇਸ ਦਾ ਅਸਰ ਤੁਲਨਾਤਮਕ ਤੌਰ ‘ਤੇ ਘੱਟ ਰਹਿਣ ਦੀ ਸੰਭਾਵਨਾ ਹੈ।
ਭਾਰੀ ਮੀਂਹ ਦੌਰਾਨ ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਲੋੜ ਅਨੁਸਾਰ ਹੀ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਹੈ।







