Punjab Congress Protest: CM ਰਿਹਾਇਸ਼ ਘੇਰਨ ਜਾ ਰਹੇ ਕਾਂਗਰਸੀਆਂ ਨੂੰ ਪੁਲੀਸ ਨੇ ਰੋਕਿਆ, ਹੋਈ ਖਿੱਚ-ਧੂਹ
ਚੰਡੀਗੜ੍ਹ: ਪੰਜਾਬ ਕਾਂਗਰਸ ਵੱਲੋਂ ਅੱਜ ‘ਆਪ’ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧੇ, ਪਰ ਪੁਲੀਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਾਲੇ ਖਿੱਚ-ਧੂਹ ਹੋਈ। ਸਥਿਤੀ ਨੂੰ ਕਾਬੂ ਕਰਨ ਲਈ ਪੁਲੀਸ ਨੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਅਤੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ।
ਪ੍ਰਦਰਸ਼ਨ ਦੌਰਾਨ ਰਾਜਾ ਵੜਿੰਗ ਨੇ ਦਿੜ੍ਹਬਾ ਦੇ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਕਥਿਤ ਤੌਰ ’ਤੇ ਜ਼ਿੰਮੇਵਾਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਗੁਲਜ਼ਾਰ ਸਿੰਘ ਨੇ ਮੌਤ ਤੋਂ ਪਹਿਲਾਂ ਦਿੱਤੇ ਬਿਆਨ ਵਿੱਚ ਹਰਪਾਲ ਸਿੰਘ ਚੀਮਾ ਨੂੰ ਆਪਣੀ ਖ਼ੁਦਕੁਸ਼ੀ ਲਈ ਜ਼ਿੰਮੇਵਾਰ ਦੱਸਿਆ ਸੀ।
ਵੜਿੰਗ ਨੇ ਸ਼ੇਰੋਂ ਪਿੰਡ ਦੇ ਮੋਹਣਜੀਤ ਸਿੰਘ ਦਾ ਮਾਮਲਾ ਵੀ ਉਠਾਇਆ ਅਤੇ ਦੋਸ਼ ਲਾਇਆ ਕਿ ਉਸ ’ਤੇ ਪੁਲੀਸ ਵੱਲੋਂ ਕਥਿਤ ਤੌਰ ’ਤੇ ਤਸ਼ੱਦਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਸ ਦਾ ਕਥਿਤ ਕਸੂਰ ਸਿਰਫ਼ ਇਹ ਸੀ ਕਿ ਉਸ ਨੇ ਮੁੱਖ ਮੰਤਰੀ ਨੂੰ ਕਾਲਾ ਝੰਡਾ ਦਿਖਾਇਆ ਸੀ। ਇਸ ਤੋਂ ਇਲਾਵਾ ਉਨ੍ਹਾਂ ਜਬਰ-ਜਨਾਹ ਦੇ ਇੱਕ ਮੁਲਜ਼ਮ ਨੂੰ ਕਥਿਤ ਸਰਪ੍ਰਸਤੀ ਮਿਲਣ ਦੇ ਦੋਸ਼ ਲਾਉਂਦਿਆਂ ਮੁੱਖ ਮੰਤਰੀ ਦੀ ਚੁੱਪ ’ਤੇ ਵੀ ਸਵਾਲ ਚੁੱਕੇ।
ਕਾਂਗਰਸ ਪ੍ਰਧਾਨ ਨੇ ‘ਆਪ’ ਅਤੇ ਭਾਜਪਾ ਵਿਚਕਾਰ ਕਥਿਤ ਗੁਪਤ ਸਮਝੌਤੇ ਦੇ ਵੀ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਭਾਜਪਾ ਗੁਜਰਾਤ ਵਿੱਚ ਵਿਰੋਧੀ ਵੋਟਾਂ ਦੀ ਵੰਡ ਲਈ ‘ਆਪ’ ਨੂੰ ਵਰਤਣਾ ਚਾਹੁੰਦੀ ਹੈ। ਪੰਜਾਬ ਦੀ ਕਾਨੂੰਨ-ਵਿਵਸਥਾ ਬਾਰੇ ਬੋਲਦਿਆਂ ਵੜਿੰਗ ਨੇ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਗੈਂਗਸਟਰਾਂ ਤੋਂ ਛੁਟਕਾਰਾ ਚਾਹੁੰਦੇ ਹਨ, ਪਰ ਸੱਤਾਧਾਰੀ ਪਾਰਟੀ ਉਨ੍ਹਾਂ ਨੂੰ ਆਪਣੇ ਨਾਲ ਜੋੜ ਕੇ ਸਿਆਸੀ ਤਾਕਤ ਦੇ ਰਹੀ ਹੈ।
ਰਾਜਾ ਵੜਿੰਗ ਨੇ ਐਲਾਨ ਕੀਤਾ ਕਿ ਕਾਂਗਰਸ ਵੱਲੋਂ ਮੁੱਖ ਮੰਤਰੀ ਨੂੰ ਕਾਲੇ ਝੰਡੇ ਦਿਖਾ ਕੇ ਵਿਰੋਧ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਮੁੱਖ ਮੰਤਰੀ ਦੇ ਸਾਹਮਣੇ ਅਤੇ ਉਨ੍ਹਾਂ ਦੀ ਸਟੇਜ ’ਤੇ ਜਾ ਕੇ ਵੀ ਕਾਲੇ ਝੰਡੇ ਲਹਿਰਾਉਣਗੇ। ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਵੀ ਕਾਂਗਰਸ ਵੱਲੋਂ ਮੁੱਖ ਮੰਤਰੀ ਨੂੰ ਕਾਲੇ ਝੰਡੇ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਪੁਲੀਸ ਨੇ ਵਰਕਰਾਂ ਨੂੰ ਰੋਕ ਦਿੱਤਾ ਸੀ।
ਪੰਜਾਬ ’ਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼
ਚੰਡੀਗੜ੍ਹ (ਟਨਸ): ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਪੰਜਾਬ ਸਰਕਾਰ ’ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਸਵਾਲ ਪੁੱਛਣ ਵਾਲੇ ਲੋਕਾਂ ਨੂੰ ਕਥਿਤ ਤੌਰ ’ਤੇ ਤਸ਼ੱਦਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੋ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।
ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਪਹਿਲਾਂ ਲੋਕਾਂ ਨੂੰ ਸੱਥਾਂ ਵਿੱਚ ਆਗੂਆਂ ਤੋਂ ਸਵਾਲ ਪੁੱਛ ਕੇ ਜਵਾਬਦੇਹੀ ਤੈਅ ਕਰਨ ਲਈ ਪ੍ਰੇਰਿਤ ਕਰਦੀ ਸੀ, ਉਹ ਹੁਣ ਖੁਦ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਪਿੱਛੇ ਹਟ ਰਹੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅਕਾਲੀ ਦਲ ਪੁਨਰ-ਸੁਰਜੀਤ ਦਾ ਵਫ਼ਦ ਜਲਦ ਹੀ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਕਰੇਗਾ ਅਤੇ ਇਨ੍ਹਾਂ ਮਾਮਲਿਆਂ ਸਬੰਧੀ ਸ਼ਿਕਾਇਤ ਦਰਜ ਕਰਵਾਏਗਾ।







