ਕੈਨੇਡਾ ’ਚ ਪਾਵਨ ਸਰੂਪ ਡਿੱਕੀ ’ਚ ਲਿਜਾਣ ਦਾ ਮਾਮਲਾ, ਅਕਾਲ ਤਖ਼ਤ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਤੋਂ ਸਪੱਸ਼ਟੀਕਰਨ ਤਲਬ
ਕੈਨੇਡਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਕਾਰ ਦੀ ਡਿੱਕੀ ਵਿੱਚ ਰੱਖ ਕੇ ਲਿਜਾਣ ਨਾਲ ਮਰਿਆਦਾ ਦੀ ਕਥਿਤ ਉਲੰਘਣਾ ਦੇ ਮਾਮਲੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੰਭੀਰਤਾ ਨਾਲ ਲਿਆ ਹੈ। ਇਸ ਸਬੰਧੀ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਬੀ.ਸੀ., ਕੈਨੇਡਾ ਨੂੰ ਲਿਖਤੀ ਸਪੱਸ਼ਟੀਕਰਨ ਦੇਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੂੰ ਪਤਾ ਲੱਗਾ ਕਿ ਟੋਰਾਂਟੋ ਤੋਂ ਕੁਝ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਾਪਤ ਕਰਨ ਲਈ ਸਰੀ, ਬੀ.ਸੀ. ਸਥਿਤ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਪਹੁੰਚੇ ਸਨ। ਇਸ ਦੌਰਾਨ ਪਾਵਨ ਸਰੂਪ ਲਿਜਾਣ ਵਾਲੀਆਂ ਗੱਡੀਆਂ ਦੀ ਮਰਿਆਦਾ ਅਤੇ ਗੁਰੂ ਸਾਹਿਬ ਦੇ ਸਤਿਕਾਰ ਸਬੰਧੀ ਲੋੜੀਂਦੀ ਜਾਂਚ ਕੀਤੇ ਬਿਨਾਂ ਪਾਵਨ ਸਰੂਪ ਸੌਂਪਣ ਦੀ ਆਗਿਆ ਦਿੱਤੇ ਜਾਣ ਦੀ ਘਟਨਾ ਸਾਹਮਣੇ ਆਈ।
ਦੱਸਿਆ ਗਿਆ ਹੈ ਕਿ ਜਦੋਂ ਸਥਾਨਕ ਸੰਗਤ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਤਾਂ ਗੁਰਦੁਆਰਾ ਪ੍ਰਬੰਧਕਾਂ ਨੇ ਪਾਵਨ ਸਰੂਪ ਮੁੜ ਗੁਰਦੁਆਰਾ ਸਾਹਿਬ ਵਿਖੇ ਬਿਰਾਜਮਾਨ ਕਰਵਾ ਦਿੱਤੇ। ਇਸ ਘਟਨਾ ਤੋਂ ਬਾਅਦ ਸਿੱਖ ਸੰਗਤ ਵਿੱਚ ਰੋਸ ਪੈਦਾ ਹੋਇਆ।
ਹਾਲਾਂਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਇਸ ਮਾਮਲੇ ਸਬੰਧੀ ਸਪੱਸ਼ਟੀਕਰਨ ਜਾਰੀ ਕਰਦਿਆਂ ਸੰਗਤ ਤੋਂ ਖਿਮਾ ਜਾਚਨਾ ਵੀ ਕੀਤੀ ਗਈ ਹੈ। ਇਸ ਦੇ ਬਾਵਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਗੁਰਦੁਆਰਾ ਐਸੋਸੀਏਸ਼ਨ ਨੂੰ ਹਦਾਇਤ ਕੀਤੀ ਗਈ ਹੈ ਕਿ ਹੋਈ ਅਣਗਹਿਲੀ ਸਬੰਧੀ ਆਪਣਾ ਲਿਖਤੀ ਜਵਾਬ 15 ਦਿਨਾਂ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੂੰ ਭੇਜਿਆ ਜਾਵੇ।
ਇਸ ਦੇ ਨਾਲ ਹੀ ਗੁਰਦੁਆਰਾ ਪ੍ਰਬੰਧਕਾਂ ਨੂੰ ਇਹ ਵੀ ਨਿਰਦੇਸ਼ ਦਿੱਤਾ ਗਿਆ ਹੈ ਕਿ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਬਾਰੇ ਪੂਰਾ ਵੇਰਵਾ ਸਕੱਤਰੇਤ ਨੂੰ ਮੁਹੱਈਆ ਕਰਵਾਇਆ ਜਾਵੇ।
ਆਦੇਸ਼ਾਂ ਅਨੁਸਾਰ ਪ੍ਰਬੰਧਕਾਂ ਨੂੰ ਇਹ ਵੀ ਸਪੱਸ਼ਟ ਕਰਨਾ ਹੋਵੇਗਾ ਕਿ ਪ੍ਰਾਪਤ ਹੋਏ ਪਾਵਨ ਸਰੂਪਾਂ ਵਿੱਚੋਂ ਕਿੰਨੇ ਸੰਗਤ ਨੂੰ ਦਿੱਤੇ ਜਾ ਚੁੱਕੇ ਹਨ, ਕਿੰਨੇ ਇਸ ਸਮੇਂ ਗੁਰਦੁਆਰਾ ਸਾਹਿਬ ਕੋਲ ਮੌਜੂਦ ਹਨ ਅਤੇ ਸੰਗਤ ਵੱਲੋਂ ਹੋਰ ਕਿੰਨੇ ਪਾਵਨ ਸਰੂਪਾਂ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁਕੰਮਲ ਜਾਣਕਾਰੀ ਵੀ ਨਿਰਧਾਰਤ ਸਮੇਂ ਅੰਦਰ ਸਕੱਤਰੇਤ ਨੂੰ ਭੇਜਣ ਲਈ ਕਿਹਾ ਗਿਆ ਹੈ।







