ਇੰਟਰਨੈਸ਼ਨਲ ਡੈਸਕ : ਕੈਨੇਡਾ ਸਰਕਾਰ ਨੇ ਅਸਥਾਈ ਤੌਰ ’ਤੇ ਕੰਮ ਕਰਨ ਵਾਲੇ ਵਿਦੇਸ਼ੀ ਕਾਮਿਆਂ ਲਈ ਅਹਿਮ ਫੈਸਲਾ ਲੈਂਦਿਆਂ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਰੋਜ਼ਗਾਰ ਅਤੇ ਸਮਾਜਿਕ ਵਿਕਾਸ ਵਿਭਾਗ (ESDC) ਵੱਲੋਂ ਟੈਂਪਰੇਰੀ ਫੌਰਨ ਵਰਕਰ ਪ੍ਰੋਗਰਾਮ (TFWP) ਤਹਿਤ ਘੱਟ ਤਨਖਾਹ ਵਾਲੀਆਂ ਨੌਕਰੀਆਂ ਲਈ ਲੇਬਰ ਮਾਰਕੀਟ ਇੰਪੈਕਟ ਅਸੈਸਮੈਂਟ (LMIA) ਅਤੇ ਵਰਕ ਪਰਮਿਟ ਦੀ ਵੱਧ ਤੋਂ ਵੱਧ ਮਿਆਦ ਇੱਕ ਸਾਲ ਤੋਂ ਵਧਾ ਕੇ ਦੋ ਸਾਲ ਕਰ ਦਿੱਤੀ ਗਈ ਹੈ। ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਹ ਨਵਾਂ ਨਿਯਮ 6 ਨਵੰਬਰ 2026 ਜਾਂ ਇਸ ਤੋਂ ਬਾਅਦ ਜਮ੍ਹਾਂ ਹੋਣ ਵਾਲੀਆਂ ਅਰਜ਼ੀਆਂ ’ਤੇ ਲਾਗੂ ਹੋਵੇਗਾ।
ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਦੀਆਂ ਨਵੀਆਂ ਹਦਾਇਤਾਂ ਮੁਤਾਬਕ 1 ਮਾਰਚ 2027 ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਦੇ ਆਧਾਰ ’ਤੇ ਦੋ ਸਾਲ ਦੀ ਮਿਆਦ ਵਾਲੇ LMIA ਜਾਰੀ ਕੀਤੇ ਜਾਣਗੇ। ਇਹ ਸਹੂਲਤ ਸਿਰਫ਼ ਘੱਟ ਤਨਖਾਹ ਵਾਲੀਆਂ ਨੌਕਰੀਆਂ ਲਈ ਹੋਵੇਗੀ।
ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਸ਼ਹਿਰਾਂ ਵਿੱਚ ਬੇਰੁਜ਼ਗਾਰੀ ਦੀ ਦਰ 6 ਫ਼ੀਸਦੀ ਤੋਂ ਵੱਧ ਹੈ, ਉੱਥੇ LMIA ਰਾਹੀਂ ਅਸਥਾਈ ਵਿਦੇਸ਼ੀ ਕਾਮਿਆਂ ਦੀ ਭਰਤੀ ’ਤੇ ਲੱਗੀ ਪਾਬੰਦੀ ਪਹਿਲਾਂ ਵਾਂਗ ਜਾਰੀ ਰਹੇਗੀ। ਹਾਲਾਂਕਿ, ਅਰਲੀ ਚਾਈਲਡਹੁੱਡ ਐਜੂਕੇਟਰਜ਼ ਦੇ ਕਿੱਤੇ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੇ ਗਏ ਕਿੱਤਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਫੈਡਰਲ ਸਰਕਾਰ ਸੂਬਿਆਂ ਨੂੰ ਆਪਣੀਆਂ ਲੋੜਾਂ ਅਨੁਸਾਰ ਅਸਥਾਈ ਵਿਦੇਸ਼ੀ ਕਾਮਿਆਂ ਦੀ ਭਰਤੀ ਦੀ ਸੀਮਾ 10 ਫ਼ੀਸਦੀ ਤੋਂ ਵਧਾ ਕੇ 15 ਫ਼ੀਸਦੀ ਕਰਨ ਦਾ ਅਧਿਕਾਰ ਦੇਣ ਜਾ ਰਹੀ ਹੈ। ਸਰਕਾਰ ਦਾ ਕਹਿਣਾ ਹੈ ਕਿ ਰੁਜ਼ਗਾਰ ਦੇ ਮੌਕਿਆਂ ਵਿੱਚ ਸਭ ਤੋਂ ਪਹਿਲਾਂ ਕੈਨੇਡੀਅਨ ਨਾਗਰਿਕਾਂ ਨੂੰ ਤਰਜੀਹ ਦਿੱਤੀ ਜਾਵੇਗੀ। ਪਰ ਜਿੱਥੇ ਕਿਰਤੀਆਂ ਦੀ ਘਾਟ ਹੋਵੇਗੀ ਜਾਂ ਹੋਰ ਵਿਸ਼ੇਸ਼ ਲੋੜਾਂ ਪੈਦਾ ਹੋਣਗੀਆਂ, ਉੱਥੇ ਵਿਦੇਸ਼ੀ ਕਾਮਿਆਂ ਦੀਆਂ ਸੇਵਾਵਾਂ ਲਈਆਂ ਜਾ ਸਕਣਗੀਆਂ।
ਕੈਨੇਡਾ ਸਰਕਾਰ ਦਾ ਇਹ ਫੈਸਲਾ ਅਜਿਹੇ ਸਮੇਂ ਆਇਆ ਹੈ, ਜਦੋਂ ਕੰਜ਼ਰਵੇਟਿਵ ਪਾਰਟੀ ਦੇ ਆਗੂ ਪਿਅਰੇ ਪੌਇਲੀਵਰੇ ਵੱਲੋਂ 5.5 ਫ਼ੀਸਦੀ ਤੋਂ ਵੱਧ ਬੇਰੁਜ਼ਗਾਰੀ ਦਰ ਵਾਲੇ ਇਲਾਕਿਆਂ ਵਿੱਚ ਅਸਥਾਈ ਵਿਦੇਸ਼ੀ ਕਾਮਿਆਂ ਦੀ ਭਰਤੀ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਜਾ ਚੁੱਕੀ ਹੈ। ਅਕਤੂਬਰ ਮਹੀਨੇ ਦੇ ਰੁਜ਼ਗਾਰ ਅੰਕੜਿਆਂ ਅਨੁਸਾਰ ਕੈਨੇਡਾ ਵਿੱਚ ਬੇਰੁਜ਼ਗਾਰੀ ਦਰ ਵਧ ਕੇ 6.7 ਫ਼ੀਸਦੀ ਹੋ ਗਈ, ਜਦਕਿ ਸਤੰਬਰ ਵਿੱਚ ਇਹ ਦਰ 6.5 ਫ਼ੀਸਦੀ ਸੀ।
ਦੂਜੇ ਪਾਸੇ, 3 ਨਵੰਬਰ ਤੋਂ ਲਾਗੂ ਹੋਏ ਨਵੇਂ ਇਮੀਗ੍ਰੇਸ਼ਨ ਨਿਯਮਾਂ ਤਹਿਤ ਵੱਧ ਤਨਖਾਹ ਵਾਲੀਆਂ ਨੌਕਰੀਆਂ ਦੇ ਕੁਝ ਮਾਮਲਿਆਂ ਵਿੱਚ LMIA ਦੀ ਲਾਜ਼ਮੀ ਸ਼ਰਤ ਖ਼ਤਮ ਕੀਤੀ ਗਈ ਹੈ। ਇਸ ਤੋਂ ਇਲਾਵਾ ਲਗਭਗ 186 ਕਿੱਤਿਆਂ ਨਾਲ ਸਬੰਧਤ ਵਿਦੇਸ਼ੀ ਕਾਮਿਆਂ ਲਈ ਸਥਾਈ ਨਿਵਾਸ (PR) ਹਾਸਲ ਕਰਨ ਵਾਸਤੇ ਵਾਧੂ ਅੰਕ ਪ੍ਰਾਪਤ ਕਰਨ ਦਾ ਰਾਹ ਖੁੱਲ੍ਹਿਆ ਹੈ।
ਨਵੇਂ ਪ੍ਰੋਗਰਾਮ ਅਨੁਸਾਰ 57 ਹਜ਼ਾਰ ਡਾਲਰ ਦੀ ਸਾਲਾਨਾ ਤਨਖਾਹ ਤੋਂ 30 ਫ਼ੀਸਦੀ ਵੱਧ ਕਮਾਈ ਕਰਨ ਵਾਲੇ ਉਮੀਦਵਾਰਾਂ ਨੂੰ ਐਕਸਪ੍ਰੈੱਸ ਐਂਟਰੀ ਪ੍ਰਣਾਲੀ ਵਿੱਚ 50 ਵਾਧੂ ਅੰਕ ਮਿਲਣਗੇ। ਜਿਹੜੇ ਵਿਦੇਸ਼ੀ ਕਾਮੇ ਇਸ ਤਨਖਾਹ ਤੋਂ 50 ਫ਼ੀਸਦੀ ਵੱਧ ਕਮਾਈ ਕਰਦੇ ਹਨ, ਉਨ੍ਹਾਂ ਨੂੰ 70 ਵਾਧੂ ਅੰਕ ਦਿੱਤੇ ਜਾਣਗੇ। ਇਸੇ ਤਰ੍ਹਾਂ ਤੈਅ ਕੀਤੀ ਗਈ ਦਰਮਿਆਨੀ ਤਨਖਾਹ ਤੋਂ ਦੁੱਗਣਾ ਮਿਹਨਤਾਨਾ ਹਾਸਲ ਕਰਨ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ 100 ਵਾਧੂ ਅੰਕ ਮਿਲਣ ਦੀ ਵਿਵਸਥਾ ਕੀਤੀ ਗਈ ਹੈ।







