ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਚੁੱਕਿਆ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਐਲਾਨੇ ਗਏ ਰੋਸ ਪ੍ਰਦਰਸ਼ਨ ਤੋਂ ਪਹਿਲਾਂ ਨਵੀਂ ਦਿੱਲੀ ਜ਼ਿਲ੍ਹੇ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐਨਐੱਸਐੱਸ) ਦੀ ਧਾਰਾ 163 ਅਧੀਨ ਰੋਕਾਂ ਲਾਗੂ ਕਰ ਦਿੱਤੀਆਂ ਗਈਆਂ ਹਨ। ਦਿੱਲੀ ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ।

ਜਾਰੀ ਹੁਕਮਾਂ ਮੁਤਾਬਕ ਬਿਨਾਂ ਪਹਿਲਾਂ ਤੋਂ ਲਿਖਤੀ ਮਨਜ਼ੂਰੀ ਲਏ ਕਿਸੇ ਵੀ ਜਨਤਕ ਇਕੱਠ, ਮੀਟਿੰਗ, ਜਲੂਸ, ਧਰਨੇ ਜਾਂ ਪ੍ਰਦਰਸ਼ਨ ਦੀ ਆਗਿਆ ਨਹੀਂ ਹੋਵੇਗੀ। ਇਸ ਦੇ ਨਾਲ ਹੀ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਵੀ ਰੋਕ ਲਗਾਈ ਗਈ ਹੈ। ਨਾਅਰੇਬਾਜ਼ੀ, ਜਨਤਕ ਭਾਸ਼ਣਾਂ ਅਤੇ ਬੈਨਰ, ਪਲੇਕਾਰਡ, ਲਾਠੀਆਂ, ਤਲਵਾਰਾਂ, ਡੰਡਿਆਂ, ਇੱਟਾਂ ਜਾਂ ਹੋਰ ਸਮਾਨ ਨਾਲ ਇਕੱਠ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਕਦਮ ਜਨਤਕ ਸੁਰੱਖਿਆ, ਕਾਨੂੰਨ-ਵਿਵਸਥਾ ਅਤੇ ਆਵਾਜਾਈ ਪ੍ਰਬੰਧ ਨੂੰ ਸੁਚਾਰੂ ਬਣਾਈ ਰੱਖਣ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।

ਇਸ ਦੌਰਾਨ ਦਿੱਲੀ ਪੁਲੀਸ ਨੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਈਸਾ), ਰਾਜ ਸਭਾ ਮੈਂਬਰ ਮਨੋਜ ਝਾਅ ਅਤੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਵੱਲੋਂ ਸੱਦੇ ਗਏ ਪ੍ਰਦਰਸ਼ਨ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਪ੍ਰਦਰਸ਼ਨ ਗਾਂਧੀ ਜਯੰਤੀ ਮੌਕੇ ਸਵੇਰੇ 11 ਵਜੇ ਜੰਤਰ-ਮੰਤਰ ਵਿਖੇ ਕਰਨ ਦੀ ਯੋਜਨਾ ਸੀ।

ਪੁਲੀਸ ਸੂਤਰਾਂ ਅਨੁਸਾਰ ਇਸ ਇਕੱਠ ਵਿੱਚ 3,000 ਤੋਂ 4,000 ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਜਤਾਈ ਗਈ ਸੀ। ਇਸ ਨੂੰ ਧਿਆਨ ਵਿੱਚ ਰੱਖਦਿਆਂ ਜੰਤਰ-ਮੰਤਰ ਅਤੇ ਨਵੀਂ ਦਿੱਲੀ ਦੇ ਹੋਰ ਅਹਿਮ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਆਵਾਜਾਈ ਨੂੰ ਨਿਯੰਤਰਿਤ ਕਰਨ ਅਤੇ ਗੈਰ-ਮਨਜ਼ੂਰਸ਼ੁਦਾ ਇਕੱਠਾਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਗਏ ਹਨ ਅਤੇ ਦਿੱਲੀ ਪੁਲੀਸ ਦੇ ਨਾਲ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ ਵਾਧੂ ਜਵਾਨ ਵੀ ਤਾਇਨਾਤ ਕੀਤੇ ਗਏ ਹਨ।

ਪ੍ਰਦਰਸ਼ਨ ਦੇ ਆਯੋਜਕਾਂ ਨੇ ਵੋਟਰ ਸੂਚੀਆਂ ਅਤੇ ਐੱਸਆਈਆਰ ਪ੍ਰਕਿਰਿਆ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਜ਼ਾਹਿਰ ਕਰਦਿਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।