ਝੋਟੇ ਦੇ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ ਸਮੇਂਤ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਐਕਸ਼ਨ ਕਮੇਟੀ ਦੇ ਆਗੂਆਂ ਵਿਚਕਾਰ ਅਹਿਮ ਉੱਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਲਈ ਵੱਡੇ ਐਲਾਨ ਕੀਤੇ ਗਏ ਹਨ। ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ।

ਇਸ ਤੋਂ ਇਲਾਵਾ ਪਿੰਡ ਧਾਮੇਂ ਕਲਾਂ ਦੇ ਦਲਜੀਤ ਸਿੰਘ ਦੀ ਪਤਨੀ ਨੂੰ 50 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਨਾਲ ਹੀ ਉਸ ਦੀ ਗ੍ਰੈਜੂਏਸ਼ਨ ਪੂਰੀ ਹੋਣ ਤੋਂ ਬਾਅਦ ਮਾਨਸਾ ਦੇ ਡੀ.ਸੀ. ਦਫ਼ਤਰ ਵਿੱਚ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਵੀ 5-5 ਲੱਖ ਰੁਪਏ ਮੁਆਵਜ਼ਾ ਦੇਣ ਅਤੇ ਉਨ੍ਹਾਂ ਦੇ ਇਲਾਜ ਦਾ ਸਾਰਾ ਖ਼ਰਚਾ ਸਰਕਾਰ ਵੱਲੋਂ ਚੁੱਕਣ ਦਾ ਐਲਾਨ ਕੀਤਾ ਗਿਆ ਹੈ।

ਸਰਕਾਰ ਵੱਲੋਂ ਮੰਗਾਂ ਮੰਨਣ ਤੋਂ ਬਾਅਦ ਐਕਸ਼ਨ ਕਮੇਟੀ ਦੇ ਆਗੂ ਕਾਮਰੇਡ ਰਾਜਵਿੰਦਰ ਰਾਣਾ ਨੇ ਦੱਸਿਆ ਕਿ 5 ਤਾਰੀਖ਼ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਕੀਤਾ ਜਾਣ ਵਾਲਾ ਘਿਰਾਓ ਹੁਣ ਰੱਦ ਕਰ ਦਿੱਤਾ ਗਿਆ ਹੈ। ਹਾਲਾਂਕਿ ਕਮੇਟੀ ਨੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਉਦੋਂ ਤੱਕ ਨਹੀਂ ਕੀਤਾ ਜਾਵੇਗਾ, ਜਦੋਂ ਤੱਕ ਸਰਕਾਰ ਧਾਰਾ 307 ਤਹਿਤ ਦਰਜ ਕੇਸ ਰੱਦ ਨਹੀਂ ਕਰਦੀ ਅਤੇ ਲੱਖਾ ਸਿਧਾਣਾ ਸਮੇਤ ਹੋਰ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ।

ਇਹ ਮੀਟਿੰਗ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੂਡੀਆਂ, ਬਠਿੰਡਾ ਰੇਂਜ ਦੇ ਡੀ.ਆਈ.ਜੀ. ਹਰਜੀਤ ਸਿੰਘ, ਡਾਇਰੈਕਟਰ ਹਾਇਰ ਐਜੂਕੇਸ਼ਨ ਮੋਹਾਲੀ ਕੁਲਤਾਰ ਸਿੰਘ ਧੂਰੀ ਅਤੇ ਮਾਨਸਾ ਦੇ ਡਿਪਟੀ ਕਮਿਸ਼ਨਰ ਤੇ ਏ.ਡੀ.ਸੀ. ਦੀ ਮੌਜੂਦਗੀ ਵਿੱਚ ਹੋਈ।

ਉੱਧਰ, ਅਸਤੀਫ਼ੇ ਦੀ ਮੰਗ ਬਾਰੇ ਕਮੇਟੀ ਆਗੂਆਂ ਨੇ ਕਿਹਾ ਕਿ ਹੁਣ ਸਿਰਫ਼ ਡੇਢ ਮਹੀਨੇ ਦਾ ਸਮਾਂ ਬਾਕੀ ਹੈ। ਇਸ ਤੋਂ ਬਾਅਦ ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ ਅਤੇ ਸਿਆਸੀ ਹਾਲਾਤ ਆਪਣੇ ਆਪ ਬਦਲ ਜਾਣਗੇ।