ਰਾਹੁਲ ਗਾਂਧੀ ਨੇ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਦੁਹਰਾਈ, ਕਿਹਾ—ਉਨ੍ਹਾਂ ਦੇ ਜਾਣ ਮਗਰੋਂ ਲੋਕਤੰਤਰ ਦੀ ਮੁਰੰਮਤ ਸ਼ੁਰੂ ਹੋਵੇਗੀ
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਨ ਤੋਂ ਇੱਕ ਦਿਨ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਗਿਆਨੇਸ਼ ਕੁਮਾਰ ਦੇ ਅਹੁਦੇ ਤੋਂ ਜਾਣ ਮਗਰੋਂ ਹੀ ਭਾਰਤੀ ਲੋਕਤੰਤਰ ਦੀ ਮੁਰੰਮਤ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।
ਕਾਂਗਰਸ ਦੇ ਜਨਰਲ ਸਕੱਤਰ (ਸੰਚਾਰ) ਜੈਰਾਮ ਰਮੇਸ਼ ਨੇ ਦਿੱਲੀ ਵਿੱਚ ਪ੍ਰਦਰਸ਼ਨਕਾਰੀਆਂ ਲਈ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਦੇਸ਼ ਦੀ ਰਾਜਧਾਨੀ ਨੂੰ ਕਿਲ੍ਹੇ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਹਰ ਪਾਸੇ ਹਥਿਆਰਬੰਦ ਸੁਰੱਖਿਆ ਬਲ ਤਾਇਨਾਤ ਹਨ।
ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੀ ਜੋੜੀ ਵੋਟ ਦੇ ਅਧਿਕਾਰ ਦੀ ਕਥਿਤ ਉਲੰਘਣਾ ਵਿਰੁੱਧ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਤੋਂ ਘਬਰਾਈ ਹੋਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਚੋਣ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਚਿੰਤਤ ਹਨ। ਜੈਰਾਮ ਰਮੇਸ਼ ਨੇ ਇਹ ਵੀ ਦੋਸ਼ ਲਾਇਆ ਕਿ ਮੁੱਖ ਚੋਣ ਕਮਿਸ਼ਨਰ ਨੇ ਆਪਣੀ ਨਿਯੁਕਤੀ ਸਮੇਂ ਸਰਕਾਰ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਕੰਮ ਕੀਤਾ।
ਕਾਂਗਰਸ ਆਗੂ ਨੇ ਦਸੰਬਰ 2023 ਵਿੱਚ ਪਾਸ ਕੀਤੇ ਗਏ ਉਸ ਕਾਨੂੰਨ ਦਾ ਵੀ ਜ਼ਿਕਰ ਕੀਤਾ, ਜਿਸ ਤਹਿਤ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ ਨੂੰ ਉਨ੍ਹਾਂ ਦੇ ਅਧਿਕਾਰਤ ਕੰਮਾਂ ਸਬੰਧੀ ਕੁਝ ਕਾਨੂੰਨੀ ਸੁਰੱਖਿਆ ਦਿੱਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਕਾਨੂੰਨ ਉਸ ਸਮੇਂ ਪਾਸ ਕੀਤਾ ਗਿਆ ਸੀ, ਜਦੋਂ ਵਿਰੋਧੀ ਧਿਰ ਦੇ 145 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਹੋਇਆ ਸੀ।
ਜੈਰਾਮ ਰਮੇਸ਼ ਨੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਇਸ ਨੂੰ ਨੈਤਿਕ ਲੋੜ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀਆਂ ਬੁਨਿਆਦਾਂ ਨੂੰ ਮੁੜ ਮਜ਼ਬੂਤ ਕਰਨਾ ਅਤੇ ਖ਼ਾਸ ਕਰਕੇ ਨੌਜਵਾਨਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਜ਼ਰੂਰੀ ਹੈ।
ਕਾਂਗਰਸ ਆਗੂ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੁਧਾਈ (SIR) ਦੀ ਪ੍ਰਕਿਰਿਆ ਮੁਅੱਤਲ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਪ੍ਰਕਿਰਿਆ ਕਾਰਨ ਲਗਪਗ 14 ਕਰੋੜ ਭਾਰਤੀ ਵੋਟ ਦੇ ਅਧਿਕਾਰ ਤੋਂ ਵਾਂਝੇ ਹੋ ਚੁੱਕੇ ਹਨ। ਉਨ੍ਹਾਂ ਅਨੁਸਾਰ, ਚੋਣ ਪ੍ਰਣਾਲੀ ਵਿੱਚ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਇਸ ਪ੍ਰਕਿਰਿਆ ’ਤੇ ਰੋਕ ਲਗਾਉਣੀ ਜ਼ਰੂਰੀ ਹੈ।







