ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਮਜ਼ਦੂਰ ਦੀ ਮੌਤ, ਇਲਾਕੇ ’ਚ ਸੋਗ

ਦਿੜ੍ਹਬਾ: ਪਿੰਡ ਤੂਰਬੰਜ਼ਾਰਾ ਵਿੱਚ ਇੱਕ ਮੰਤਰੀ ਦੇ ਸਮਾਗਮ ਦੌਰਾਨ ਨਸ਼ਿਆਂ ਦਾ ਮੁੱਦਾ ਉਠਾਉਣ ਵਾਲੇ ਮਜ਼ਦੂਰ ਗੁਲਜ਼ਾਰ ਸਿੰਘ ਦੀ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਗੁਲਜ਼ਾਰ ਸਿੰਘ ਨੇ ਕਥਿਤ ਤੌਰ ’ਤੇ ਪੰਚਾਇਤ ਨੁਮਾਇੰਦਿਆਂ ਵੱਲੋਂ ਧਮਕਾਏ ਜਾਣ ਮਗਰੋਂ ਸਲਫ਼ਾਸ ਨਿਗਲ ਲਈ ਸੀ। ਉਸ ਦੀ ਮ੍ਰਿਤਕ ਦੇਹ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਲਿਆਂਦੀ ਗਈ, ਜਿੱਥੇ ਸੁਰੱਖਿਆ ਦੇ ਮੱਦੇਨਜ਼ਰ ਭਾਰੀ ਪੁਲੀਸ ਬਲ ਤਾਇਨਾਤ ਕੀਤਾ ਗਿਆ। ਇਸ ਦੇ ਨਾਲ ਹੀ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਵੀ ਹਸਪਤਾਲ ਪਹੁੰਚਣ ਲੱਗੇ।

ਮ੍ਰਿਤਕ ਦੇ ਪੁੱਤਰ ਲਖਵਿੰਦਰ ਸਿੰਘ ਉਰਫ਼ ਲੱਖਾ ਦੇ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ ਥਾਣਾ ਦਿੜ੍ਹਬਾ ਵਿੱਚ ਪਿੰਡ ਤੂਰਬੰਜ਼ਾਰਾ ਦੀ ਸਰਪੰਚ ਬਲਜਿੰਦਰ ਕੌਰ, ਉਸ ਦੇ ਪਤੀ ਬਲਜੀਤ ਸਿੰਘ, ਸੁਖਦੇਵ ਸਿੰਘ ਉਰਫ਼ ਸੁੱਖਾ, ਵਿੱਕੀ ਸਿੰਘ ਪੰਚ ਅਤੇ ਗੋਨਾ ਸਿੰਘ ਖ਼ਿਲਾਫ਼ ਬੀਐੱਨਐੱਸ ਦੀ ਧਾਰਾ 108 ਅਤੇ ਐੱਸਸੀ/ਐੱਸਟੀ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਅਨੁਸਾਰ 6 ਸਤੰਬਰ ਨੂੰ ਇੱਕ ਸਰਕਾਰੀ ਸਮਾਗਮ ਦੌਰਾਨ ਗੁਲਜ਼ਾਰ ਸਿੰਘ ਨੇ ਆਪਣੇ ਪੁੱਤਰ ਦੀ ਨਸ਼ੇ ਦੀ ਲਤ ਅਤੇ ਇਸ ਕਾਰਨ ਪਰਿਵਾਰ ਨੂੰ ਹੋਏ ਨੁਕਸਾਨ ਦਾ ਮੁੱਦਾ ਉਠਾਇਆ ਸੀ। ਇਸ ਤੋਂ ਬਾਅਦ ਉਸ ਨੇ ਦੋਸ਼ ਲਾਇਆ ਕਿ ਕੁਝ ਵਿਅਕਤੀਆਂ ਨੇ ਉਸ ’ਤੇ ਦਬਾਅ ਬਣਾਇਆ ਅਤੇ ਪੰਚਾਇਤ ਵਿੱਚ ਜਾ ਕੇ ਮੁਆਫ਼ੀ ਮੰਗਣ ਲਈ ਕਿਹਾ। ਮਰਨ ਤੋਂ ਪਹਿਲਾਂ ਜਾਰੀ ਕੀਤੀ ਵੀਡੀਓ ਵਿੱਚ ਗੁਲਜ਼ਾਰ ਸਿੰਘ ਨੇ ਦੱਸਿਆ ਸੀ ਕਿ ਡਰ ਦੇ ਮਾਹੌਲ ਕਾਰਨ ਉਸ ਨੇ ਸਲਫ਼ਾਸ ਨਿਗਲ ਲਈ। ਪਹਿਲਾਂ ਉਸ ਦਾ ਇਲਾਜ ਸੰਗਰੂਰ ਅਤੇ ਪਟਿਆਲਾ ਦੇ ਹਸਪਤਾਲਾਂ ਵਿੱਚ ਹੋਇਆ, ਜਿਸ ਤੋਂ ਬਾਅਦ ਉਸ ਨੂੰ ਡੀਐੱਮਸੀ ਲੁਧਿਆਣਾ ਰੈਫਰ ਕੀਤਾ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ।

ਮ੍ਰਿਤਕ ਦੇ ਭਰਾ ਬਿੱਕਰ ਸਿੰਘ ਨੇ ਵੀ ਉਸ ਵੱਲੋਂ ਲਗਾਏ ਗਏ ਦੋਸ਼ਾਂ ਦੀ ਪੁਸ਼ਟੀ ਕੀਤੀ ਹੈ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਨੂੰ ਅੰਤਿਮ ਸੰਸਕਾਰ ਲਈ ਪਿੰਡ ਲਿਜਾਇਆ ਜਾਣਾ ਹੈ।

ਇਸ ਘਟਨਾ ਨੇ ਸੂਬੇ ਦੀ ਸਿਆਸਤ ਨੂੰ ਵੀ ਗਰਮਾ ਦਿੱਤਾ ਹੈ। ਕਾਂਗਰਸ ਆਗੂ ਚਰਨਜੀਤ ਸਿੰਘ ਚੰਨੀ, ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਕਈ ਵਿਰੋਧੀ ਆਗੂਆਂ ਨੇ ਸਰਕਾਰ ਨੂੰ ਘੇਰਿਆ ਹੈ। ਇਸ ਦੌਰਾਨ ਅਕਾਲੀ ਦਲ, ਭਾਜਪਾ ਅਤੇ ਹੋਰ ਧਿਰਾਂ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਜਾਂਚ ਦਾ ਦਾਇਰਾ ਵਧਾਇਆ ਜਾਵੇ ਅਤੇ ਮਰਨ ਤੋਂ ਪਹਿਲਾਂ ਗੁਲਜ਼ਾਰ ਸਿੰਘ ਵੱਲੋਂ ਜਾਰੀ ਕੀਤੀ ਵੀਡੀਓ ਦੇ ਆਧਾਰ ’ਤੇ ਸਾਰੇ ਦੋਸ਼ਾਂ ਦੀ ਨਿਰਪੱਖ ਜਾਂਚ ਕੀਤੀ ਜਾਵੇ।