ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ’ਤੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਕਰਵਾਈ ਗਈ ਪੰਥਕ ਕਾਨਫ਼ਰੰਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਆਗੂਆਂ ਨੇ ਸ਼ਮੂਲੀਅਤ ਕੀਤੀ। ਕਾਨਫ਼ਰੰਸ ਵਿੱਚ ਪੰਥਕ ਅਤੇ ਪੰਜਾਬ ਨਾਲ ਜੁੜੇ ਵੱਖ-ਵੱਖ ਮਸਲਿਆਂ ਦੇ ਨਾਲ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਗੰਭੀਰ ਸੰਕਟ ਨੂੰ ਕੇਂਦਰੀ ਮੁੱਦੇ ਵਜੋਂ ਉਠਾਇਆ ਗਿਆ।
ਇਸ ਮੌਕੇ ਲੋਕ ਸਭਾ ਮੈਂਬਰ ਖਡੂਰ ਸਾਹਿਬ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਵਾਸੀਆਂ ਨਾਲ ਕੀਤੇ ਗਏ ਅਹਿਦ ਨੂੰ ਬਾਪੂ ਤਰਸੇਮ ਸਿੰਘ ਨੇ ਪੜ੍ਹ ਕੇ ਸੁਣਾਇਆ। ਅਹਿਦ ਵਿੱਚ ਕਿਹਾ ਗਿਆ ਕਿ ਜਦੋਂ ਪੰਜਾਬੀਆਂ ਦੇ ਹੱਥ ਫ਼ੈਸਲਾ ਲੈਣ ਦੀ ਤਾਕਤ ਆਵੇਗੀ ਤਾਂ 1997 ਤੋਂ 2027 ਤੱਕ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੇ ਫੈਲਾਅ, ਇਸ ਕਾਰਨ ਹੋਈਆਂ ਮੌਤਾਂ, ਸਪਲਾਈ ਨੈੱਟਵਰਕ, ਸਿਆਸੀ ਭੂਮਿਕਾ ਅਤੇ ਪੁਲੀਸ ਤੇ ਸੁਰੱਖਿਆ ਏਜੰਸੀਆਂ ਦੀ ਕਥਿਤ ਮਿਲੀਭੁਗਤ ਬਾਰੇ ਇੱਕ ਵਿਸਥਾਰਪੂਰਵਕ ਵਾਈਟ ਪੇਪਰ ਜਾਰੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨਸ਼ਿਆਂ ਕਾਰਨ ਪ੍ਰਭਾਵਿਤ ਪਰਿਵਾਰਾਂ ਨੂੰ ਇਨਸਾਫ਼ ਅਤੇ ਨਸ਼ਿਆਂ ਦੀ ਲਪੇਟ ਵਿੱਚ ਆਏ ਨੌਜਵਾਨਾਂ ਦੇ ਪੁਨਰਵਸੇਬੇ ਲਈ ਯਤਨ ਕਰਨ ਦਾ ਵੀ ਸੰਕਲਪ ਲਿਆ ਗਿਆ। ਪਾਰਟੀ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਆਪਣਾ ਵਿਜ਼ਨ ਡਾਕੂਮੈਂਟ ਵੀ ਪੇਸ਼ ਕੀਤਾ ਗਿਆ।
ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ, ਪਾਰਲੀਮਾਨੀ ਬੋਰਡ ਅਤੇ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਸਮੇਤ ਕਈ ਸੀਨੀਅਰ ਆਗੂਆਂ ਨੇ ਪੰਜਾਬ ਦੀ ਜਵਾਨੀ, ਕਿਸਾਨੀ, ਪਾਣੀਆਂ, ਰੁਜ਼ਗਾਰ, ਸੂਬਾਈ ਹੱਕਾਂ ਅਤੇ ਪੰਥਕ ਮਸਲਿਆਂ ’ਤੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਪੰਜਾਬ ਲਈ ਸਭ ਤੋਂ ਵੱਡੀਆਂ ਚੁਣੌਤੀਆਂ ਵਿੱਚੋਂ ਇੱਕ ਬਣ ਚੁੱਕਾ ਹੈ ਅਤੇ ਇਸ ਨਾਲ ਨਜਿੱਠਣ ਲਈ ਸਿਰਫ਼ ਬਿਆਨਬਾਜ਼ੀ ਨਹੀਂ, ਸਗੋਂ ਪਾਰਦਰਸ਼ੀ ਨੀਤੀਆਂ, ਜਵਾਬਦੇਹੀ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ।
ਆਗੂਆਂ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਉਨ੍ਹਾਂ ਦੇ ਪਿਛਲੇ ਕਾਰਜਕਾਲ ਦੌਰਾਨ ਨਸ਼ਿਆਂ ਦੇ ਫੈਲਾਅ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ ਆਲੋਚਨਾ ਦਾ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਬਾਬਾ ਬਕਾਲਾ ਸਾਹਿਬ ਦੀ ਧਰਤੀ ਤੋਂ ਲਿਆ ਗਿਆ ਇਹ ਅਹਿਦ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਿਧਾਂਤਕ ਰਾਜਨੀਤੀ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ।
ਕਾਨਫ਼ਰੰਸ ਵਿੱਚ ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵੰਨ ਚਿੜੀ, ਸੁਰਜੀਤ ਸਿੰਘ ਦੌਲਤਪੁਰ, ਕਾਬਲ ਸਿੰਘ, ਬਾਬੂ ਸਿੰਘ ਬਰਾੜ, ਭਾਈ ਸੁਖਵਿੰਦਰ ਸਿੰਘ ਅਗਵਾਨ, ਪ੍ਰਗਟ ਸਿੰਘ ਸੰਧੂ, ਭਾਈ ਮਨਦੀਪ ਸਿੰਘ ਸਿੱਧੂ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਇਕਬਾਲ ਸਿੰਘ ਝੂੰਦਾਂ, ਚਾਚਾ ਸੁਖਚੈਨ ਸਿੰਘ, ਮਾਤਾ ਬਲਵਿੰਦਰ ਕੌਰ, ਹਰਪ੍ਰੀਤ ਕੌਰ, ਸਤਨਾਮ ਕੌਰ, ਨਰਿੰਦਰ ਕੌਰ ਕਲਸੀ, ਨਵਜੋਤ ਕੌਰ ਲੰਬੀ, ਸੰਦੀਪ ਸਿੰਘ ਰੁਪਾਲੋਂ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਐਡਵੋਕੇਟ ਅਜੇਪਾਲ ਸਿੰਘ ਢਿੱਲੋਂ ਅਤੇ ਸ਼ਮਸ਼ੇਰ ਸਿੰਘ ਪੱਧਰੀ ਸਮੇਤ ਕਈ ਪ੍ਰਮੁੱਖ ਆਗੂ ਮੌਜੂਦ ਰਹੇ।
ਇਸ ਮੌਕੇ ਬਾਪੂ ਤਰਸੇਮ ਸਿੰਘ (ਕਾਰਜਕਾਰੀ ਪ੍ਰਧਾਨ, ਵਾਰਿਸ ਪੰਜਾਬ), ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ, ਸ਼ਮਸ਼ੇਰ ਸਿੰਘ ਪੱਧਰੀ, ਸੁਖਵਿੰਦਰ ਸਿੰਘ ਅਗਵਾਨ ਅਤੇ ਹਲਕਾ ਇੰਚਾਰਜ ਸਰਬਜੀਤ ਸਿੰਘ ਖ਼ਾਨਪੁਰ ਸਮੇਤ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਰੱਖੇ।







