ਨਾਂਦੇੜ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਨੇ ਤੋੜੀ ਚੁੱਪੀ, ਬੋਲੇ – “ਧਮਕੀਆਂ ਤੋਂ ਨਹੀਂ ਡਰਾਂਗਾ”

Sukhbir Singh Badal : ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਮਾਤਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉੱਤੇ ਬੀਤੇ ਦਿਨ ਇੱਕ ਨਿਹੰਗ ਸਿੰਘ ਜਸਪਾਲ ਸਿੰਘ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਸਿਆਸੀ ਅਤੇ ਧਾਰਮਿਕ ਵਰਗਾਂ ਵਿੱਚ ਚਰਚਾ ਛਿੜ ਗਈ ਹੈ। ਹਾਲਾਂਕਿ ਮੌਕੇ ‘ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਹਮਲਾਵਰ ਨੂੰ ਕਾਬੂ ਕਰ ਲਿਆ। ਹਮਲੇ ਦੌਰਾਨ ਜ਼ਖ਼ਮੀ ਹੋਏ ਸੁਖਬੀਰ ਬਾਦਲ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੇ ਹੱਥ ‘ਤੇ ਟਾਂਕੇ ਲਗਾਏ ਗਏ। ਸ਼ੁੱਕਰਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕੀਤੀ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੇ ਡਰ ਜਾਂ ਦਬਾਅ ਅੱਗੇ ਝੁਕਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕੁਰਬਾਨੀਆਂ ਦਿੱਤੀਆਂ ਹਨ ਅਤੇ ਅੱਗੇ ਵੀ ਦੇਣ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਨਹੀਂ ਜਦੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੋਵੇ, ਇਸ ਤੋਂ ਪਹਿਲਾਂ ਵੀ ਉਨ੍ਹਾਂ ‘ਤੇ ਹਮਲਾ ਹੋ ਚੁੱਕਾ ਹੈ ਅਤੇ ਹੁਣ ਦੁਬਾਰਾ ਉਨ੍ਹਾਂ ਦੀ ਜਾਨ ਲੈਣ ਦੀ ਕੋਸ਼ਿਸ਼ ਕੀਤੀ ਗਈ ਹੈ। ਬਾਦਲ ਨੇ ਇਸ ਗੱਲ ‘ਤੇ ਵੀ ਚਿੰਤਾ ਜਤਾਈ ਕਿ ਦੋਵੇਂ ਘਟਨਾਵਾਂ ਧਾਰਮਿਕ ਅਸਥਾਨਾਂ ‘ਤੇ ਵਾਪਰੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਅਤੇ ਏਕਤਾ ਉਨ੍ਹਾਂ ਲਈ ਸਭ ਤੋਂ ਵੱਧ ਮਹੱਤਵ ਰੱਖਦੀ ਹੈ ਅਤੇ ਇਸ ਨੂੰ ਕਾਇਮ ਰੱਖਣਾ ਹਰ ਕਿਸੇ ਦੀ ਜ਼ਿੰਮੇਵਾਰੀ ਹੈ।