ਪਾਕਿਸਤਾਨ ਤੋਂ ਆਏ 49 ਸਿੱਖ ਸ਼ਰਧਾਲੂਆਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ, ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
Pakistani Sikh Jatha: ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਤਹਿਤ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਪਹੁੰਚਿਆ। ਕਰੀਬ ਅੱਠ ਸਾਲਾਂ ਦੇ ਲੰਮੇ ਵਕਫ਼ੇ ਮਗਰੋਂ ਇੱਥੇ ਪਹੁੰਚੇ ਇਸ ਜਥੇ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਜਥੇ ਦੇ ਮੈਂਬਰਾਂ ਨੇ ਦੱਸਿਆ ਕਿ ਉਹ ਆਪਣੀ ਧਾਰਮਿਕ ਯਾਤਰਾ ਦੌਰਾਨ ਪਹਿਲਾਂ ਦਿੱਲੀ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ, ਸ੍ਰੀ ਹੇਮਕੁੰਟ ਸਾਹਿਬ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ। ਇਸ ਤੋਂ ਬਾਅਦ ਉਹ ਸ੍ਰੀ ਆਨੰਦਪੁਰ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਪ੍ਰਗਟਾਈ।
ਧਾਰਮਿਕ ਯਾਤਰਾਵਾਂ ਨਾਲ ਸਿੱਖ ਭਾਈਚਾਰੇ ਦੀ ਸਾਂਝ ਹੁੰਦੀ ਹੈ ਮਜ਼ਬੂਤ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਦਲਜੀਤ ਸਿੰਘ ਭਿੰਡਰ ਅਤੇ ਮੈਂਬਰ ਅਜਮੇਰ ਸਿੰਘ ਖੇੜਾ ਨੇ ਪਾਕਿਸਤਾਨ ਤੋਂ ਆਏ ਸ਼ਰਧਾਲੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੀਆਂ ਧਾਰਮਿਕ ਯਾਤਰਾਵਾਂ ਦੋਵਾਂ ਦੇਸ਼ਾਂ ਵਿੱਚ ਵੱਸਦੇ ਸਿੱਖ ਭਾਈਚਾਰੇ ਦੇ ਆਪਸੀ ਰਿਸ਼ਤਿਆਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ-ਜਾਣ ਵਾਲੀਆਂ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ। ਇਸ ਲਈ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਵੀਜ਼ਾ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ।
ਪਾਕਿਸਤਾਨੀ ਜਥੇ ਦੇ ਮੈਂਬਰਾਂ ਨੇ ਯਾਤਰਾ ਦੌਰਾਨ ਮਿਲੇ ਸਹਿਯੋਗ ਅਤੇ ਸਨਮਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਦੀਆਂ ਸਿੱਖ ਸੰਗਤਾਂ ਨੂੰ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਦਾ ਸੱਦਾ ਦਿੱਤਾ। ਜਥੇ ਦੇ ਮੈਂਬਰਾਂ ਨੇ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਧਾਰਮਿਕ ਯਾਤਰਾਵਾਂ ਲਈ ਵੀਜ਼ਾ ਨਿਯਮਾਂ ਵਿੱਚ ਢਿੱਲ ਦਿੱਤੀ ਜਾਵੇ, ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਗੁਰਧਾਮਾਂ ਦੇ ਦਰਸ਼ਨ ਕਰ ਸਕਣ।
ਪੀਐੱਚ.ਡੀ. ਕਰਨ ਵਾਲੀ ਕਿਰਤ ਕੌਰ ਦਾ ਵਿਸ਼ੇਸ਼ ਸਨਮਾਨ
ਪਾਕਿਸਤਾਨ ਤੋਂ ਆਏ ਇਸ ਜਥੇ ਵਿੱਚ ਸ਼ਾਮਲ ਕਿਰਤ ਕੌਰ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਦਿੱਤੀ ਜਾਣਕਾਰੀ ਅਨੁਸਾਰ ਕਿਰਤ ਕੌਰ ਪਾਕਿਸਤਾਨ ਦੀ ਪਹਿਲੀ ਸਿੱਖ ਬੀਬੀ ਹੈ, ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿਸ਼ੇ ’ਤੇ ਪੀਐੱਚ.ਡੀ. ਕੀਤੀ ਹੈ।
ਇਸ ਪ੍ਰਾਪਤੀ ਲਈ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਵੱਲੋਂ ਕਿਰਤ ਕੌਰ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਜਥੇ ਵਿੱਚ ਕਈ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਸ਼ਾਮਲ
ਇਸ ਧਾਰਮਿਕ ਜਥੇ ਵਿੱਚ ਪਾਕਿਸਤਾਨ ਕਮੇਟੀ ਦੇ ਸਾਬਕਾ ਮੈਂਬਰ ਸਰਬਤ ਸਿੰਘ ਤੋਂ ਇਲਾਵਾ ਸਾਹਿਬ ਸੁਜਾਨ ਸਿੰਘ, ਭੁਪਿੰਦਰ ਸਿੰਘ, ਹਰਜੀਤ ਸਿੰਘ, ਪ੍ਰੀਤਮ ਸਿੰਘ, ਅਮਰਜੀਤ ਸਿੰਘ, ਬਾਬਾ ਹਰਭਜਨ ਸਿੰਘ, ਮਹਿੰਦਰ ਸਿੰਘ, ਇੰਦਰਜੀਤ ਸਿੰਘ, ਦਲਵਿੰਦਰ ਸਿੰਘ, ਜਸਵੰਤ ਸਿੰਘ, ਜਸਬੀਰ ਸਿੰਘ, ਸਤਬੀਰ ਸਿੰਘ, ਸੁਰਬੀਰ ਸਿੰਘ ਅਤੇ ਜੋਗਿੰਦਰ ਸਿੰਘ ਸਮੇਤ ਹੋਰ ਸ਼ਰਧਾਲੂ ਮੌਜੂਦ ਸਨ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਵੀ ਹਾਜ਼ਰ ਰਹੇ।
ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦੀ ਇਸ ਧਾਰਮਿਕ ਯਾਤਰਾ ਦੌਰਾਨ ਦੋਵਾਂ ਦੇਸ਼ਾਂ ਦੇ ਸਿੱਖ ਭਾਈਚਾਰੇ ਵਿਚਾਲੇ ਆਪਸੀ ਸਾਂਝ, ਪਿਆਰ ਅਤੇ ਧਾਰਮਿਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ ਗਿਆ।







