ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਆਖ਼ਰਕਾਰ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਯਾਤਰਾ ਦੀ ਮਨਜ਼ੂਰੀ ਮਿਲ ਗਈ ਹੈ। ਇਸ ਤੋਂ ਪਹਿਲਾਂ ਸ਼ਰਧਾਲੂਆਂ ਨੂੰ ਹਵਾਈ ਅੱਡੇ ’ਤੇ ਰੋਕ ਦਿੱਤਾ ਗਿਆ ਸੀ। ਹੁਣ 49 ਮੈਂਬਰੀ ਜਥਾ ਤਾਸ਼ਕੰਦ ਰਾਹੀਂ 8 ਅਕਤੂਬਰ ਨੂੰ ਨਵੀਂ ਦਿੱਲੀ ਪਹੁੰਚੇਗਾ ਅਤੇ ਲਗਭਗ ਇੱਕ ਮਹੀਨੇ ਤੱਕ ਭਾਰਤ ਦੇ ਵੱਖ-ਵੱਖ ਇਤਿਹਾਸਕ ਸਿੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰੇਗਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਲਾਹਕਾਰ ਪਰਮਜੀਤ ਸਿੰਘ ਚੰਢੋਕ ਨੇ ਦੱਸਿਆ ਕਿ ਫੈਸਲਾਬਾਦ ਹਵਾਈ ਅੱਡੇ ’ਤੇ ਸ਼ਰਧਾਲੂਆਂ ਨੂੰ ਰੋਕੇ ਜਾਣ ਦੇ ਮਾਮਲੇ ਦੀ ਸਮੀਖਿਆ ਤੋਂ ਬਾਅਦ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਯਾਤਰਾ ਦੀ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਾਰੇ ਯਾਤਰੀਆਂ ਕੋਲ 30 ਅਕਤੂਬਰ ਤੱਕ ਵੈਧ ਭਾਰਤੀ ਵੀਜ਼ੇ ਹਨ ਅਤੇ ਯਾਤਰਾ ਪੂਰੀ ਕਰਨ ਮਗਰੋਂ ਉਹ ਦਿੱਲੀ ਤੋਂ ਹੀ ਵਾਪਸ ਜਾਣਗੇ।
ਭਾਰਤ ਪਹੁੰਚਣ ਤੋਂ ਬਾਅਦ ਜਥਾ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਨਤਮਸਤਕ ਹੋਵੇਗਾ। ਇਨ੍ਹਾਂ ਵਿੱਚ ਗੁਰਦੁਆਰਾ ਬੰਗਲਾ ਸਾਹਿਬ, ਰਕਾਬ ਗੰਜ ਸਾਹਿਬ, ਨਾਨਕ ਪਿਆਓ, ਦਮਦਮਾ ਸਾਹਿਬ, ਸੀਸ ਗੰਜ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਅਤੇ ਬਾਲਾ ਸਾਹਿਬ ਸ਼ਾਮਲ ਹਨ। ਇਸ ਤੋਂ ਬਾਅਦ ਸ਼ਰਧਾਲੂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨ ਵੀ ਕਰਨਗੇ।
ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 10 ਅਕਤੂਬਰ ਨੂੰ ਬੰਦ ਕੀਤੇ ਜਾਣੇ ਹਨ। ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ‘ਯੈਲੋ ਅਲਰਟ’ ਜਾਰੀ ਹੋਣ ਕਾਰਨ ਜਥੇ ਦੇ ਹੇਮਕੁੰਟ ਸਾਹਿਬ ਜਾਣ ਦੀ ਸੰਭਾਵਨਾ ਘੱਟ ਦੱਸੀ ਜਾ ਰਹੀ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰੀਆਂ ਨਾਲ ਗੱਲਬਾਤ ਜਾਰੀ ਹੈ।
ਦੱਸਿਆ ਜਾਂਦਾ ਹੈ ਕਿ ਇਹ ਜਥਾ ਪਹਿਲਾਂ 11 ਸਤੰਬਰ ਨੂੰ ਭਾਰਤ ਲਈ ਰਵਾਨਾ ਹੋਣਾ ਸੀ। ਪੇਸ਼ਾਵਰ, ਪੰਜਾ ਸਾਹਿਬ, ਲਾਹੌਰ ਅਤੇ ਨਨਕਾਣਾ ਸਾਹਿਬ ਨਾਲ ਸਬੰਧਤ 104 ਸ਼ਰਧਾਲੂਆਂ ਨੂੰ ਭਾਰਤੀ ਵੀਜ਼ੇ ਜਾਰੀ ਕੀਤੇ ਗਏ ਸਨ। ਪਰ ਫੈਸਲਾਬਾਦ ਹਵਾਈ ਅੱਡੇ ’ਤੇ ਇਨ੍ਹਾਂ ਵਿੱਚੋਂ 94 ਸ਼ਰਧਾਲੂਆਂ ਨੂੰ ਵਾਪਸੀ ਦੀਆਂ ਟਿਕਟਾਂ ਅਤੇ ਐੱਨ.ਓ.ਸੀ. ਨਾ ਹੋਣ ਦਾ ਹਵਾਲਾ ਦੇ ਕੇ ਰੋਕ ਦਿੱਤਾ ਗਿਆ ਸੀ। ਇਸ ਕਾਰਨ ਉਨ੍ਹਾਂ ਦੀਆਂ ਪਹਿਲਾਂ ਬੁੱਕ ਕੀਤੀਆਂ ਟਿਕਟਾਂ ਰੱਦ ਹੋ ਗਈਆਂ ਅਤੇ ਬਾਅਦ ਵਿੱਚ ਨਵੀਆਂ ਟਿਕਟਾਂ ਖ਼ਰੀਦਣੀਆਂ ਪਈਆਂ।
ਇਸ ਘਟਨਾ ’ਤੇ ਪਾਕਿਸਤਾਨ ਪੰਜਾਬ ਦੇ ਸਾਬਕਾ ਮੰਤਰੀ ਮਹਿੰਦਰਪਾਲ ਸਿੰਘ ਨੇ ਇਤਰਾਜ਼ ਜਤਾਉਂਦਿਆਂ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਸੀ।







