ਮੋਹਾਲੀ (ਜਸਬੀਰ ਜੱਸੀ): ਮੋਹਾਲੀ ਪੁਲਸ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਖ਼ਿਲਾਫ਼ ਕਾਰਵਾਈ ਕਰਦਿਆਂ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਸ ਨੇ ਪਾਕਿਸਤਾਨ ਆਧਾਰਿਤ ਹੈਂਡਲਰਾਂ ਦੇ ਸੰਪਰਕ ਵਿੱਚ ਰਹਿਣ ਵਾਲੇ ਕਥਿਤ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪੰਜ ਪਿਸਤੌਲ, 100 ਗ੍ਰਾਮ ਹੈਰੋਇਨ, ਇਕ ਲੱਖ ਰੁਪਏ ਦੀ ਡਰੱਗ ਮਨੀ ਅਤੇ ਇਕ ਕਰੇਟਾ ਕਾਰ ਬਰਾਮਦ ਕੀਤੀ ਗਈ ਹੈ।
ਜਾਣਕਾਰੀ ਮੁਤਾਬਕ ਐੱਸ.ਏ.ਐੱਸ. ਨਗਰ ਦੇ ਐੱਸ.ਐੱਸ.ਪੀ. ਵਰੁਣ ਸ਼ਰਮਾ, ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਸ ਵੱਲੋਂ ਨਸ਼ਿਆਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹਾਂ ਵਿਰੁੱਧ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ 7 ਨਵੰਬਰ 2026 ਨੂੰ ਐੱਸ.ਆਈ. ਸਟਾਫ਼ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਪ੍ਰੀਤ ਸਿੰਘ (23) ਵਾਸੀ ਗੁਰਹਰਸਹਾਏ, ਸੁਨੀਲ ਉਰਫ਼ ਸੋਨੀ (26) ਵਾਸੀ ਪਿੰਡ ਕਾਮਲਵਾਲਾ, ਗੁਰਪ੍ਰੀਤ ਸਿੰਘ ਉਰਫ਼ ਗੁਰੀ (24) ਵਾਸੀ ਪਿੰਡ ਇਸਾ ਪੰਜ ਗਰਾਈਂ, ਗੁਰਹਰਸਹਾਏ ਅਤੇ ਸੁੱਖਚੈਨ ਸਿੰਘ ਉਰਫ਼ ਸੁੱਖਾ (23) ਵਾਸੀ ਗੱਢ ਬਿਲਾ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ।
ਪੁਲਸ ਵੱਲੋਂ ਮੁਲਜ਼ਮਾਂ ਕੋਲੋਂ ਕੀਤੀ ਗਈ ਬਰਾਮਦਗੀ ਵਿੱਚ ਇਕ ਜ਼ਿਗਾਨਾ .30 ਬੋਰ ਪਿਸਤੌਲ, ਦੋ .32 ਬੋਰ ਪਿਸਤੌਲ ਅਤੇ ਦੋ .315 ਬੋਰ ਪਿਸਤੌਲ ਸ਼ਾਮਲ ਹਨ। ਇਸ ਦੇ ਨਾਲ ਹੀ 100 ਗ੍ਰਾਮ ਹੈਰੋਇਨ, ਇਕ ਲੱਖ ਰੁਪਏ ਦੀ ਨਕਦੀ ਅਤੇ ਤਸਕਰੀ ਲਈ ਵਰਤੀ ਜਾਂਦੀ ਇਕ ਕਰੇਟਾ ਕਾਰ ਵੀ ਜ਼ਬਤ ਕੀਤੀ ਗਈ ਹੈ।
ਪਾਕਿਸਤਾਨੀ ਹੈਂਡਲਰਾਂ ਦੇ ਸੰਪਰਕ ‘ਚ ਸਨ ਮੁਲਜ਼ਮ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਚਾਰੇ ਮੁਲਜ਼ਮ ਪਾਕਿਸਤਾਨ ਵਿੱਚ ਬੈਠੇ ਪੀ.ਆਈ.ਓਜ਼ ਦੇ ਸੰਪਰਕ ਵਿੱਚ ਸਨ। ਪੁਲਸ ਅਨੁਸਾਰ ਇਹ ਵਿਅਕਤੀ ਡਰੋਨ ਰਾਹੀਂ ਸਰਹੱਦ ਪਾਰ ਤੋਂ ਭੇਜੀ ਜਾਣ ਵਾਲੀ ਹੈਰੋਇਨ ਨੂੰ ਤੈਅ ਕੀਤੇ ਗਏ ਸਥਾਨਾਂ ਤੋਂ ਹਾਸਲ ਕਰਦੇ ਸਨ ਅਤੇ ਫਿਰ ਇਸ ਦੀ ਅੱਗੇ ਸਪਲਾਈ ਕਰਦੇ ਸਨ। ਮੁਲਜ਼ਮਾਂ ਵੱਲੋਂ ਮੋਹਾਲੀ, ਚੰਡੀਗੜ੍ਹ ਅਤੇ ਟ੍ਰਾਈਸਿਟੀ ਦੇ ਹੋਰਨਾਂ ਇਲਾਕਿਆਂ ਵਿੱਚ ਨਸ਼ੇ ਦੀ ਸਪਲਾਈ ਕੀਤੀ ਜਾਂਦੀ ਸੀ।
ਗਿਰੋਹ ਦੇ ਹੋਰ ਮੈਂਬਰਾਂ ਦੀ ਭਾਲ ਜਾਰੀ
ਪੁਲਸ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਨਸ਼ਿਆਂ ਤੇ ਹਥਿਆਰਾਂ ਦੀ ਸਪਲਾਈ ਦੇ ਪੂਰੇ ਤੰਤਰ ਦੀ ਜਾਂਚ ਕਰ ਰਹੀ ਹੈ। ਗ੍ਰਿਫ਼ਤਾਰੀ ਤੋਂ ਬਾਅਦ ਚਾਰੋਂ ਮੁਲਜ਼ਮਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਉਨ੍ਹਾਂ ਤੋਂ ਸਰਹੱਦ ਪਾਰ ਬੈਠੇ ਹੈਂਡਲਰਾਂ ਨਾਲ ਸਬੰਧਾਂ ਅਤੇ ਗਿਰੋਹ ਦੀਆਂ ਗਤੀਵਿਧੀਆਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਮੁਤਾਬਕ ਜਾਂਚ ਜਾਰੀ ਹੈ ਅਤੇ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।







