ਪੰਜਾਬ : 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆਇਆ ਨਵਾਂ ਫੈਸਲਾ

ਅੰਮ੍ਰਿਤਸਰ — 20 ਮਈ ਨੂੰ ਪੰਜਾਬ ਭਰ ਵਿੱਚ ਮੈਡੀਕਲ ਸਟੋਰ ਬੰਦ ਹੋਣ ਦੀਆਂ ਚੱਲ ਰਹੀਆਂ ਖ਼ਬਰਾਂ ਵਿਚਕਾਰ ਪੰਜਾਬ ਕੈਮਿਸਟ ਐਸੋਸੀਏਸ਼ਨ (ਰਜਿ.) ਨੇ ਵੱਡਾ ਸਪਸ਼ਟੀਕਰਨ ਜਾਰੀ ਕਰ ਦਿੱਤਾ ਹੈ। ਐਸੋਸੀਏਸ਼ਨ ਨੇ ਸਾਫ਼ ਕਰ ਦਿੱਤਾ ਕਿ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਮੈਡੀਕਲ ਸਟੋਰ ਬੰਦ ਨਹੀਂ ਕੀਤੇ ਜਾਣਗੇ ਅਤੇ ਸਾਰੇ ਸਟੋਰ ਰੋਜ਼ਾਨਾ ਵਾਂਗ ਖੁੱਲ੍ਹੇ ਰਹਿਣਗੇ।

ਇਹ ਫੈਸਲਾ ਅੰਮ੍ਰਿਤਸਰ ਦੇ ਮਾਲ ਰੋਡ ’ਤੇ ਹੋਈ ਸੂਬਾ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ, ਜਿਸ ਦੀ ਅਗਵਾਈ ਪ੍ਰਧਾਨ ਅਸ਼ੋਕ ਗੋਯਲ ਨੇ ਕੀਤੀ। ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਪ੍ਰਧਾਨਾਂ, ਜਨਰਲ ਸਕੱਤਰਾਂ ਅਤੇ ਹੋਰ ਅਹੁਦੇਦਾਰਾਂ ਨੇ ਹਿੱਸਾ ਲਿਆ ਅਤੇ ਇਕਮਤ ਹੋ ਕੇ ਇਹ ਮਤਾ ਪਾਸ ਕੀਤਾ ਗਿਆ।

ਪ੍ਰਧਾਨ ਅਸ਼ੋਕ ਗੋਯਲ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ ਦਿੱਤੀ ਗਈ ਬੰਦ ਦੀ ਕਾਲ ਗੈਰ-ਜ਼ਿੰਮੇਵਾਰਾਨਾ ਅਤੇ ਜਨਹਿੱਤ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਦਵਾਈਆਂ ਅਤੇ ਸਿਹਤ ਸੇਵਾਵਾਂ ਐਮਰਜੈਂਸੀ ਸੇਵਾਵਾਂ ਹਨ ਅਤੇ ਇਨ੍ਹਾਂ ਨੂੰ ਬੰਦ ਕਰਨਾ ਮਰੀਜ਼ਾਂ ਦੀ ਜ਼ਿੰਦਗੀ ਨਾਲ ਖੇਡਣ ਦੇ ਬਰਾਬਰ ਹੈ।

ਐਸੋਸੀਏਸ਼ਨ ਦੇ ਵਰਕਿੰਗ ਪ੍ਰਧਾਨ ਰਾਜਕੁਮਾਰ ਸ਼ਰਮਾ ਅਤੇ ਜਨਰਲ ਸਕੱਤਰ ਮਨਮੋਹਨ ਸਿੰਘ ਨੇ ਦੋਸ਼ ਲਗਾਇਆ ਕਿ ਕੁਝ ਲੋਕ ਨਿੱਜੀ ਸਵਾਰਥਾਂ ਅਤੇ ਆਪਣੀ ਲੀਡਰੀ ਚਮਕਾਉਣ ਲਈ ਕੈਮਿਸਟ ਭਾਈਚਾਰੇ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦੇ ਮੰਸੂਬੇ ਕਦੇ ਸਫਲ ਨਹੀਂ ਹੋਣਗੇ ਅਤੇ ਪੂਰਾ ਕੈਮਿਸਟ ਭਾਈਚਾਰਾ ਇਕਜੁੱਟ ਹੋ ਕੇ ਇਸ ਦਾ ਵਿਰੋਧ ਕਰੇਗਾ।

ਆਗੂਆਂ ਨੇ ਕਿਹਾ ਕਿ ਕੈਮਿਸਟ ਸਿਰਫ ਵਪਾਰੀ ਨਹੀਂ, ਸਗੋਂ ਸਿਹਤ ਸੇਵਾਵਾਂ ਦਾ ਅਹਿਮ ਹਿੱਸਾ ਹਨ। ਕੋਰੋਨਾ ਮਹਾਮਾਰੀ ਦੌਰਾਨ ਵੀ ਮੈਡੀਕਲ ਸਟੋਰਾਂ ਨੇ ਲੋਕਾਂ ਤੱਕ ਦਵਾਈਆਂ ਪਹੁੰਚਾ ਕੇ ਵੱਡੀ ਭੂਮਿਕਾ ਨਿਭਾਈ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਪਿੰਡਾਂ ਤੋਂ ਲੈ ਕੇ ਵੱਡੇ ਸ਼ਹਿਰਾਂ ਤੱਕ ਮੈਡੀਕਲ ਸਟੋਰ ਲੋਕਾਂ ਲਈ ਪਹਿਲੀ ਸਹਾਇਤਾ ਦਾ ਕੇਂਦਰ ਬਣੇ ਹੋਏ ਹਨ।

ਐਸੋਸੀਏਸ਼ਨ ਨੇ ਸਾਰੇ ਰੀਟੇਲ ਅਤੇ ਹੋਲਸੇਲ ਕੈਮਿਸਟਾਂ ਨੂੰ ਨਿਰਦੇਸ਼ ਦਿੱਤੇ ਹਨ ਕਿ 20 ਮਈ ਨੂੰ ਹਰ ਹਾਲਤ ਵਿੱਚ ਜ਼ਰੂਰੀ ਅਤੇ ਜੀਵਨ ਰੱਖਿਆ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸੇ ਵੀ ਮਰੀਜ਼ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।

ਇਸ ਦੇ ਨਾਲ ਹੀ ਚੇਤਾਵਨੀ ਦਿੱਤੀ ਗਈ ਕਿ ਜੇ ਕੋਈ ਵਿਅਕਤੀ ਜਾਂ ਸੰਗਠਨ ਗਲਤ ਜਾਣਕਾਰੀ ਫੈਲਾਉਂਦਾ ਹੈ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕੈਮਿਸਟ ਭਾਈਚਾਰੇ ਨੇ ਸਪਸ਼ਟ ਕੀਤਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਮੈਡੀਕਲ ਸਟੋਰ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ।