ਪੰਜਾਬ ਵਿੱਚ ਗਰਮੀ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਸੂਬੇ ਲਈ ਅਗਲੇ ਪੰਜ ਦਿਨਾਂ ਦੌਰਾਨ ਹੀਟਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ 18 ਮਈ ਤੋਂ 22 ਮਈ ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਲੂ ਚੱਲਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮਾਹਿਰਾਂ ਦਾ ਕਹਿਣਾ ਹੈ ਕਿ ਤਾਪਮਾਨ ਵਿੱਚ ਲਗਾਤਾਰ ਹੋ ਰਹੇ ਵਾਧੇ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ ਹੈ ਅਤੇ ਲੋਕ ਬਿਨਾਂ ਲੋੜ ਘਰਾਂ ਤੋਂ ਬਾਹਰ ਨਿਕਲਣ ਤੋਂ ਕਤਰਾਉਣ ਲੱਗ ਪਏ ਹਨ।
ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਜਲੰਧਰ ਵਿੱਚ ਵੀ ਤਾਪਮਾਨ 42 ਡਿਗਰੀ ਤੋਂ ਉੱਪਰ ਜਾਣ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਤ ਇਹ ਹਨ ਕਿ ਸਵੇਰੇ 11 ਵਜੇ ਤੋਂ ਹੀ ਤਿੱਖੀ ਧੁੱਪ ਅਤੇ ਗਰਮੀ ਦਾ ਅਸਰ ਮਹਿਸੂਸ ਹੋਣਾ ਸ਼ੁਰੂ ਹੋ ਜਾਂਦਾ ਹੈ, ਜੋ ਸ਼ਾਮ 5 ਵਜੇ ਤੋਂ ਬਾਅਦ ਵੀ ਘੱਟ ਨਹੀਂ ਹੁੰਦਾ। ਐਤਵਾਰ ਨੂੰ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਦਰਜ ਕੀਤਾ ਗਿਆ, ਜਦਕਿ ਜਲੰਧਰ ਵਿੱਚ 40 ਡਿਗਰੀ ਤਾਪਮਾਨ ਰਿਕਾਰਡ ਹੋਇਆ। ਗਰਮੀ ਦੇ ਵਧਦੇ ਅਸਰ ਕਾਰਨ ਲੋਕ ਘਰਾਂ ਵਿੱਚ ਰਹਿਣ ਲਈ ਮਜਬੂਰ ਹੋ ਰਹੇ ਹਨ ਅਤੇ ਸੜਕਾਂ ‘ਤੇ ਕਰਫਿਊ ਵਰਗੇ ਹਾਲਾਤ ਵੇਖਣ ਨੂੰ ਮਿਲ ਰਹੇ ਹਨ।
ਭਿਆਨਕ ਗਰਮੀ ਦਾ ਅਸਰ ਬਾਜ਼ਾਰਾਂ ਅਤੇ ਰੋਜ਼ਾਨਾ ਦੀ ਚਹਿਲ-ਪਹਿਲ ‘ਤੇ ਵੀ ਸਪੱਸ਼ਟ ਨਜ਼ਰ ਆ ਰਿਹਾ ਹੈ। ਸੜਕਾਂ ਸੁੰਝੀਆਂ ਦਿਖਾਈ ਦੇ ਰਹੀਆਂ ਹਨ ਅਤੇ ਮੁੱਖ ਬਾਜ਼ਾਰਾਂ ਵਿੱਚ ਵੀ ਭੀੜ ਕਾਫ਼ੀ ਘੱਟ ਹੋ ਗਈ ਹੈ। ਲੋਕ ਗਰਮੀ ਕਾਰਨ ਘਰੋਂ ਬਾਹਰ ਜਾਣ ਤੋਂ ਬਚ ਰਹੇ ਹਨ, ਜਿਸ ਨਾਲ ਖਰੀਦਦਾਰੀ ‘ਤੇ ਵੀ ਅਸਰ ਪਿਆ ਹੈ। ਬਠਿੰਡਾ ਵਿੱਚ ਐਤਵਾਰ ਨੂੰ ਸਭ ਤੋਂ ਵੱਧ 43.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜੋ ਗਰਮੀ ਦੀ ਤੀਬਰਤਾ ਨੂੰ ਦਰਸਾਉਂਦਾ ਹੈ। ਮਾਹਿਰਾਂ ਅਨੁਸਾਰ ਜੇਕਰ ਇਹੀ ਹਾਲਾਤ ਬਣੇ ਰਹੇ ਤਾਂ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧ ਸਕਦਾ ਹੈ।
ਮਾਹਿਰਾਂ ਨੇ ਲੋਕਾਂ ਨੂੰ ਸਿੱਧੀ ਧੁੱਪ ਤੋਂ ਬਚਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਤੇਜ਼ ਧੁੱਪ ਵਿੱਚ ਜਾਣ ਨਾਲ ਚਮੜੀ ਨੂੰ ਨੁਕਸਾਨ ਹੋ ਸਕਦਾ ਹੈ ਅਤੇ ਲੂ ਲੱਗਣ ਦਾ ਖਤਰਾ ਵੀ ਵਧ ਜਾਂਦਾ ਹੈ। ਇਸ ਲਈ ਬਾਹਰ ਨਿਕਲਦੇ ਸਮੇਂ ਸਿਰ ਅਤੇ ਮੂੰਹ ਨੂੰ ਕੱਪੜੇ ਨਾਲ ਢੱਕਣਾ ਚਾਹੀਦਾ ਹੈ ਜਾਂ ਟੋਪੀ ਦੀ ਵਰਤੋਂ ਕਰਨੀ ਚਾਹੀਦੀ ਹੈ। ਦੋਪਹੀਆ ਵਾਹਨ ਚਾਲਕਾਂ ਨੂੰ ਹੈਲਮੈਟ ਪਹਿਨਣ ਦੀ ਸਲਾਹ ਦਿੱਤੀ ਗਈ ਹੈ। ਗਰਮੀ ਕਾਰਨ ਸਰੀਰ ਵਿੱਚ ਪਾਣੀ ਦੀ ਕਮੀ ਹੋਣ ਨਾਲ ਡੀਹਾਈਡ੍ਰੇਸ਼ਨ ਦਾ ਖਤਰਾ ਵੀ ਵਧ ਜਾਂਦਾ ਹੈ, ਇਸ ਲਈ ਲੋਕਾਂ ਨੂੰ ਵੱਧ ਤੋਂ ਵੱਧ ਪਾਣੀ ਪੀਣ ਅਤੇ ਆਪਣੇ ਨਾਲ ਪਾਣੀ ਦੀ ਬੋਤਲ ਰੱਖਣ ਦੀ ਸਲਾਹ ਦਿੱਤੀ ਗਈ ਹੈ। ਨਿੰਬੂ ਪਾਣੀ ਜਾਂ ਹਲਕਾ ਲੂਣ ਮਿਲਾ ਕੇ ਪਾਣੀ ਪੀਣ ਨਾਲ ਵੀ ਸਰੀਰ ਨੂੰ ਲੂ ਤੋਂ ਬਚਾਉਣ ਵਿੱਚ ਮਦਦ ਮਿਲ ਸਕਦੀ ਹੈ।



