ਪੰਜਾਬ ‘ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਜਾਣਕਾਰੀ

ਭਾਰਤੀ ਮੌਸਮ ਵਿਭਾਗ (IMD) ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 3 ਤੋਂ 5 ਜੂਨ ਤੱਕ ਮੌਸਮ ਅਸਥਿਰ ਰਹਿ ਸਕਦਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਵਿਭਾਗ ਨੇ 3 ਜੂਨ ਲਈ ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਅਤੇ ਮੋਗਾ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੱਗ ਸਕਦੀਆਂ ਹਨ, ਨਾਲ ਹੀ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਵੀ ਹੈ। ਹੋਰ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

4 ਜੂਨ ਨੂੰ ਵੀ ਸੂਬੇ ਦੇ ਵੱਡੇ ਹਿੱਸੇ ਵਿੱਚ ਮੌਸਮ ਖਰਾਬ ਰਹਿਣ ਦੇ ਆਸਾਰ ਹਨ। ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਬਠਿੰਡਾ, ਮਾਨਸਾ ਅਤੇ ਸੰਗਰੂਰ ਸਮੇਤ ਕਈ ਇਲਾਕਿਆਂ ਵਿੱਚ ਓਰੇਂਜ ਅਲਰਟ ਲਾਗੂ ਰਹੇਗਾ। ਇੱਥੇ ਤੇਜ਼ ਹਵਾਵਾਂ ਦੇ ਨਾਲ ਹਲਕੇ ਤੋਂ ਦਰਮਿਆਨੇ ਮੀਂਹ ਅਤੇ ਗਰਜ-ਚਮਕ ਵਾਲੇ ਬੱਦਲ ਬਣ ਸਕਦੇ ਹਨ।

5 ਜੂਨ ਨੂੰ ਮੌਸਮ ਵਿੱਚ ਕੁਝ ਹੱਦ ਤੱਕ ਸੁਧਾਰ ਹੋਣ ਦੀ ਉਮੀਦ ਹੈ, ਪਰ ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਫਾਜ਼ਿਲਕਾ ਅਤੇ ਮੁਕਤਸਰ ਖੇਤਰਾਂ ਵਿੱਚ ਯੈਲੋ ਅਲਰਟ ਜਾਰੀ ਰਹੇਗਾ। ਇਨ੍ਹਾਂ ਇਲਾਕਿਆਂ ਵਿੱਚ ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਬਣੀ ਹੋਈ ਹੈ।

ਮੌਸਮ ਵਿਭਾਗ ਦੇ ਅਨੁਸਾਰ 6 ਜੂਨ ਨੂੰ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਆਮ ਰਹਿ ਸਕਦਾ ਹੈ ਅਤੇ ਕੋਈ ਵੱਡੀ ਚੇਤਾਵਨੀ ਨਹੀਂ ਹੈ। ਹਾਲਾਂਕਿ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਦੇ ਕੁਝ ਹਿੱਸਿਆਂ ਵਿੱਚ ਯੈਲੋ ਅਲਰਟ ਜਾਰੀ ਰਹਿਣ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।