ਪੰਜਾਬ ”ਚ ਮੌਨਸੂਨ ਨੇ ਫੜੀ ਰਫ਼ਤਾਰ,ਆਉਣ ਦਾ ਰਿਹਾ ਭਾਰੀ ਮੀਂਹ,ਜਾਰੀ ਅਲਰਟ

ਪੰਜਾਬ ਵਿੱਚ ਮਾਨਸੂਨ ਨੇ ਹੁਣ ਪੂਰੀ ਤਰ੍ਹਾਂ ਰਫ਼ਤਾਰ ਫੜ ਲਈ ਹੈ। ਵੀਰਵਾਰ ਸਵੇਰੇ ਤੜਕੇ ਸੂਬੇ ਦੇ ਕਈ ਇਲਾਕਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪਿਆ, ਜਿਸ ਕਾਰਨ ਲੋਕਾਂ ਨੂੰ ਲੰਬੇ ਸਮੇਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ।

ਭਾਰਤ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਵੱਲੋਂ 2 ਜੁਲਾਈ ਤੋਂ 6 ਜੁਲਾਈ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ ਇਸ ਦੌਰਾਨ ਮੌਸਮ ਦੇ ਖਰਾਬ ਰਹਿਣ, ਗਰਜ-ਚਮਕ, ਤੇਜ਼ ਹਵਾਵਾਂ ਅਤੇ ਕਈ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

2 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ, ਐਸ.ਏ.ਐਸ. ਨਗਰ (ਮੋਹਾਲੀ), ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮੋਗਾ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ ਗਰਜ-ਚਮਕ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਇਸ ਤੋਂ ਇਲਾਵਾ 3 ਜੁਲਾਈ ਤੋਂ 6 ਜੁਲਾਈ ਤੱਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ ਵਿੱਚ ਵੀ ਗਰਜ-ਚਮਕ ਨਾਲ ਭਾਰੀ ਮੀਂਹ ਪੈਣ ਦੇ ਆਸਾਰ ਹਨ। ਇਸ ਮਿਆਦ ਦੌਰਾਨ ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਪ੍ਰਭਾਵੀ ਰਹੇਗਾ।

ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖਰਾਬ ਮੌਸਮ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ, ਖੁੱਲ੍ਹੇ ਸਥਾਨਾਂ ਅਤੇ ਦਰੱਖਤਾਂ ਹੇਠਾਂ ਖੜ੍ਹੇ ਨਾ ਹੋਣ ਅਤੇ ਵਿਭਾਗ ਵੱਲੋਂ ਜਾਰੀ ਕੀਤੀਆਂ ਸੁਰੱਖਿਆ ਹਦਾਇਤਾਂ ਦੀ ਪਾਲਣਾ ਕਰਨ।