ਪੰਜਾਬ ਦੇ ਮੌਸਮ ਬਾਰੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਜਾ ਰਿਹਾ ਹੈ ਅਤੇ 19 ਅਪ੍ਰੈਲ ਤੱਕ ਲਈ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਅੱਜ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ ਪਰ 16 ਅਪ੍ਰੈਲ ਤੋਂ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸਦੇ ਨਾਲ ਹੀ 17 ਅਤੇ 18 ਅਪ੍ਰੈਲ ਲਈ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ 16 ਤੋਂ 19 ਅਪ੍ਰੈਲ ਦਰਮਿਆਨ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਦੇ ਆਸਾਰ ਹਨ। ਅਗਲੇ ਪੰਜ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 4 ਤੋਂ 5 ਡਿਗਰੀ ਸੈਲਸੀਅਸ ਤੱਕ ਵਧ ਸਕਦਾ ਹੈ। 17 ਅਤੇ 18 ਅਪ੍ਰੈਲ ਨੂੰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਹਨ੍ਹੇਰੀ-ਝੱਖੜ, ਬਿਜਲੀ ਚਮਕਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਨਾਲ ਹੀ ਬਿਜਲੀ ਡਿੱਗਣ ਬਾਰੇ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਜੇ ਤਾਪਮਾਨ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਦੌਰਾਨ 1.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਹੁਣ ਇਹ ਮੌਸਮੀ ਆਮ ਦੇ ਨੇੜੇ ਪਹੁੰਚ ਗਿਆ ਹੈ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਦਰਜ ਹੋਇਆ ਜਦਕਿ ਚੰਡੀਗੜ੍ਹ ਵਿੱਚ 35.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।




