ਪੰਜਾਬ ‘ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਹੋ ਜਾਓ ਸਾਵਧਾਨ

ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਦਾ ਰੁਖ ਬਦਲਣ ਜਾ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਸੂਬੇ ਭਰ ਵਿੱਚ ਯੈਲੋ ਅਲਰਟ ਜਾਰੀ ਕਰਦਿਆਂ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

ਵਿਭਾਗ ਦੇ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਮੋਹਾਲੀ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਵਰਖਾ ਹੋ ਸਕਦੀ ਹੈ। ਇਸ ਤੋਂ ਇਲਾਵਾ ਜਲੰਧਰ, ਅੰਮ੍ਰਿਤਸਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਆਸਾਰ ਹਨ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ, ਪਰ ਮੋਹਾਲੀ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਵਰਖਾ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ, ਆਵਾਜਾਈ ਪ੍ਰਭਾਵਿਤ ਹੋਣ ਅਤੇ ਫ਼ਸਲਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਤਰਾ ਵੀ ਜਤਾਇਆ ਗਿਆ ਹੈ। ਇਸ ਲਈ ਪ੍ਰਸ਼ਾਸਨ ਅਤੇ ਮੌਸਮ ਵਿਭਾਗ ਨੇ ਲੋਕਾਂ ਨੂੰ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।

ਇਸੇ ਦੌਰਾਨ ਮਾਨਸੂਨ ਦੇ ਅੰਕੜਿਆਂ ਮੁਤਾਬਕ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਹੁਣ ਤੱਕ ਔਸਤ ਨਾਲੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ, ਜਦਕਿ 12 ਜ਼ਿਲ੍ਹਿਆਂ ਵਿੱਚ ਵਰਖਾ ਆਮ ਨਾਲੋਂ ਘੱਟ ਰਹੀ ਹੈ। ਪਠਾਨਕੋਟ, ਫ਼ਰੀਦਕੋਟ ਅਤੇ ਗੁਰਦਾਸਪੁਰ ਵਿੱਚ ਸਭ ਤੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ, ਜਦਕਿ ਫ਼ਾਜ਼ਿਲਕਾ, ਹੁਸ਼ਿਆਰਪੁਰ ਅਤੇ ਕਪੂਰਥਲਾ ਉਹ ਜ਼ਿਲ੍ਹੇ ਹਨ ਜਿੱਥੇ ਹੁਣ ਤੱਕ ਸਭ ਤੋਂ ਘੱਟ ਵਰਖਾ ਹੋਈ ਹੈ।