ਪੰਜਾਬ ਦੇ ਮੌਸਮ ਵਿੱਚ ਇਕ ਵਾਰ ਫਿਰ ਤਬਦੀਲੀ ਆਉਣ ਵਾਲੀ ਹੈ, ਜਿਸ ਨਾਲ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਤਾਜ਼ਾ ਜਾਣਕਾਰੀ ਅਨੁਸਾਰ ਅੱਜ ਤੋਂ 20 ਅਪ੍ਰੈਲ ਤੱਕ ਮੌਸਮ ਵਿੱਚ ਵੱਡੇ ਬਦਲਾਅ ਦੇ ਆਸਾਰ ਹਨ। ਵਿਭਾਗ ਨੇ ਦੱਸਿਆ ਹੈ ਕਿ ਅੱਜ ਸ਼ਾਮ ਤੋਂ ਹੀ ਮੌਸਮ ਰੁਖ ਬਦਲ ਸਕਦਾ ਹੈ।
17 ਅਪ੍ਰੈਲ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਗਰਜ-ਚਮਕ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸਨੂੰ ਧਿਆਨ ਵਿੱਚ ਰੱਖਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 18 ਅਪ੍ਰੈਲ ਨੂੰ ਵੀ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਖਾਸ ਤੌਰ ‘ਤੇ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਬਿਜਲੀ ਚਮਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ।
ਹਾਲਾਂਕਿ 18 ਅਪ੍ਰੈਲ ਤੋਂ ਬਾਅਦ 20 ਅਪ੍ਰੈਲ ਤੱਕ ਮੌਸਮ ਸਾਫ਼ ਰਹਿਣ ਦੀ ਉਮੀਦ ਹੈ ਅਤੇ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਮੌਸਮ ਖੁੱਲ੍ਹਣ ਨਾਲ ਤਾਪਮਾਨ ਵਿੱਚ ਵਾਧਾ ਹੋਵੇਗਾ ਅਤੇ ਗਰਮੀ ਮੁੜ ਤੇਜ਼ ਹੋ ਸਕਦੀ ਹੈ।





