ਪੰਜਾਬ ਪੁਲਸ ਨੇ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਦੇ ਅਹਿਮ ਜੰਕਸ਼ਨਾਂ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਰਣਨੀਤਕ ਨਾਕੇ ਸਥਾਪਤ ਕੀਤੇ ਹਨ। ਲੋਕਾਂ ਅਤੇ ਯਾਤਰੀਆਂ ਨੂੰ ਘੱਟ ਤੋਂ ਘੱਟ ਅਸੁਵਿਧਾ ਪਹੁੰਚਾਉਂਦਿਆਂ ਪੁਲਿਸਿੰਗ ਨੂੰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਚਲਾਈ ਗਈ ਇਸ ਮੁਹਿੰਮ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ।
ਇਨ੍ਹਾਂ ਨਾਕਿਆਂ ਰਾਹੀਂ ਕਈ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਵਿੱਚ ਸਫਲਤਾ ਮਿਲੀ ਹੈ। ਪੁਲਸ ਨੇ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਬਰਾਮਦਗੀ ਵੀ ਕੀਤੀ ਹੈ।
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਲਗਾਏ ਗਏ ਇਹ ਨਾਕੇ ਪੁਲਸ ਦੀ ਮੌਜੂਦਗੀ ਨੂੰ ਹੋਰ ਮਜ਼ਬੂਤ ਕਰ ਰਹੇ ਹਨ ਅਤੇ ਕਿਸੇ ਵੀ ਹੰਗਾਮੀ ਜਾਂ ਸੰਕਟਕਾਲੀਨ ਸਥਿਤੀ ਵਿੱਚ ਤੁਰੰਤ ਕਾਰਵਾਈ ਨੂੰ ਯਕੀਨੀ ਬਣਾ ਰਹੇ ਹਨ। ਖਾਸ ਕਰਕੇ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਇਹ ਇੱਕ ਪ੍ਰਭਾਵੀ ਹਥਿਆਰ ਸਾਬਤ ਹੋ ਰਹੇ ਹਨ।
ਪੰਜਾਬ ਪੁਲਸ ਦੇ ਵਿਆਪਕ ਸੁਰੱਖਿਆ ਤੰਤਰ ਦਾ ਹਿੱਸਾ ਬਣੇ ਇਹ ਰਣਨੀਤਕ ਨਾਕੇ ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਲਈ ਪੁਲਸ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨਾਲ ਤਾਲਮੇਲ ਕਰਕੇ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।






