ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੱਛ ਸਰਵੇਖਣ 2025-26 ਤਹਿਤ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਸੂਬੇ ਦੇ ਸਭ ਤੋਂ ਸਾਫ਼-ਸੁਥਰੇ ਸ਼ਹਿਰ ਵਜੋਂ ਚੁਣਿਆ ਗਿਆ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਕੀਤੇ ਗਏ ਵਿਸ਼ੇਸ਼ ਸਫ਼ਾਈ ਪ੍ਰਬੰਧਾਂ ਅਤੇ ਸੁਚੱਜੇ ਪ੍ਰਬੰਧਨ ਨੂੰ ਦਿੱਤਾ। ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਅਪਣਾਏ ਗਏ ਸਫ਼ਾਈ ਪ੍ਰਬੰਧਾਂ ਨੂੰ ਹੁਣ ਪੰਜਾਬ ਦੇ ਹੋਰਨਾਂ ਸ਼ਹਿਰਾਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਇਸ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਤਲਵੰਡੀ ਸਾਬੋ ਨੂੰ ਸਫ਼ਾਈ ਦੇ ਮਾਮਲੇ ਵਿੱਚ ਮਿਸਾਲੀ ਸ਼ਹਿਰਾਂ ਵਜੋਂ ਵਿਕਸਤ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸੂਬੇ ਵਿੱਚ 2,000 ਤੋਂ ਵੱਧ ਕੂੜੇ ਦੇ ਡੰਪਿੰਗ ਸਥਾਨਾਂ ਦੀ ਸ਼ਨਾਖਤ ਕੀਤੀ ਗਈ ਸੀ। ਇਨ੍ਹਾਂ ਵਿੱਚੋਂ 1,300 ਤੋਂ ਵੱਧ ਥਾਵਾਂ ਨੂੰ ਸਾਫ਼ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰਾਂ ਵਿੱਚ ਕੂੜੇ ਦੇ ਸੁਚੱਜੇ ਨਿਪਟਾਰੇ ਲਈ ਆਧੁਨਿਕ ਠੋਸ ਰਹਿੰਦ-ਖੂੰਹਦ ਪ੍ਰੋਸੈਸਿੰਗ ਪਲਾਂਟ ਸਥਾਪਤ ਕੀਤੇ ਜਾਣਗੇ।
ਮੰਤਰੀ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਜੀ.ਪੀ.ਐੱਸ. ਤਕਨੀਕ ਨਾਲ ਲੈਸ ਆਧੁਨਿਕ ਕੰਟਰੋਲ ਰੂਮ ਤਿਆਰ ਕੀਤਾ ਗਿਆ ਹੈ। ਇਸ ਦੀ ਮਦਦ ਨਾਲ ਘਰਾਂ ਤੋਂ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ’ਤੇ ਰੀਅਲ ਟਾਈਮ ਨਿਗਰਾਨੀ ਰੱਖੀ ਜਾ ਰਹੀ ਹੈ। ਸਰਕਾਰ ਦਾ ਉਦੇਸ਼ ਇਸ ਤਰ੍ਹਾਂ ਦੇ ਆਧੁਨਿਕ ਪ੍ਰਬੰਧਾਂ ਰਾਹੀਂ ਸੂਬੇ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਉਣਾ ਹੈ।







