ਪੰਜਾਬ ਭਰ ਦੇ ਡੀ.ਸੀ. ਦਫ਼ਤਰੀ ਮੁਲਾਜ਼ਮ ਹੜਤਾਲ ‘ਤੇ, ਸਰਕਾਰੀ ਕੰਮਕਾਜ ਪ੍ਰਭਾਵਿਤ

ਚੰਡੀਗੜ੍ਹ: ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਆਪਣੀਆਂ ਲੰਬੇ ਸਮੇਂ ਤੋਂ ਬਕਾਇਆ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਸੂਬਾ ਪੱਧਰੀ ਦੋ ਦਿਨਾਂ ਕਲਮਛੋੜ ਅਤੇ ਕੰਪਿਊਟਰ ਬੰਦ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਹੜਤਾਲ ਕਾਰਨ ਪੰਜਾਬ ਭਰ ਵਿੱਚ ਡੀ.ਸੀ. ਦਫ਼ਤਰਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਸਰਕਾਰੀ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।

ਯੂਨੀਅਨ ਦੇ ਆਗੂਆਂ ਅਨੁਸਾਰ 9 ਅਗਸਤ ਨੂੰ ਸਰਕਾਰ ਨਾਲ ਹੋਈ ਗੱਲਬਾਤ ਕਿਸੇ ਨਤੀਜੇ ’ਤੇ ਨਹੀਂ ਪਹੁੰਚੀ, ਜਿਸ ਤੋਂ ਬਾਅਦ 17 ਅਤੇ 18 ਅਗਸਤ ਨੂੰ ਹੜਤਾਲ ਕਰਨ ਦਾ ਫ਼ੈਸਲਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ ਚੰਡੀਗੜ੍ਹ ਵਿੱਚ ਹੋਈ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੀ ਮਹਾਂਰੈਲੀ ਤੋਂ ਬਾਅਦ ਤੈਅ ਕੀਤੀ ਗਈ ਸੰਘਰਸ਼ ਰਣਨੀਤੀ ਦਾ ਹਿੱਸਾ ਹੈ।

ਯਾਦ ਰਹੇ ਕਿ 7 ਅਗਸਤ ਨੂੰ ਸੈਕਟਰ-39 ਸਥਿਤ ਦਾਣਾ ਮੰਡੀ ਵਿੱਚ ਹੋਈ ਮਹਾਂਰੈਲੀ ਦੌਰਾਨ ਵਿਧਾਨ ਸਭਾ ਵੱਲ ਮਾਰਚ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਦਾ ਸਹਾਰਾ ਲਿਆ ਸੀ। ਇਸ ਕਾਰਵਾਈ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਘਟਨਾ ਤੋਂ ਬਾਅਦ ਯੂਨੀਅਨ ਨੇ 27 ਅਗਸਤ ਨੂੰ ਸੂਬਾ ਪੱਧਰੀ ‘ਮਹਾਂ ਬੰਦ’ ਦਾ ਸੱਦਾ ਵੀ ਦਿੱਤਾ ਹੈ, ਜਿਸ ਤਹਿਤ ਮੁਲਾਜ਼ਮ ਸਮੂਹਿਕ ਛੁੱਟੀ ਲੈਣਗੇ।

ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਅਤੇ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਬਕਾਇਆ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਨਾ, ਪੈਨਸ਼ਨਰਾਂ ਲਈ 2.59 ਗੁਣਾਂਕ ਦੇ ਲਾਭ ਦੇਣਾ ਅਤੇ ਕੱਚੇ ਤੇ ਆਊਟਸੋਰਸ ਕਰਮਚਾਰੀਆਂ ਨੂੰ ਪੱਕਾ ਕਰਨਾ ਸ਼ਾਮਲ ਹੈ।

ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ, ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵਿਆਪਕ ਅਤੇ ਤਿੱਖਾ ਕੀਤਾ ਜਾਵੇਗਾ।