ਪੰਜਾਬ ਯੂਨੀਵਰਸਿਟੀ ਚੋਣਾਂ: NSUI ਨੇ ਐਲਾਨੇ ਆਪਣੇ ਚਿਹਰੇ

ਪੰਜਾਬ ਯੂਨੀਵਰਸਿਟੀ ਚੋਣਾਂ ਲਈ NSUI ਨੇ ਐਲਾਨੇ ਆਪਣੇ ਉਮੀਦਵਾਰ

ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (PUCSC) ਦੀਆਂ 31 ਅਗਸਤ ਨੂੰ ਹੋਣ ਵਾਲੀਆਂ ਚੋਣਾਂ ਲਈ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (NSUI) ਨੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਸੰਸਥਾ ਵੱਲੋਂ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁਦਿਆਂ ਲਈ ਆਪਣੇ ਚਿਹਰੇ ਮੈਦਾਨ ਵਿੱਚ ਉਤਾਰੇ ਗਏ ਹਨ।

ਚੰਡੀਗੜ੍ਹ ਕਾਂਗਰਸ ਭਵਨ ਵਿੱਚ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਐਨਐਸਯੂਆਈ ਨੇ ਜਾਣਕਾਰੀ ਦਿੱਤੀ ਕਿ ਗੁਰਮਨ ਸਿੰਘ ਸਿੱਧੂ ਨੂੰ ਪ੍ਰਧਾਨ ਅਹੁਦੇ ਲਈ ਉਮੀਦਵਾਰ ਬਣਾਇਆ ਗਿਆ ਹੈ, ਜਦਕਿ ਆਕਾਂਕਸ਼ਾ ਠਾਕੁਰ ਮੀਤ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਣਗੇ। ਗੁਰਮਨ ਸਿੰਘ ਸਿੱਧੂ ਯੂਨੀਵਰਸਿਟੀ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਜ਼ ਨਾਲ ਸੰਬੰਧਿਤ ਹਨ, ਜਦਕਿ ਆਕਾਂਕਸ਼ਾ ਠਾਕੁਰ ਬਾਇਓਫਿਜ਼ਿਕਸ ਵਿਭਾਗ ਦੀ ਵਿਦਿਆਰਥਣ ਹਨ।

ਉਮੀਦਵਾਰਾਂ ਦਾ ਐਲਾਨ ਕਰਦਿਆਂ ਗੁਰਮਨ ਸਿੰਘ ਸਿੱਧੂ ਨੇ ਕਿਹਾ ਕਿ ਐਨਐਸਯੂਆਈ ਇਸ ਵਾਰ ਵਿਦਿਆਰਥੀ-ਹਿਤਾਂ ਨੂੰ ਕੇਂਦਰ ਵਿੱਚ ਰੱਖ ਕੇ ਚੋਣ ਮੈਦਾਨ ਵਿੱਚ ਉਤਰ ਰਹੀ ਹੈ। ਉਨ੍ਹਾਂ ਦੱਸਿਆ ਕਿ ‘ਜ਼ੀਰੋ ਪ੍ਰੀਖਿਆ ਫੀਸ’ ਮੁਹਿੰਮ ਉਨ੍ਹਾਂ ਦੇ ਚੋਣ ਏਜੰਡੇ ਦਾ ਮੁੱਖ ਹਿੱਸਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਪ੍ਰੀਖਿਆਵਾਂ ਸਿੱਖਿਆ ਪ੍ਰਣਾਲੀ ਦਾ ਅਹਿਮ ਅੰਗ ਹਨ ਅਤੇ ਇਸ ਲਈ ਵਿਦਿਆਰਥੀਆਂ ’ਤੇ ਵਾਧੂ ਆਰਥਿਕ ਬੋਝ ਨਹੀਂ ਪੈਣਾ ਚਾਹੀਦਾ।

ਸਿੱਧੂ ਨੇ ਕਿਹਾ ਕਿ ਇਹ ਚੋਣ ਸਿਰਫ਼ ਅਹੁਦੇ ਹਾਸਲ ਕਰਨ ਲਈ ਨਹੀਂ, ਸਗੋਂ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਹਰ ਵਿਦਿਆਰਥੀ ਲਈ ਵਧੇਰੇ ਪਹੁੰਚਯੋਗ ਅਤੇ ਬਰਾਬਰੀ ਵਾਲਾ ਬਣਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ।

ਦੂਜੇ ਪਾਸੇ, ਆਕਾਂਕਸ਼ਾ ਠਾਕੁਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹਾ ਕੈਂਪਸ ਮਾਹੌਲ ਮਿਲਣਾ ਚਾਹੀਦਾ ਹੈ, ਜਿੱਥੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਪੂਰੀ ਰੱਖਿਆ ਕੀਤੀ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਵਿਦਿਆਰਥੀ ਉਨ੍ਹਾਂ ’ਤੇ ਵਿਸ਼ਵਾਸ ਜਤਾਉਂਦੇ ਹਨ ਤਾਂ ਉਹ ਵਿਦਿਆਰਥੀ ਭਲਾਈ ਨੂੰ ਸਭ ਤੋਂ ਉੱਚੀ ਤਰਜੀਹ ਦੇਣਗੇ ਅਤੇ ਹਰ ਵਿਦਿਆਰਥੀ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਕੰਮ ਕਰਨਗੇ।