ਪੰਜਾਬ ਵਿਚ ਗਰਮੀਆਂ ਦੀਆਂ ਛੁੱਟੀਆਂ ਵਿਚ ਵਾਧੇ ਬਾਰੇ ਵੱਡੀ ਖਬਰ

ਦੇਸ਼ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਦੀ ਕਮਜ਼ੋਰ ਰਫ਼ਤਾਰ ਅਤੇ ਘੱਟ ਬਾਰਿਸ਼ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ (IMD) ਨੇ ਤਾਜ਼ਾ ਮੌਸਮ ਅਪਡੇਟ ਜਾਰੀ ਕੀਤੀ ਹੈ। ਵਿਭਾਗ ਦੇ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਮਾਨਸੂਨ ਦੀ ਚਾਲ ਹੌਲੀ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਵਿੱਚ ਹੋਰ ਵਾਧਾ ਹੋ ਸਕਦਾ ਹੈ।

ਇਸੇ ਵਿਚਾਲੇ ਪੰਜਾਬ ਵਿੱਚ ਸਕੂਲਾਂ ਦੀਆਂ ਗਰਮੀ ਦੀਆਂ ਛੁੱਟੀਆਂ ਵਧਾਉਣ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸ ਵੇਲੇ ਸੂਬੇ ਦੇ ਸਰਕਾਰੀ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 1 ਜੂਨ ਤੋਂ 30 ਜੂਨ 2026 ਤੱਕ ਗਰਮੀ ਦੀਆਂ ਛੁੱਟੀਆਂ ਲਾਗੂ ਹਨ।

ਕੁਝ ਸੋਸ਼ਲ ਮੀਡੀਆ ਪੋਸਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਛੁੱਟੀਆਂ 10 ਜੁਲਾਈ ਤੱਕ ਵਧਾਈਆਂ ਜਾ ਸਕਦੀਆਂ ਹਨ। ਹਾਲਾਂਕਿ, ਇਸ ਸਬੰਧੀ ਪੰਜਾਬ ਸਰਕਾਰ ਜਾਂ ਸਿੱਖਿਆ ਵਿਭਾਗ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਜਾਂ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਜੇਕਰ ਗਰਮੀ ਦਾ ਪ੍ਰਕੋਪ ਜਾਰੀ ਰਹਿੰਦਾ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਸਥਿਤੀ ਦਾ ਜਾਇਜ਼ਾ ਲੈ ਕੇ ਕੋਈ ਫੈਸਲਾ ਕਰ ਸਕਦੀ ਹੈ।

ਦੂਜੇ ਪਾਸੇ, ਪੰਜਾਬ ਵਿੱਚ ਮਾਨਸੂਨ ਦੇ ਪਹੁੰਚਣ ਲਈ ਲੋਕਾਂ ਨੂੰ ਹਾਲੇ ਕੁਝ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।

29 ਜੂਨ ਲਈ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਸਮੇਤ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਇਲਾਕਿਆਂ ਵਿੱਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 30 ਜੂਨ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਲਈ ਵੀ ਪੀਲਾ ਅਲਰਟ ਜਾਰੀ ਰਹੇਗਾ, ਜਿੱਥੇ ਤੂਫ਼ਾਨ, ਬਿਜਲੀ ਚਮਕਣ ਅਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਫਿਲਹਾਲ ਪੰਜਾਬ ਵਿੱਚ ਮਾਨਸੂਨ ਤੋਂ ਪਹਿਲਾਂ ਵਾਲੀਆਂ ਮੌਸਮੀ ਗਤੀਵਿਧੀਆਂ ਜਾਰੀ ਰਹਿਣਗੀਆਂ। ਬੱਦਲਵਾਈ ਵਿੱਚ ਵਾਧਾ ਹੋ ਸਕਦਾ ਹੈ, ਪਰ ਸੂਬੇ ਭਰ ਵਿੱਚ ਵਿਆਪਕ ਮਾਨਸੂਨੀ ਬਾਰਿਸ਼ ਸ਼ੁਰੂ ਹੋਣ ਲਈ ਅਜੇ ਕੁਝ ਹੋਰ ਦਿਨ ਲੱਗ ਸਕਦੇ ਹਨ।