ਪੰਜਾਬ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਸੰਘਰਸ਼ ਹੋਵੇਗਾ ਹੋਰ ਤਿੱਖਾ, ਸਾਂਝੀ ਤਾਲਮੇਲ ਕਮੇਟੀ ਵੱਲੋਂ ਵੱਡੇ ਐਕਸ਼ਨ ਦਾ ਐਲਾਨ
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਬੱਚਤ ਭਵਨ ਲੁਧਿਆਣਾ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਗੁਰਨਾਮ ਸਿੰਘ ਵਿਰਕ ਅਤੇ ਸਤੀਸ਼ ਰਾਣਾ ਨੇ ਕੀਤੀ। ਇਸ ਦੌਰਾਨ ਹੁਣ ਤੱਕ ਚੱਲੇ ਸੰਘਰਸ਼ ਨੂੰ ਸਮਰਥਨ ਦੇਣ ਵਾਲੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦਾ ਧੰਨਵਾਦ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ।
ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਗਏ ਮੁਲਾਜ਼ਮਾਂ ਸਬੰਧੀ ਜਾਰੀ ਕੀਤੇ ਪੱਤਰ ਅਤੇ ਇਸ ਤੋਂ ਬਾਅਦ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਦਿੱਤੀ ਗਈ ਚਿਤਾਵਨੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਤਾਲਮੇਲ ਕਮੇਟੀ ਨੇ ਆਉਣ ਵਾਲੇ ਸੰਘਰਸ਼ੀ ਪ੍ਰੋਗਰਾਮਾਂ ਨੂੰ ‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਕੱਤਰੇਤ ਤੋਂ ਸਤੋਜ ਵਾਪਸੀ’ ਮੁਹਿੰਮ ਦਾ ਨਾਮ ਦਿੱਤਾ ਹੈ।
ਪ੍ਰੈੱਸ ਕਾਨਫ਼ਰੰਸ ਦੌਰਾਨ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਵੱਲੋਂ ਵਾਰ-ਵਾਰ ਮੀਟਿੰਗਾਂ ਦਾ ਭਰੋਸਾ ਦੇਣ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ। ਇਸ ਦੇ ਰੋਸ ਵਜੋਂ 21 ਅਤੇ 22 ਅਕਤੂਬਰ ਨੂੰ ਪੰਜਾਬ ਦੇ ਸਮੁੱਚੇ ਮੁਲਾਜ਼ਮ ਦੋ ਦਿਨਾਂ ਦੀ ਸਮੂਹਿਕ ਛੁੱਟੀ ’ਤੇ ਜਾਣਗੇ, ਜਦਕਿ 10 ਅਕਤੂਬਰ ਨੂੰ ਸੰਗਰੂਰ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।
ਆਗੂਆਂ ਨੇ ਦੱਸਿਆ ਕਿ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ 12 ਅਤੇ 13 ਸਤੰਬਰ ਨੂੰ ਵੱਖ-ਵੱਖ ਕੈਬਨਿਟ ਮੰਤਰੀਆਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕੀਤਾ ਜਾਵੇਗਾ। 12 ਸਤੰਬਰ ਨੂੰ ਹਰਭਜਨ ਸਿੰਘ ਈਟੀਓ ਦੇ ਅੰਮ੍ਰਿਤਸਰ, ਜੈ ਕਿਸ਼ਨ ਸਿੰਘ ਰੋੜੀ ਦੇ ਗੜ੍ਹਸ਼ੰਕਰ, ਡਾ. ਬਲਵੀਰ ਸਿੰਘ ਦੇ ਪਟਿਆਲਾ ਅਤੇ ਕੁਲਤਾਰ ਸਿੰਘ ਸੰਧਵਾਂ ਦੇ ਸੰਧਵਾਂ ਵਿਖੇ ਪ੍ਰੋਗਰਾਮ ਹੋਣਗੇ। ਇਸੇ ਤਰ੍ਹਾਂ 13 ਸਤੰਬਰ ਨੂੰ ਲਾਲ ਚੰਦ ਕਟਾਰੂਚੱਕ ਦੇ ਪਠਾਨਕੋਟ, ਹਰਜੋਤ ਸਿੰਘ ਬੈਂਸ ਦੇ ਸ੍ਰੀ ਆਨੰਦਪੁਰ ਸਾਹਿਬ ਅਤੇ ਅਮਨ ਅਰੋੜਾ ਦੇ ਸੁਨਾਮ ਵਿਖੇ ਰੈਲੀਆਂ ਕਰਕੇ ਉਨ੍ਹਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕੀਤਾ ਜਾਵੇਗਾ।
ਇਸ ਤੋਂ ਬਾਅਦ 19 ਅਤੇ 20 ਸਤੰਬਰ ਨੂੰ ਬਾਕੀ ਰਹਿੰਦੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਦੇ ਘਿਰਾਓ ਕੀਤੇ ਜਾਣਗੇ। ਤਾਲਮੇਲ ਕਮੇਟੀ ਨੇ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਸਰਕਾਰ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਦਬਾਅ ਬਣਾਇਆ ਜਾਵੇਗਾ।
ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਨੇ 7 ਸਤੰਬਰ ਤੱਕ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਸਬੰਧੀ ਜਾਰੀ ਧਮਕੀ ਪੱਤਰ ਵਾਪਸ ਨਾ ਲਿਆ ਤਾਂ 8 ਸਤੰਬਰ ਨੂੰ ਸਕੱਤਰੇਤ, ਡਾਇਰੈਕਟੋਰੇਟਾਂ ਅਤੇ ਸਮੁੱਚੇ ਮਨਿਸਟੀਰੀਅਲ ਸਟਾਫ਼ ਵੱਲੋਂ ਸਮੂਹਿਕ ਛੁੱਟੀ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਵਿੱਚ ਸਾਂਝੀ ਤਾਲਮੇਲ ਕਮੇਟੀ ਨਾਲ ਜੁੜੀਆਂ ਸਾਰੀਆਂ ਧਿਰਾਂ ਸ਼ਾਮਲ ਹੋਣਗੀਆਂ।
ਆਗੂਆਂ ਨੇ ਦੱਸਿਆ ਕਿ 30 ਸਤੰਬਰ ਨੂੰ ਤਾਲਮੇਲ ਕਮੇਟੀ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਵੀ ਕਰਵਾਇਆ ਜਾਵੇਗਾ। ਇਸ ਦੌਰਾਨ ਸੂਬੇ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਤੋਂ ਤਾਲਮੇਲ ਕਮੇਟੀ ਦੀਆਂ ਮੰਗਾਂ ਬਾਰੇ ਉਨ੍ਹਾਂ ਦੀਆਂ ਪਾਰਟੀਆਂ ਦਾ ਪੱਖ ਸਪਸ਼ਟ ਕਰਨ ਲਈ ਸਵਾਲ ਕੀਤੇ ਜਾਣਗੇ।
ਕਮੇਟੀ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।






