ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਨਵੇਂ ਉਪਰਾਲੇ ਕਰ ਰਹੀ ਹੈ। ਇਸੇ ਤਹਿਤ ਅੱਜ 100 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਨ੍ਹਾਂ ਦੇ ਸ਼ੁਰੂ ਹੋਣ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1,090 ਤੱਕ ਪਹੁੰਚ ਗਈ ਹੈ। ਨਵੇਂ ਖੁੱਲ੍ਹੇ ਕਲੀਨਿਕਾਂ ਵਿੱਚੋਂ 73 ਸ਼ਹਿਰੀ ਅਤੇ 27 ਪੇਂਡੂ ਖੇਤਰਾਂ ਵਿੱਚ ਸਥਾਪਿਤ ਕੀਤੇ ਗਏ ਹਨ, ਜਿਸ ਨਾਲ ਹੋਰ ਲੋਕਾਂ ਨੂੰ ਆਪਣੇ ਨੇੜੇ ਹੀ ਮੁਫ਼ਤ ਸਿਹਤ ਸੇਵਾਵਾਂ ਮਿਲਣਗੀਆਂ।
ਪਟਿਆਲਾ ਦੇ ਵਿਕਾਸ ਨਗਰ ਵਿੱਚ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਇੱਕ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਸਮੇਂ-ਸਮੇਂ ‘ਤੇ ਮਾਹਿਰ ਡਾਕਟਰ ਵੀ ਆਪਣੀਆਂ ਸੇਵਾਵਾਂ ਦੇਣਗੇ, ਤਾਂ ਜੋ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਵੀ ਉੱਚ ਪੱਧਰੀ ਇਲਾਜ ਮਿਲ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ‘ਰੰਗਲਾ ਪੰਜਾਬ’ ਦੇ ਵਿਜ਼ਨ ਨੂੰ ਸਾਕਾਰ ਕਰਨ ਲਈ ਸਰਕਾਰ ਸਿਹਤ ਖੇਤਰ ਵਿੱਚ ਲਗਾਤਾਰ ਕੰਮ ਕਰ ਰਹੀ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਹੁਣ ਤੱਕ 1 ਕਰੋੜ 77 ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕਾਂ ਤੋਂ ਇਲਾਜ ਕਰਵਾ ਚੁੱਕੇ ਹਨ। ਇਸ ਤੋਂ ਇਲਾਵਾ ਸੂਬੇ ਭਰ ਵਿੱਚ 5.90 ਕਰੋੜ ਤੋਂ ਵੱਧ ਓਪੀਡੀ ਸੇਵਾਵਾਂ ਅਤੇ 3.43 ਕਰੋੜ ਤੋਂ ਵੱਧ ਮੁਫ਼ਤ ਡਾਇਗਨੋਸਟਿਕ ਟੈਸਟ ਮੁਹੱਈਆ ਕਰਵਾਏ ਜਾ ਚੁੱਕੇ ਹਨ, ਜਿਸ ਨਾਲ ਲੱਖਾਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।
ਉੱਧਰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਸੋਸ਼ਲ ਮੀਡੀਆ ‘ਤੇ ਕੀਤੀ ਗਈ ਟਿੱਪਣੀ ਸਬੰਧੀ ਪੁੱਛੇ ਸਵਾਲ ‘ਤੇ ਡਾ. ਬਲਵੀਰ ਸਿੰਘ ਨੇ ਕਿਹਾ ਕਿ ਰਵਨੀਤ ਬਿੱਟੂ ਦੀਆਂ ਗੱਲਾਂ ਨੂੰ ਕੋਈ ਵੀ ਗੰਭੀਰਤਾ ਨਾਲ ਨਹੀਂ ਲੈਂਦਾ।







