ਫਤਹਿਗੜ੍ਹ ਸਾਹਿਬ ਜ਼ਿਮਨੀ ਚੋਣ: ਅਕਾਲੀ ਦਲ ਵੱਲੋਂ ਬਲਜੀਤ ਸਿੰਘ ਭੁੱਟਾ ’ਤੇ ਦਾਅ

Fatehgarh Sahib: ਅਕਾਲੀ ਦਲ ਵੱਲੋਂ ਬਲਜੀਤ ਸਿੰਘ ਭੁੱਟਾ ਉਮੀਦਵਾਰ ਐਲਾਨੇ, ਸੁਖਬੀਰ ਬਾਦਲ ਨੇ ਕੀਤੇ ਕਈ ਚੋਣ ਵਾਅਦੇ

ਸਰਹਿੰਦ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪਾਰਟੀ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੂੰ ਉਮੀਦਵਾਰ ਐਲਾਨ ਦਿੱਤਾ। ਉਨ੍ਹਾਂ ਸਰਹਿੰਦ ਵਿੱਚ ਭੁੱਟਾ ਵੱਲੋਂ ਕਰਵਾਈ ਗਈ ‘ਪੰਜਾਬ ਬਚਾਓ ਰੈਲੀ’ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਦੇ ਹੱਕ ਵਿੱਚ ਲੋਕਾਂ ਦਾ ਸਮਰਥਨ ਵਧ ਰਿਹਾ ਹੈ ਅਤੇ ਪੰਜਾਬ ਦੇ ਭਵਿੱਖ ਲਈ ਲੋਕ ਅਕਾਲੀ ਦਲ ਦਾ ਸਾਥ ਦੇਣਗੇ।

ਸੁਖਬੀਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਪਾਰਟੀਆਂ ਦੀ ਪਛਾਣ ਕਰਦਿਆਂ ਇਹ ਸਮਝਣ ਕਿ ਕਿਹੜੀ ਪਾਰਟੀ ਪੰਜਾਬ ਦੇ ਹਿੱਤਾਂ ਲਈ ਕੰਮ ਕਰਦੀ ਹੈ ਅਤੇ ਕਿਹੜੀਆਂ ਪਾਰਟੀਆਂ ਬਾਹਰੀ ਤਾਕਤਾਂ ਦੇ ਪ੍ਰਭਾਵ ਹੇਠ ਹਨ। ‘ਵਾਰਿਸ ਪੰਜਾਬ’ ਪਾਰਟੀ ਬਾਰੇ ਉਨ੍ਹਾਂ ਦਾਅਵਾ ਕੀਤਾ ਕਿ ਇਸ ਦਾ ਉਦੇਸ਼ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ।

ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਅਕਾਲੀ ਦਲ ਪ੍ਰਧਾਨ ਨੇ ਕਈ ਗੰਭੀਰ ਦੋਸ਼ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਅਤੇ ਅਪਰਾਧ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਲੋਕਾਂ ਵਿੱਚ ਰੋਸ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਜਬਰ-ਜਨਾਹ ਦੇ ਮਾਮਲਿਆਂ ਵਿੱਚ ਮੁਲਜ਼ਮਾਂ ਨੂੰ ਕਥਿਤ ਤੌਰ ’ਤੇ ਪੈਸੇ ਲੈ ਕੇ ਸੁਰੱਖਿਆ ਦਿੱਤੀ ਜਾ ਰਹੀ ਹੈ ਅਤੇ ਗੈਂਗਸਟਰਾਂ ਨੂੰ ‘ਆਪ’ ਵਿੱਚ ਸ਼ਾਮਲ ਕੀਤਾ ਗਿਆ ਹੈ।

ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ’ਤੇ ਬੇਅਦਬੀ ਦੇ ਮਾਮਲਿਆਂ ਨੂੰ ਸਿਆਸੀ ਮੁੱਦੇ ਵਜੋਂ ਵਰਤਣ ਦਾ ਦੋਸ਼ ਲਾਇਆ। ਸੁਖਬੀਰ ਬਾਦਲ ਨੇ ਕਿਹਾ ਕਿ ਬੇਅਦਬੀ ਦੇ ਝੂਠੇ ਦੋਸ਼ ਲਗਾ ਕੇ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਵਿੱਚ ਬਿਜਲੀ ਕਟੌਤੀਆਂ ਲਈ ਵੀ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।

ਸਰਕਾਰ ਬਣਨ ’ਤੇ ਕਈ ਸਹੂਲਤਾਂ ਦੇਣ ਦਾ ਵਾਅਦਾ

ਰੈਲੀ ਦੌਰਾਨ ਸੁਖਬੀਰ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਬਣਨ ਦੀ ਸੂਰਤ ਵਿੱਚ ਕਿਸਾਨਾਂ, ਨੌਜਵਾਨਾਂ, ਬਜ਼ੁਰਗਾਂ ਅਤੇ ਪਸ਼ੂ ਪਾਲਕਾਂ ਲਈ ਕਈ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਉਨ੍ਹਾਂ ਨੂੰ ਕੁਨੈਕਸ਼ਨ ਮੁਹੱਈਆ ਕਰਵਾਏ ਜਾਣਗੇ।

ਉਨ੍ਹਾਂ ਆਟਾ-ਦਾਲ ਸਕੀਮ ਤਹਿਤ 50 ਕਿਲੋ ਕਣਕ ਦੇਣ, ਸ਼ਗਨ ਸਕੀਮ ਦੀ ਰਕਮ ਵਧਾ ਕੇ ਇੱਕ ਲੱਖ ਰੁਪਏ ਕਰਨ ਅਤੇ ਬੁਢਾਪਾ ਪੈਨਸ਼ਨ 3,100 ਰੁਪਏ ਪ੍ਰਤੀ ਮਹੀਨਾ ਕਰਨ ਦਾ ਵਾਅਦਾ ਕੀਤਾ। ਇਸ ਤੋਂ ਇਲਾਵਾ ਹਰ ਜ਼ਿਲ੍ਹਾ ਹੈੱਡਕੁਆਰਟਰ ’ਤੇ ਮੈਡੀਕਲ ਅਤੇ ਵੈਟਰਨਰੀ ਕਾਲਜ ਸਥਾਪਤ ਕਰਨ ਦੀ ਗੱਲ ਵੀ ਆਖੀ।

ਨੌਜਵਾਨਾਂ ਲਈ ਉਨ੍ਹਾਂ 10 ਲੱਖ ਰੁਪਏ ਤੱਕ ਦੇ ਵਿਆਜ ਮੁਕਤ ਕਰਜ਼ੇ ਦੇਣ ਦਾ ਐਲਾਨ ਕੀਤਾ। ਪਸ਼ੂ ਪਾਲਣ ਨਾਲ ਸਬੰਧਤ ਪ੍ਰਾਜੈਕਟਾਂ ਲਈ 75 ਫ਼ੀਸਦੀ ਤੱਕ ਸਬਸਿਡੀ ਦੇਣ ਦਾ ਵੀ ਵਾਅਦਾ ਕੀਤਾ ਗਿਆ।

ਸੁਖਬੀਰ ਬਾਦਲ ਨੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਲਈ ਪਾਰਟੀ ਦਾ ਡਟ ਕੇ ਸਾਥ ਦੇਣ।

ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਇੰਚਾਰਜ ਦਰਬਾਰਾ ਸਿੰਘ ਗੁਰੂ ਸਮੇਤ ਕਈ ਆਗੂ ਹਾਜ਼ਰ ਸਨ।

ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਪਰਵਿੰਦਰ ਸਿੰਘ ਤਲਵਾੜਾ, ਤੇਜਿੰਦਰ ਸਿੰਘ ਮਿੱਡੂਖੇੜਾ, ਅਵਤਾਰ ਸਿੰਘ ਰਿਆ, ਦਿਲਬਾਗ ਸਿੰਘ ਬਾਘਾ, ਸੁਰਜੀਤ ਸਿੰਘ ਗੜ੍ਹੀ ਅਤੇ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।