ਬਰੇਟਾ ਵਿੱਚ ਵੱਡਾ ਸੜਕ ਹਾਦਸਾ, PRTC ਬੱਸ ਨਾਲ ਟਕਰਾਈ ਸਕੂਲ ਵੈਨ

ਮਾਨਸਾ: ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਸਵੇਰੇ PRTC ਬੱਸ ਅਤੇ ਇੱਕ ਸਕੂਲ ਵੈਨ ਵਿਚਕਾਰ ਹੋਈ ਭਿਆਨਕ ਟੱਕਰ ਕਾਰਨ ਲਗਭਗ ਇੱਕ ਦਰਜਨ ਸਕੂਲੀ ਬੱਚੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਕੁਝ ਬੱਚਿਆਂ ਨੂੰ ਹਲਕੀਆਂ ਸੱਟਾਂ ਲੱਗੀਆਂ ਹਨ, ਜਦਕਿ ਕਰੀਬ ਛੇ ਬੱਚਿਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਹਾਦਸੇ ਤੋਂ ਬਾਅਦ ਸਕੂਲ ਵੈਨ ਦੀ ਸੁਰੱਖਿਆ ਅਤੇ ਫਿਟਨੈੱਸ ਨੂੰ ਲੈ ਕੇ ਵੀ ਸਵਾਲ ਉੱਠਣ ਲੱਗੇ ਹਨ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਵੈਨ ਕਾਫ਼ੀ ਜਰਜਰ ਹਾਲਤ ਵਿੱਚ ਸੀ ਅਤੇ ਇਸ ਦੇ ਲੋੜੀਂਦੇ ਦਸਤਾਵੇਜ਼ ਅਤੇ ਪਾਸਿੰਗ ਵੀ ਪੂਰੇ ਨਹੀਂ ਸਨ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਕੂਲੀ ਵਾਹਨਾਂ ਦੀ ਨਿਯਮਤ ਜਾਂਚ ਯਕੀਨੀ ਬਣਾਈ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

ਪੀ.ਆਰ.ਟੀ.ਸੀ. ਬੱਸ ਦੇ ਡਰਾਈਵਰ ਨੇ ਦੱਸਿਆ ਕਿ ਉਹ ਮਾਨਸਾ ਤੋਂ ਜਾਖਲ ਵੱਲ ਜਾ ਰਿਹਾ ਸੀ। ਰਸਤੇ ਵਿੱਚ ਉਸ ਦੇ ਅੱਗੇ ਇੱਕ ਮੋਟਰਸਾਈਕਲ ਸਵਾਰ ਮੋਬਾਈਲ ਫੋਨ ’ਤੇ ਗੱਲ ਕਰਦਾ ਹੋਇਆ ਚੱਲ ਰਿਹਾ ਸੀ। ਉਸ ਨੂੰ ਬਚਾਉਣ ਲਈ ਬੱਸ ਚਾਲਕ ਨੇ ਅਚਾਨਕ ਬ੍ਰੇਕ ਲਗਾਈ, ਜਿਸ ਕਾਰਨ ਪਿੱਛੇ ਆ ਰਹੀ ਸਕੂਲ ਵੈਨ ਬੱਸ ਨਾਲ ਜਾ ਟਕਰਾਈ।

ਹਾਦਸੇ ਵਿੱਚ ਸਕੂਲ ਵੈਨ ਦੇ ਡਰਾਈਵਰ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਜਾਣਕਾਰੀ ਅਨੁਸਾਰ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ ਅਤੇ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀ ਬੱਚਿਆਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਵਿੱਚ ਜਾਰੀ ਹੈ ਅਤੇ ਹਾਦਸੇ ਦੇ ਸਹੀ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।