ਬਸਪਾ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਰਕਾਰ ਤੋਂ ਕੀਤੀ ਅਹਿਮ ਮੰਗ

ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਵਿਰੁੱਧ ਬਸਪਾ ਵੱਲੋਂ ਰਾਜਪਾਲ ਦੇ ਨਾਂ ਮੰਗ ਪੱਤਰ

ਜਲੰਧਰ-ਲੁਧਿਆਣਾ ਬਾਈਪਾਸ: ਜਲੰਧਰ-ਲੁਧਿਆਣਾ ਬਾਈਪਾਸ ਨੇੜੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਕਥਿਤ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਬਸਪਾ ਦੀ ਜ਼ਿਲ੍ਹਾ ਇਕਾਈ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਪੰਜਾਬ ਦੇ ਰਾਜਪਾਲ ਦੇ ਨਾਂ ਮੰਗ ਪੱਤਰ ਭੇਜਿਆ ਗਿਆ।

ਬਸਪਾ ਦੇ ਜ਼ਿਲ੍ਹਾ ਪ੍ਰਧਾਨ ਹਰਕਾਦਾਸ ਧਾਲੀਵਾਲ ਦੀ ਅਗਵਾਈ ਹੇਠ ਅਤੇ ਸੂਬਾ ਜਨਰਲ ਸਕੱਤਰ ਠੇਕੇਦਾਰ ਹਰਭਜਨ ਸਿੰਘ ਬਜਹੇੜੀ ਦੀ ਮੌਜੂਦਗੀ ਵਿੱਚ ਸੌਂਪੇ ਗਏ ਇਸ ਮੰਗ ਪੱਤਰ ਰਾਹੀਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ।

ਬਸਪਾ ਆਗੂਆਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਅਜਿਹੀਆਂ ਘਟਨਾਵਾਂ ਲਈ ਪੰਜਾਬ ਅਤੇ ਕੇਂਦਰ ਸਰਕਾਰ ਦੀ ਜਵਾਬਦੇਹੀ ਬਣਦੀ ਹੈ। ਆਗੂਆਂ ਨੇ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਬਸਪਾ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ਵਿੱਚ ਜਲਦ ਅਤੇ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਪਾਰਟੀ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।

ਇਸ ਮੌਕੇ ਸੁੱਚਾ ਸਿੰਘ ਸਨੇਟਾ, ਬੇਗ ਸਿੰਘ, ਜਗਤਾਰ ਸਿੰਘ, ਪ੍ਰਕਾਸ਼ ਸਿੰਘ ਪੀਰ ਸੋਹਾਣਾ, ਹਰਨੇਕ ਸਿੰਘ, ਸੁਖਦੇਵ ਸਿੰਘ ਚੱਪੜਚਿੜੀ, ਦੀਪਕ ਸੌਂਧੀ, ਗੁਰਪ੍ਰੀਤ ਸਿੰਘ ਬੜੀ, ਬਲਜੀਤ ਸਿੰਘ ਬਾਕਰਪੁਰ, ਗੁਰਮੇਲ ਸਿੰਘ ਮੱਛਲੀ, ਸੁਰੇਸ਼ ਕੁਮਾਰ ਅਤੇ ਪਰਮਜੀਤ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।