ਬਿਮਾਰ ਦਾਦੀ ਨਾਲ ਗੱਲਬਾਤ ਲਈ ਅੰਮ੍ਰਿਤਪਾਲ ਸਿੰਘ ਨੂੰ ਫ਼ੋਨ ਦੀ ਮਨਜ਼ੂਰੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਆਗੂ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਥਾਨਕ ਅਦਾਲਤ ਨੇ ਆਪਣੀ ਬਿਮਾਰ ਦਾਦੀ ਨਾਲ ਫ਼ੋਨ ’ਤੇ ਗੱਲਬਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਦਾਦੀ ਵਡੇਰੀ ਉਮਰ ਦੇ ਹਨ ਅਤੇ ਪਿਛਲੇ ਕੁਝ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਹਨ। ਹਾਲ ਹੀ ਵਿੱਚ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਵੀ ਦਾਖ਼ਲ ਕਰਵਾਇਆ ਗਿਆ ਸੀ।

ਪਾਰਟੀ ਦੇ ਬੁਲਾਰੇ ਅਤੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਨੂੰ ਅਚਾਨਕ ਤੇਜ਼ ਬੁਖ਼ਾਰ ਦੇ ਨਾਲ ਸਾਹ ਲੈਣ ਵਿੱਚ ਦਿੱਕਤ ਆਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਕਰਵਾਉਣ ਮਗਰੋਂ ਹੁਣ ਉਹ ਘਰ ਵਿੱਚ ਰਹਿ ਰਹੇ ਹਨ।

ਪਾਰਟੀ ਦੇ ਆਗੂ ਅਤੇ ਲੀਗਲ ਸੈੱਲ ਦੇ ਮੈਂਬਰ ਐਡਵੋਕੇਟ ਕਰਮਵੀਰ ਸਿੰਘ ਪੰਨੂ ਮੁਤਾਬਕ, ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਬਿਮਾਰ ਦਾਦੀ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਲਈ ਸਥਾਨਕ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਦਾਦੀ ਨਾਲ ਫ਼ੋਨ ’ਤੇ 10 ਮਿੰਟ ਤੱਕ ਗੱਲਬਾਤ ਕਰਨ ਦੀ ਆਗਿਆ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।