ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਭਰ ਵਿੱਚ ਜਾਰੀ ਭਿਆਨਕ ਗਰਮੀ ਦੇ ਦਰਮਿਆਨ ਰਾਹਤ ਦੇ ਨਾਲ-ਨਾਲ ਚੇਤਾਵਨੀ ਵੀ ਜਾਰੀ ਕੀਤੀ ਹੈ। ਵਿਭਾਗ ਦੇ ਅਨੁਸਾਰ 1 ਜੂਨ 2026 ਨੂੰ ਪੰਜਾਬ, ਦਿੱਲੀ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ 19 ਸੂਬਿਆਂ ਵਿੱਚ ਭਾਰੀ ਮੀਂਹ, ਗੱਜ-ਵੱਜ ਅਤੇ ਤੇਜ਼ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਕਈ ਥਾਵਾਂ ‘ਤੇ ਹਵਾਵਾਂ ਦੀ ਰਫ਼ਤਾਰ 90 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।
ਪੰਜਾਬ ਵਿੱਚ 1 ਤੋਂ 3 ਜੂਨ ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਫਿਰੋਜ਼ਪੁਰ ਅਤੇ ਗੁਰਦਾਸਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਦੇ ਨਾਲ 70 ਤੋਂ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਹਰਿਆਣਾ ਅਤੇ ਦਿੱਲੀ ਵਿੱਚ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦਾ ਅਨੁਮਾਨ ਹੈ। ਦਿੱਲੀ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ ਅਤੇ ਵੱਧ ਤੋਂ ਵੱਧ ਤਾਪਮਾਨ ਕਰੀਬ 35 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਕਿਸਾਨਾਂ, ਮਛੇਰਿਆਂ ਅਤੇ ਯਾਤਰੀਆਂ ਲਈ ਵੀ ਖਾਸ ਸਲਾਹ ਜਾਰੀ ਕੀਤੀ ਹੈ। ਚੱਕਰਵਾਤੀ ਪ੍ਰਣਾਲੀ ਦੇ ਪ੍ਰਭਾਵ ਨੂੰ ਦੇਖਦੇ ਹੋਏ ਨਦੀਆਂ ਅਤੇ ਪਾਣੀ ਵਾਲੇ ਖੇਤਰਾਂ ਦੇ ਨੇੜੇ ਜਾਣ ਤੋਂ ਪਰਹੇਜ਼ ਕਰਨ ਲਈ ਕਿਹਾ ਗਿਆ ਹੈ। ਤੇਜ਼ ਹਵਾਵਾਂ ਕਾਰਨ ਦਰੱਖਤਾਂ ਅਤੇ ਬਿਜਲੀ ਦੇ ਖੰਭੇ ਡਿੱਗਣ ਦਾ ਖਤਰਾ ਵੀ ਬਣਿਆ ਰਹੇਗਾ। ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਵੱਲ ਜਾਣ ਵਾਲੇ ਸੈਲਾਨੀਆਂ ਨੂੰ ਯਾਤਰਾ ਤੋਂ ਪਹਿਲਾਂ ਮੌਸਮ ਦੀ ਤਾਜ਼ਾ ਜਾਣਕਾਰੀ ਲੈਣ ਦੀ ਸਲਾਹ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਰਾਜਸਥਾਨ, ਮੱਧ ਪ੍ਰਦੇਸ਼, ਅਸਾਮ ਅਤੇ ਕੇਰਲ ਸਮੇਤ ਕਈ ਹੋਰ ਸੂਬਿਆਂ ਵਿੱਚ ਵੀ ਭਾਰੀ ਬਾਰਿਸ਼ ਅਤੇ ਅਸਮਾਨੀ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਗਈ ਹੈ। ਬਿਹਾਰ ਵਿੱਚ 70 ਤੋਂ 75 ਕਿਲੋਮੀਟਰ ਪ੍ਰਤੀ ਘੰਟਾ ਅਤੇ ਝਾਰਖੰਡ ਵਿੱਚ 80 ਤੋਂ 85 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫ਼ਾਨ ਆ ਸਕਦਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਘਰਾਂ ਅੰਦਰ ਰਹਿਣ ਅਤੇ ਸੁਰੱਖਿਆ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।




