ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਸਬੰਧਤ ਮਾਮਲੇ ਵਿੱਚ ਪੁੱਛਗਿੱਛ ਲਈ ਤਲਬ ਕੀਤਾ ਹੈ। ਉਨ੍ਹਾਂ ਨੂੰ ਅੱਜ ਦੁਪਹਿਰ 2:30 ਵਜੇ ਸੈਕਟਰ-30 ਸਥਿਤ ਸੀਬੀਆਈ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਹ ਕਾਰਵਾਈ ਸੀਬੀਆਈ ਵੱਲੋਂ ਰਾਜਬੀਰ ਸਿੰਘ ਘੁੰਮਣ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਅਤੇ ਪੰਜਾਬ ਤੇ ਚੰਡੀਗੜ੍ਹ ਵਿੱਚ ਅੱਠ ਥਾਵਾਂ ’ਤੇ ਛਾਪੇਮਾਰੀ ਕਰਨ ਤੋਂ ਬਾਅਦ ਸਾਹਮਣੇ ਆਈ ਹੈ। ਐੱਫਆਈਆਰ ਵਿੱਚ ਘੁੰਮਣ ਤੋਂ ਇਲਾਵਾ ਨਿਤਨ ਗੋਹਲ, ਜਿਤਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦੇਵਿੰਦਰ ਅਤੇ ਆਰ.ਐੱਸ. ਨਾਗਰਾ ਨੂੰ ਨਾਮਜ਼ਦ ਕੀਤਾ ਗਿਆ ਹੈ।
ਹਾਲਾਂਕਿ, ਅਜੇ ਇਹ ਸਪੱਸ਼ਟ ਨਹੀਂ ਹੈ ਕਿ ਰਾਜਬੀਰ ਸਿੰਘ ਘੁੰਮਣ ਅੱਜ ਸੀਬੀਆਈ ਦੇ ਸਾਹਮਣੇ ਪੁੱਛਗਿੱਛ ਲਈ ਹਾਜ਼ਰ ਹੋਣਗੇ ਜਾਂ ਨਹੀਂ।
ਦੱਸਿਆ ਗਿਆ ਹੈ ਕਿ ਸੀਬੀਆਈ ਨੇ ਪਿਛਲੇ ਦਿਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਠ ਵੱਖ-ਵੱਖ ਥਾਵਾਂ ’ਤੇ ਇਕੱਠੇ ਛਾਪੇਮਾਰੀ ਕੀਤੀ ਸੀ। ਇਨ੍ਹਾਂ ਵਿੱਚ ਮੁੱਖ ਮੰਤਰੀ ਦਾ ਕੈਂਪ ਦਫ਼ਤਰ, ਸੰਗਰੂਰ ਜ਼ਿਲ੍ਹੇ ਦੇ ਪਿੰਡ ਘਰਾਚੋਂ ਸਥਿਤ ਰਾਜਬੀਰ ਘੁੰਮਣ ਦੀ ਰਿਹਾਇਸ਼ ਅਤੇ ਮੁਹਾਲੀ ਦੇ ਫੇਜ਼-11 ਵਿੱਚ ਉਨ੍ਹਾਂ ਦੇ ਇੱਕ ਰਿਸ਼ਤੇਦਾਰ ਦਾ ਘਰ ਵੀ ਸ਼ਾਮਲ ਸੀ। ਇਸ ਤੋਂ ਇਲਾਵਾ ਸੰਗਰੂਰ, ਪਟਿਆਲਾ, ਲੁਧਿਆਣਾ, ਜਲੰਧਰ ਅਤੇ ਗੁਰਦਾਸਪੁਰ ਵਿੱਚ ਵੀ ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਲਈ ਗਈ।
ਸੀਬੀਆਈ ਦੀ ਇਹ ਕਾਰਵਾਈ ਸ਼ਾਮ ਕਰੀਬ 5:30 ਵਜੇ ਸ਼ੁਰੂ ਹੋਈ ਅਤੇ ਰਾਤ 11 ਵਜੇ ਤੱਕ ਜਾਰੀ ਰਹੀ। ਜਾਂਚ ਏਜੰਸੀ ਮੁਤਾਬਕ ਤਲਾਸ਼ੀ ਦੌਰਾਨ ਲੈਪਟਾਪ, ਮੋਬਾਈਲ ਫੋਨ ਅਤੇ ਕਈ ਮਹੱਤਵਪੂਰਨ ਦਸਤਾਵੇਜ਼ ਕਬਜ਼ੇ ਵਿੱਚ ਲਏ ਗਏ ਹਨ।







