ਸ਼ਨੀਵਾਰ ਨੂੰ ਇਸ ਸ਼ਹਿਰ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਅਦਿੱਤਿਆ ਉੱਪਲ ਵੱਲੋਂ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਤਿਗੁਰੂ ਸ੍ਰੀ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ਮਿਤੀ 31 ਜਨਵਰੀ 2026 (ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ, ਇਹ ਹੁਕਮ ਉਸ ਦਿਨ ਹੋਣ ਵਾਲੀਆਂ ਪ੍ਰੀਖਿਆਵਾਂ ‘ਤੇ ਲਾਗੂ ਨਹੀਂ ਹੋਵੇਗਾ।

ਹੁਕਮਾਂ ਵਿੱਚ ਦੱਸਿਆ ਗਿਆ ਹੈ ਕਿ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਕਮੇਟੀ ਆਰੀਆ ਨਗਰ ਗੁਰਦਾਸਪੁਰ ਅਤੇ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸੰਗਠਨ ਕਮੇਟੀ ਤਹਿਸੀਲ ਬਟਾਲਾ ਵੱਲੋਂ ਦਫ਼ਤਰ ਵਿੱਚ ਮੰਗ ਪੱਤਰ ਪੇਸ਼ ਕਰਦੇ ਹੋਏ ਬੇਨਤੀ ਕੀਤੀ ਗਈ ਸੀ ਕਿ ਸਤਿਗੁਰੂ ਸ੍ਰੀ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 31 ਜਨਵਰੀ 2026 ਨੂੰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਮੱਦੇਨਜ਼ਰ, ਜ਼ਿਲ੍ਹਾ ਗੁਰਦਾਸਪੁਰ ਵਿੱਚ ਸਰਕਾਰੀ ਅਤੇ ਅਰਧ-ਸਰਕਾਰੀ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਅੱਧੇ ਦਿਨ ਦੀ ਛੁੱਟੀ ਕਰਨ ਦਾ ਫੈਸਲਾ ਲਿਆ ਗਿਆ। ਹੁਕਮਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਸ) ਅਤੇ (ਪ) ਗੁਰਦਾਸਪੁਰ ਨੂੰ ਇਹ ਹੁਕਮ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਤੁਰੰਤ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।