Punjab Politics: ਹਰਸਿਮਰਤ ਬਾਦਲ ਦੀ ਅਗਵਾਈ ’ਚ ਇਸਤਰੀ ਅਕਾਲੀ ਦਲ ਦਾ ਚੰਡੀਗੜ੍ਹ ’ਚ ਰੋਸ, ਪੁਲੀਸ ਨੇ ਵਰਕਰਾਂ ਨੂੰ ਹਿਰਾਸਤ ’ਚ ਲਿਆ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਇਸਤਰੀ ਅਕਾਲੀ ਦਲ ਦੀਆਂ ਵੱਡੀ ਗਿਣਤੀ ਵਰਕਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਮਾਰਚ ਕੀਤਾ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਸੈਕਟਰ-28 ਸਥਿਤ ਅਕਾਲੀ ਦਲ ਦੇ ਦਫ਼ਤਰ ਤੋਂ ਕੁਝ ਦੂਰੀ ’ਤੇ ਹੀ ਬੈਰੀਕੇਡ ਲਗਾ ਕੇ ਰੋਕ ਦਿੱਤਾ।
ਹਰਸਿਮਰਤ ਕੌਰ ਬਾਦਲ, ਵਿਧਾਇਕਾ ਗਨੀਵ ਕੌਰ ਮਜੀਠੀਆ ਅਤੇ ਹੋਰ ਅਕਾਲੀ ਆਗੂਆਂ ਤੇ ਵਰਕਰਾਂ ਨੇ ਬੈਰੀਕੇਡ ਪਾਰ ਕਰਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਥਿਤੀ ਨੂੰ ਦੇਖਦਿਆਂ ਪੁਲੀਸ ਨੇ ਕਈ ਅਕਾਲੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਪ੍ਰਦਰਸ਼ਨ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਸੂਬਾ ਸਰਕਾਰ ’ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਦਫ਼ਤਰ ਭ੍ਰਿਸ਼ਟਾਚਾਰ ਦਾ ਕੇਂਦਰ ਬਣ ਗਿਆ ਹੈ ਅਤੇ ਜਬਰ-ਜਨਾਹ ਵਰਗੇ ਮਾਮਲਿਆਂ ਨੂੰ ਕਥਿਤ ਤੌਰ ’ਤੇ ਕਰੋੜਾਂ ਰੁਪਏ ਦੇ ਲੈਣ-ਦੇਣ ਰਾਹੀਂ ਰਫ਼ਾ-ਦਫ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਅਕਾਲੀ ਆਗੂ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਔਰਤਾਂ ਦੀ ਸੁਰੱਖਿਆ ਅਤੇ ਸਨਮਾਨ ਦੇ ਮੁੱਦੇ ’ਤੇ ਗੰਭੀਰ ਨਹੀਂ ਹੈ ਅਤੇ ਕਥਿਤ ਤੌਰ ’ਤੇ ਜਬਰ-ਜਨਾਹ ਦੇ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਨ੍ਹਾਂ ਦੋਸ਼ਾਂ ’ਤੇ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ।
ਹਰਸਿਮਰਤ ਕੌਰ ਬਾਦਲ ਨੇ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਨਿਰਪੱਖ ਜਾਂਚ ਰਾਹੀਂ ਸੱਚਾਈ ਲੋਕਾਂ ਦੇ ਸਾਹਮਣੇ ਆਉਣੀ ਚਾਹੀਦੀ ਹੈ।
ਇਸ ਮੌਕੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਅਤੇ ਗਨੀਵ ਕੌਰ ਮਜੀਠੀਆ ਨੇ ਵੀ ਸੰਬੋਧਨ ਕੀਤਾ। ਦੋਵਾਂ ਆਗੂਆਂ ਨੇ ਔਰਤਾਂ ਨਾਲ ਜੁੜੇ ਮੁੱਦਿਆਂ ’ਤੇ ਲੋਕਾਂ ਨੂੰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ।







