ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ, ਪੰਜਾਬ ਵਿੱਚ ਮਚੀ ਹਲਚਲ

ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਉਪਰੰਤ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਪੱਧਰ ’ਤੇ ਸੀਸੀਟੀਵੀ ਫੁਟੇਜ ਦੀ ਜਾਂਚ ਕਰਨ ਦੌਰਾਨ 12 ਅਗਸਤ ਦੀ ਰਾਤ ਕਰੀਬ 11:04 ਵਜੇ ਇੱਕ ਸ਼ੱਕੀ ਆਵਾਜ਼ ਸੁਣਾਈ ਦਿੰਦੀ ਹੈ, ਜਿਸ ਵੱਲ ਉੱਥੇ ਤਾਇਨਾਤ ਪਹਿਰੇਦਾਰ ਦਾ ਧਿਆਨ ਵੀ ਜਾਂਦਾ ਹੈ। ਫੁਟੇਜ ਵਿੱਚ ਇੱਕ ਨੌਜਵਾਨ ਲਾਲ ਰੰਗ ਦੀ ਟੀ-ਸ਼ਰਟ ਪਹਿਨੇ ਹੋਏ ਨਜ਼ਰ ਆ ਰਿਹਾ ਹੈ, ਜੋ ਚੌਂਕ ਵਿੱਚ ਘੁੰਮਦਾ ਅਤੇ ਮੋਬਾਈਲ ਫੋਨ ’ਤੇ ਗੱਲ ਕਰਦਾ ਦਿਖਾਈ ਦਿੰਦਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਘਟਨਾ ਤੋਂ ਪਹਿਲਾਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਧਮਕੀ ਜਾਂ ਥ੍ਰੈਟ ਕਾਲ ਨਹੀਂ ਮਿਲੀ ਸੀ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਕੜਾ ਕੀਤਾ ਗਿਆ ਹੈ, ਫਿਰ ਵੀ ਅਜਿਹੀ ਘਟਨਾ ਦਾ ਵਾਪਰਨਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ।

ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਘਟਨਾ ਦੀ ਤਿੱਖੀ ਨਿੰਦਾ ਕੀਤੀ ਹੈ। ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਨਿਵਾਸ ਸਥਾਨ ਨੇੜੇ ਫਾਇਰਿੰਗ ਦੀ ਘਟਨਾ ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਵਧ ਰਹੀਆਂ ਅਜਿਹੀਆਂ ਵਾਰਦਾਤਾਂ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਰਹੀਆਂ ਹਨ।

ਰੰਧਾਵਾ ਨੇ ਪੁਲੀਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਫੌਰੀ, ਨਿਰਪੱਖ ਅਤੇ ਵਿਸਥਾਰਪੂਰਵਕ ਜਾਂਚ ਕਰਕੇ ਦੋਸ਼ੀਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ।