ਪੰਜਾਬ ਵਾਸੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਲਈ ਮੌਸਮ ਦੀ ਤਾਜ਼ਾ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਇਸ ਮੁਤਾਬਕ 2 ਸਤੰਬਰ ਤੋਂ ਪੰਜਾਬ ਵਿੱਚ ਮਾਨਸੂਨ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।
1 ਸਤੰਬਰ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮੋਗਾ, ਮਾਨਸਾ, ਬਰਨਾਲਾ, ਸੰਗਰੂਰ, ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
2 ਸਤੰਬਰ ਤੋਂ ਮਾਨਸੂਨ ਦੀ ਸਰਗਰਮੀ ਵਧੇਗੀ। ਇਸ ਦਿਨ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਜਲੰਧਰ, ਕਪੂਰਥਲਾ, ਲੁਧਿਆਣਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸਮੇਤ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
3 ਅਤੇ 4 ਸਤੰਬਰ ਨੂੰ ਭਾਰੀ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ 3 ਅਤੇ 4 ਸਤੰਬਰ ਨੂੰ ਮੀਂਹ ਦਾ ਦਾਇਰਾ ਹੋਰ ਵਧ ਸਕਦਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕਈ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਇਸ ਦੇ ਨਾਲ ਹੀ ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਤੋਂ ਇਲਾਵਾ ਮਾਲਵਾ ਖੇਤਰ ਦੇ ਬਠਿੰਡਾ, ਮਾਨਸਾ, ਮੁਕਤਸਰ, ਫਰੀਦਕੋਟ ਅਤੇ ਫਿਰੋਜ਼ਪੁਰ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੀਂਹ ਪੈਣ ਨਾਲ ਪੰਜਾਬ ਦੇ ਲੋਕਾਂ ਨੂੰ ਚੱਲ ਰਹੀ ਗਰਮੀ ਤੋਂ ਕਾਫ਼ੀ ਰਾਹਤ ਮਿਲਣ ਦੀ ਉਮੀਦ ਹੈ।






