Punjab Education Alert: 1,000 ਵੋਕੇਸ਼ਨਲ ਟਰੇਨਰਾਂ ਦੀ ਭਰਤੀ ਦਾ ਦਾਅਵਾ ਫਰਜ਼ੀ, ਸਿੱਖਿਆ ਵਿਭਾਗ ਵੱਲੋਂ ਚਿਤਾਵਨੀ
ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵੋਕੇਸ਼ਨਲ ਟਰੇਨਰਾਂ ਦੀਆਂ ਖਾਲੀ ਅਸਾਮੀਆਂ ਭਰਨ ਦੇ ਨਾਂ ’ਤੇ ਸੋਸ਼ਲ ਮੀਡੀਆ ਅਤੇ ਵਟਸਐਪ ’ਤੇ ਵਾਇਰਲ ਹੋ ਰਹੇ ਫਰਜ਼ੀ ਇਸ਼ਤਿਹਾਰਾਂ ਤੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਡਾਇਰੈਕਟਰ ਜਨਰਲ ਸਕੂਲ ਸਿੱਖਿਆ-ਕਮ-ਸਟੇਟ ਪ੍ਰੋਜੈਕਟ ਡਾਇਰੈਕਟਰ, ਸਿੱਖਿਆ ਭਵਨ ਪੰਜਾਬ ਦੇ ਦਫ਼ਤਰ ਵੱਲੋਂ ਇਸ ਸਬੰਧੀ ਇੱਕ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।
ਵਿਭਾਗ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ) ਨੂੰ ਭੇਜੇ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਵਿਭਾਗ ਜਾਂ ਨਿੱਜੀ ਕੰਪਨੀਆਂ ਦੇ ਨਾਂ ’ਤੇ ਕੁਝ ਅਜਿਹੇ ਇਸ਼ਤਿਹਾਰ ਅਤੇ ਸੂਚੀਆਂ ਵੱਡੇ ਪੱਧਰ ’ਤੇ ਪ੍ਰਸਾਰਿਤ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਸਰਕਾਰੀ ਸਕੂਲਾਂ ਲਈ 1,000 ਵੋਕੇਸ਼ਨਲ ਟਰੇਨਰਾਂ ਦੀ ਭਰਤੀ ਦਾ ਦਾਅਵਾ ਕੀਤਾ ਗਿਆ ਹੈ।
ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਕਿ ਸੋਸ਼ਲ ਮੀਡੀਆ ’ਤੇ ਚੱਲ ਰਹੇ ਇਹ ਇਸ਼ਤਿਹਾਰ ਅਤੇ ਸੂਚੀਆਂ ਪੂਰੀ ਤਰ੍ਹਾਂ ਫਰਜ਼ੀ ਹਨ। ਇਹ ਨਾ ਤਾਂ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ ਅਤੇ ਨਾ ਹੀ ਵਿਭਾਗ ਨਾਲ ਸਬੰਧਤ ਕਿਸੇ ਆਊਟਸੋਰਸ ਏਜੰਸੀ ਵੱਲੋਂ ਇਨ੍ਹਾਂ ਨੂੰ ਜਾਰੀ ਕੀਤਾ ਗਿਆ ਹੈ।
ਨੌਕਰੀ ਦੇ ਨਾਂ ’ਤੇ ਠੱਗੀ ਤੋਂ ਬਚਣ ਦੀ ਅਪੀਲ
ਵਿਭਾਗ ਨੇ ਲੋਕਾਂ ਅਤੇ ਸਬੰਧਤ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਇਸ਼ਤਿਹਾਰਾਂ ਜਾਂ ਫਰਜ਼ੀ ਸੂਚੀਆਂ ’ਤੇ ਭਰੋਸਾ ਨਾ ਕਰਨ ਅਤੇ ਨਾ ਹੀ ਇਨ੍ਹਾਂ ਨੂੰ ਅੱਗੇ ਸਾਂਝਾ ਜਾਂ ਪ੍ਰਚਾਰਿਤ ਕਰਨ। ਖ਼ਾਸ ਤੌਰ ’ਤੇ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਨੂੰ ਅਜਿਹੇ ਲੋਕਾਂ ਤੋਂ ਸੁਚੇਤ ਰਹਿਣ ਲਈ ਕਿਹਾ ਗਿਆ ਹੈ ਜੋ ਭਰਤੀ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ ਠੱਗੀ ਕਰ ਸਕਦੇ ਹਨ।
ਐਡਵਾਇਜ਼ਰੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇ ਕਿਸੇ ਵਿਅਕਤੀ ਵੱਲੋਂ ਅਜਿਹੇ ਫਰਜ਼ੀ ਇਸ਼ਤਿਹਾਰਾਂ ਦੇ ਆਧਾਰ ’ਤੇ ਭਰਤੀ ਕਰਵਾਉਣ ਜਾਂ ਨੌਕਰੀ ਦਿਵਾਉਣ ਦਾ ਦਾਅਵਾ ਕੀਤਾ ਜਾਂਦਾ ਹੈ ਤਾਂ ਉਸ ’ਤੇ ਭਰੋਸਾ ਨਾ ਕੀਤਾ ਜਾਵੇ। ਅਜਿਹੇ ਸ਼ੱਕੀ ਵਿਅਕਤੀਆਂ ਸਬੰਧੀ ਉਪਲਬਧ ਪੂਰੀ ਜਾਣਕਾਰੀ ਸਿੱਖਿਆ ਵਿਭਾਗ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ ਗਈ ਹੈ।
ਫਰਜ਼ੀ ਸਕੂਲਾਂ ਦੀ ਸੂਚੀ ਵੀ ਕੀਤੀ ਗਈ ਨੱਥੀ
ਵਿਭਾਗ ਵੱਲੋਂ ਜਾਰੀ ਪੱਤਰ ਦੇ ਨਾਲ ਕਥਿਤ ਫਰਜ਼ੀ ਇਸ਼ਤਿਹਾਰ ਦੀ ਇੱਕ ਕਾਪੀ ਵੀ ਨੱਥੀ ਕੀਤੀ ਗਈ ਹੈ। ਇਸ ਦੇ ਨਾਲ ਸਰਕਾਰੀ ਸਕੂਲਾਂ ਦੀ ਇੱਕ ਫਰਜ਼ੀ ਸੂਚੀ ਵੀ ਸ਼ਾਮਲ ਹੈ, ਜਿਸ ਵਿੱਚ ਵੋਕੇਸ਼ਨਲ ਟਰੇਨਰਾਂ ਦੀਆਂ ਕਥਿਤ ਖਾਲੀ ਅਸਾਮੀਆਂ ਦਰਸਾਈਆਂ ਗਈਆਂ ਹਨ।
ਸਿੱਖਿਆ ਵਿਭਾਗ ਨੇ ਕਿਹਾ ਕਿ ਇਹ ਐਡਵਾਇਜ਼ਰੀ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਠੱਗੀ ਦਾ ਸ਼ਿਕਾਰ ਹੋਣ ਤੋਂ ਬਚਾਉਣ ਦੇ ਉਦੇਸ਼ ਨਾਲ ਜਾਰੀ ਕੀਤੀ ਗਈ ਹੈ।






