ਸੀਬੀਆਈ ਟੀਮ ਦਾ ਸਵਾਗਤ ਕਰਨਾ ਪਿਆ ਮਹਿੰਗਾ, ਸੰਗਰੂਰ ਦੇ ਐੱਸਐੱਚਓ ਮੁਅੱਤਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਦੀ ਸੰਗਰੂਰ ਜ਼ਿਲ੍ਹੇ ਦੇ ਪਿੰਡ ਘਰਾਚੋਂ ਸਥਿਤ ਰਿਹਾਇਸ਼ ’ਤੇ ਸੀਬੀਆਈ ਵੱਲੋਂ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਸੰਗਰੂਰ ਵਿੱਚ ਸਿਆਸੀ ਅਤੇ ਪ੍ਰਸ਼ਾਸਨਿਕ ਹਲਚਲ ਤੇਜ਼ ਹੋ ਗਈ ਹੈ। ਸੀਬੀਆਈ ਟੀਮ ਦੇ ਪਿੰਡ ਪਹੁੰਚਣ ’ਤੇ ਕੁਝ ਲੋਕਾਂ ਵੱਲੋਂ ਫੁੱਲਾਂ ਨਾਲ ਸਵਾਗਤ ਕਰਨ ਅਤੇ ਮਠਿਆਈ ਵੰਡਣ ਦੀ ਘਟਨਾ ਤੋਂ ਕੁਝ ਹੀ ਸਮੇਂ ਬਾਅਦ ਸੰਗਰੂਰ ਪੁਲੀਸ ਨੇ ਇੱਕ ਐੱਸਐੱਚਓ ਨੂੰ ਮੁਅੱਤਲ ਕਰ ਦਿੱਤਾ। ਇਸ ਦੇ ਨਾਲ ਹੀ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਵੀ ਜਾਣਕਾਰੀ ਹੈ।

ਇਹ ਕਾਰਵਾਈ ਉਸ ਸਮੇਂ ਹੋਈ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਸੰਗਰੂਰ ਦੌਰੇ ’ਤੇ ਸਨ। ਮਾਮਲਾ ਇਸ ਲਈ ਵੀ ਚਰਚਾ ਵਿੱਚ ਆ ਗਿਆ ਕਿਉਂਕਿ ਵਿਰੋਧੀ ਧਿਰਾਂ ਨਾਲ ਸਬੰਧਤ ਦੱਸੇ ਜਾ ਰਹੇ ਕੁਝ ਵਰਕਰਾਂ ਨੇ ਸੀਬੀਆਈ ਦੀ ਕਾਰਵਾਈ ਦਾ ਖੁੱਲ੍ਹ ਕੇ ਸਵਾਗਤ ਕੀਤਾ ਸੀ। ਪੁਲੀਸ ਨੇ ਮੰਗਲਵਾਰ ਸ਼ਾਮ ਨੂੰ ਸੀਬੀਆਈ ਦੀ ਗੱਡੀ ’ਤੇ ਫੁੱਲਾਂ ਦੀ ਵਰਖਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ।

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਡਿਊਟੀ ਵਿੱਚ ਕਥਿਤ ਲਾਪਰਵਾਹੀ ਦੇ ਦੋਸ਼ ਹੇਠ ਐੱਸਐੱਚਓ ਯਸ਼ਪਾਲ ਸ਼ਰਮਾ ਨੂੰ ਮੁਅੱਤਲ ਕੀਤਾ ਗਿਆ ਹੈ। ਅਧਿਕਾਰੀ ਮੁਤਾਬਕ ਮੁੱਖ ਮੰਤਰੀ ਦੇ ਸੰਗਰੂਰ ਦੌਰੇ ਨੂੰ ਧਿਆਨ ਵਿੱਚ ਰੱਖਦਿਆਂ ਘਰਾਚੋਂ ਤੋਂ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਦੱਸਣਯੋਗ ਹੈ ਕਿ ਰਾਜਬੀਰ ਸਿੰਘ ਘੁੰਮਣ ਦੀ ਘਰਾਚੋਂ ਸਥਿਤ ਰਿਹਾਇਸ਼ ’ਤੇ ਸੀਬੀਆਈ ਦੀ ਤਲਾਸ਼ੀ ਮੰਗਲਵਾਰ ਸ਼ਾਮ ਨੂੰ ਸ਼ੁਰੂ ਹੋਈ ਸੀ। ਸੀਬੀਆਈ ਨੇ ਇਸੇ ਜਾਂਚ ਤਹਿਤ ਚੰਡੀਗੜ੍ਹ ਦੇ ਸੈਕਟਰ-2 ਸਥਿਤ ਉਸ ਕੋਠੀ ਦੀ ਵੀ ਤਲਾਸ਼ੀ ਲਈ, ਜਿਸ ਨੂੰ ਮੁੱਖ ਮੰਤਰੀ ਦਾ ਕੈਂਪ ਦਫ਼ਤਰ ਵਜੋਂ ਵਰਤਿਆ ਜਾਂਦਾ ਹੈ ਅਤੇ ਜਿੱਥੇ ਰਾਜਬੀਰ ਸਿੰਘ ਘੁੰਮਣ ਦੇ ਰਹਿਣ ਦੀ ਗੱਲ ਸਾਹਮਣੇ ਆਈ ਹੈ।

ਇਸ ਤੋਂ ਇਲਾਵਾ ਸੀਬੀਆਈ ਟੀਮਾਂ ਵੱਲੋਂ ਮੁਹਾਲੀ, ਗੁਰਦਾਸਪੁਰ, ਲੁਧਿਆਣਾ, ਪਟਿਆਲਾ ਅਤੇ ਜਲੰਧਰ ਵਿੱਚ ਵੀ ਮਾਮਲੇ ਨਾਲ ਸਬੰਧਤ ਹੋਰ ਵਿਅਕਤੀਆਂ ਦੇ ਟਿਕਾਣਿਆਂ ’ਤੇ ਤਲਾਸ਼ੀ ਲਈ ਗਈ। ਸੀਬੀਆਈ ਦੀ ਇਸ ਕਾਰਵਾਈ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਵੀ ਮਾਮਲਾ ਕਾਫ਼ੀ ਗਰਮਾ ਗਿਆ ਹੈ।