ਜਲੰਧਰ: ਜਲੰਧਰ ਵਿੱਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸਨੇ ਹਰ ਕਿਸੇ ਨੂੰ ਹਿਲਾ ਕੇ ਰੱਖ ਦਿੱਤਾ। ਇਹ ਹਾਦਸਾ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਅੱਡਾ ਰਾਏਪੁਰ ਰਸੂਲਪੁਰ ਦੇ ਨੇੜੇ ਵਾਪਰਿਆ, ਜਿੱਥੇ ਇੱਕ ਵਰਨਾ ਕਾਰ ਬੇਕਾਬੂ ਹੋ ਕੇ ਪਲਟ ਗਈ।
ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਪਲਟਣ ਤੋਂ ਬਾਅਦ ਉਸ ਦੇ ਪਰਖੱਚੇ ਉੱਡ ਗਏ। ਕਾਰ ਚਲਾ ਰਹੇ ਹਰਮਨਦੀਪ ਸਿੰਘ (ਉਮਰ 33 ਸਾਲ) ਵਾਸੀ ਬਾਂਸਲ ਗੈਸ ਏਜੰਸੀ, ਪਠਾਨਕੋਟ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਲਾਂਕਿ ਹਾਦਸੇ ਤੋਂ ਬਾਅਦ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਤੁਰੰਤ ਕੈਪੀਟਲ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਜਦੋਂ ਰਾਹਗੀਰਾਂ ਨੇ ਇਹ ਹਾਦਸਾ ਦੇਖਿਆ, ਤਾਂ ਤੁਰੰਤ ਥਾਣਾ ਮਕਸੂਦਾਂ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਐੱਸ.ਆਈ. ਰਜਿੰਦਰ ਸਿੰਘ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਭੇਜਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।